ਠੇਕੇਦਾਰ ਨੂੰ ਵਾਧੂ ਅਦਾਇਗੀ ਦੇਣ ਲਈ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਕਾਰਵਾਈ ਹੋਵੇ: ਭਾਜਪਾ ਆਗੂ

ਭਾਜਪਾ ਆਗੂ ਸੰਜੀਵ ਵਸ਼ਿਸ਼ਟ ਦੇ ਯਤਨਾਂ ਸਦਕਾ ਹਸਪਤਾਲ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ਦੀ ਆਸ ਬੱਝੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਦੇ ਯਤਨਾਂ ਸਦਕਾ ਸ਼ਹਿਰ ਦੇ ਮੱਧ ਫੇਜ਼-3ਬੀ1 ਵਿੱਚ ਬਣੇ ਕਮਿਊਨਿਟੀ ਹੈਲਥ ਸੈਂਟਰ ਦੀ ਉਸਾਰੀ ਦਾ ਕੰਮ ਜਲਦੀ ਮੁਕੰਮਲ ਹੋਣ ਦੀ ਆਸ ਬੱਝ ਗਈ ਹੈ। ਵਸ਼ਿਸ਼ਟ ਵੱਲੋਂ ਪਿਛਲੇ ਦਿਨੀਂ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਦੀ ਬਦਤਰ ਹਾਲਤ ਦਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਹਮਣੇ ਲਿਆਂਦਾ ਗਿਆ ਸੀ। ਜਿਸ ਦੇ ਚੱਲਦਿਆਂ ਮੰਗਲਵਾਰ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਕਸੀਅਨ ਅਤੇ ਠੇਕੇਦਾਰ ਨੂੰ ਮੌਕੇ ’ਤੇ ਸੱਦਿਆ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਵਸ਼ਿਸ਼ਟ ਨੇ ਮੁਹਾਲੀ ਪ੍ਰਸ਼ਾਸਨ ਖਾਸ ਕਰਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੌਰੇ ਤੋਂ ਬਾਅਦ ਪੂਰੀ ਉਮੀਦ ਹੈ ਕਿ ਹੁਣ ਇਸ ਸਿਹਤ ਸੰਸਥਾ ਦੀ ਉਸਾਰੀ ਦਾ ਪੈਂਡਿੰਗ ਪਿਆ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਲੋਕਾਂ ਨੂੰ ਇਸ ਤੋਂ ਕਾਫੀ ਰਾਹਤ ਮਿਲੇਗੀ ਅਤੇ ਬਿਹਤਰ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।
ਭਾਜਪਾ ਆਗੂ ਨੇ ਡੀਸੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਹਸਪਤਾਲ ਦੀ ਉਸਾਰੀ ਦੇ ਕੰਮ ਲਈ ਠੇਕੇਦਾਰ ਨੂੰ ਕੀਤੇ ਕੰਮ ਨਾਲੋਂ ਵੱਧ ਪੈਸੇ ਦਿੱਤੇ ਗਏ ਹਨ। ਇਸ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਸਾਰਾ ਕੰਮ ਮੁਕੰਮਲ ਹੋਣ ਤੋਂ ਪਹਿਲਾਂ ਕੋਈ ਵਾਧੂ ਅਦਾਇਗੀ ਨਾ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰ ਨੂੰ ਵੱਧ ਅਦਾਇਗੀ ਦੇਣ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸ੍ਰੀ ਵਸ਼ਿਸ਼ਟ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਦਾ ਮੁੱਦਾ ਮੀਡੀਆ ਵਿੱਚ ਚੁੱਕਿਆ ਸੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …