ਅਜੀਤ ਗਰੁੱਪ ਦੇ ਮੁੱਖ ਸੰਪਾਦਕ ’ਤੇ ਕਾਰਵਾਈ ਹੱਕ-ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਪਦਮ ਭੂਸ਼ਨ ਅਤੇ ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅਜੀਤ ਅਖ਼ਬਾਰ ਅਤੇ ਡਾ. ਹਮਦਰਦ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਹੁਕਮਰਾਨਾਂ ਵੱਲੋਂ ਵਿਜੀਲੈਂਸ ਨੂੰ ਨਿੱਜੀ ਹਥਿਆਰ ਵਾਂਗ ਵਰਤਿਆ ਜਾ ਰਿਹਾ ਹੈ। ਜਿਸ ਨੇ ਦੁਨੀਆਂ ਭਰ ਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਅੱਜ ਇੱਥੇ ਬਲਬੀਰ ਸਿੱਧੂ ਨੇ ਕਿਹਾ ਇਹ ਕਾਰਵਾਈ ਸੱਚੀ ਕਲਮ ਅਤੇ ਹੱਕ ਦੀ ਆਵਾਜ਼ ਨੂੰ ਦਬਾਉਣ ਦੀ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਪੰਜਾਬ ਵਿਚ ਇਹੋ ਜਿਹੀ ਬਦਲੇ ਦੀ ਰਾਜਨੀਤੀ ਕਦੇ ਨਹੀਂ ਹੋਈ। ਉਨ੍ਹਾਂ ਕਿਹਾ ‘‘ਸਾਨੂੰ ਇਹ ਵੀ ਯਕੀਨ ਹੈ ਕਿ ਅਜਿਹੀਆਂ ਸਾਜ਼ਿਸ਼ਾਂ ਪੰਜਾਬ ਦੀ ਜ਼ਮੀਰ ਅਤੇ ‘ਪੰਜਾਬ ਦੀ ਆਵਾਜ਼’ ਨੂੰ ਬੰਦ ਨਹੀਂ ਕਰ ਸਕਦੀਆਂ। ਸ੍ਰੀ ਸਿੱਧੂ ਨੇ ਡਾ. ਹਮਦਰਦ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੱਚੀ ਆਵਾਜ਼ ਦੱਸਦਿਆਂ ਕਿਹਾ ਕਿ ਪੱਤਰਕਾਰੀ ਅਤੇ ਸਮਾਜਿਕ ਜੀਵਨ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ, ਉਹ ਇਕ ਸੱਚੀ ਅਤੇ ਇਮਾਨਦਾਰ ਸ਼ਖ਼ਸੀਅਤ ਦੇ ਮਾਲਕ ਹਨ।
ਸ੍ਰੀ ਸਿੱਧੂ ਨੇ ਕਿਹਾ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਦ ਅਜੀਤ ਦੀ ਆਵਾਜ਼ ਨੂੰ ਦਬਾਇਆ ਗਿਆ, ਪਿਛਲੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਜੀਤ ਅਖ਼ਬਾਰ ਦੇ ਪੱਤਰਕਾਰਾਂ ਨੂੰ ਐਂਟਰੀ ਪਾਸ ਨਹੀਂ ਸੀ ਦਿੱਤੇ ਗਏ। ਜਿਸ ਨੂੰ ਹਾਈ ਕੋਰਟ ਵਿੱਚ ਚੈਲੇਂਜ ਕੀਤਾ ਗਿਆ ਸੀ ਅਤੇ ਅਦਾਲਤ ਦੇ ਕਹਿਣ ’ਤੇ ਪੱਤਰਕਾਰਾਂ ਨੂੰ ਪਾਸ ਜਾਰੀ ਹੋਏ ਸਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ।
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਭ ਤੋਂ ਪਹਿਲਾਂ ਅਜੀਤ ਅਖ਼ਬਾਰ ਦੇ ਇਸ਼ਤਿਹਾਰ ਬੰਦ ਕੀਤੇ ਗਏੇ। ਫਿਰ ਅਜੀਤ ਦੇ ਕਾਰਜਕਰਤਾਵਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਅਤੇ ਹੁਣ ਮੈਨੇਜਿੰਗ ਅਡੀਟਰ ਨੂੰ ਮਾਨਸ਼ਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਵਿੱਚ ਜੁਟ ਗਏ। ਇਹ ਬਦਲਾਖੋਰੀ ਦੀ ਰਾਜਨੀਤੀ ਦਾ ਸਿੱਖਰ ਹੈ ਅਤੇ ਲੋਕਤੰਤਰ ਵਿੱਚ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਉਸ ਦੀ ਆਜ਼ਾਦੀ ਖੋਹਣਾ ਲੋਕਤੰਤਰ ਦੀ ਹੱਤਿਆ ਦੇ ਬਰਾਬਰ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…