ਗੁਟਕਾ ਸਾਹਿਬ ਦੀ ਬੇਅਦਬੀ ਕਰਨ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕਰਨ ਵਾਲੇ ਖ਼ਿਲਾਫ਼ ਕਾਰਵਾਈ ਮੰਗੀ

ਐਸਜੀਪੀਸੀ ਮੈਂਬਰ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ

ਸਿੱਖ ਧਰਮ ਵਿਰੁੱਧ ਅਜਿਹੀਆਂ ਘਿਣਾਉਣੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕਰਾਂਗੇ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਨੇ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਵੀਡੀਓ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਅਤੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਗੁਰਬਖ਼ਸ਼ ਸਿੰਘ ਨੇ ਐੱਸਐੱਸਪੀ ਨੂੰ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਵੀਡੀਓ ਵਿੱਚ ਦਿਖਾਈ ਦੇ ਰਹੇ ਉਕਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਅਕਾਲੀ ਆਗੂਆਂ ਨੇ ਸ਼ਿਕਾਇਤ ਵਿੱਚ ਕਿਹਾ ਕਿ ਇੱਕ ਆਦਮੀ (ਵੈਟਸਐਪ ਨੰਬਰ +4915218463548 ਹੈ) ਵੱਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਅਪਲੋਡ ਕਰਕੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ ਅਤੇ ਵੀਡੀਓ ਵਿੱਚ ਇਹ ਵਿਅਕਤੀ ਸਿੱਖ ਕੌਮ ਪ੍ਰਤੀ ਬਹੁਤ ਗਲਤ ਸ਼ਬਦਾਵਲੀ ਵਰਤਦਿਆਂ ਸ਼ਰ੍ਹੇਆਮ ਧਮਕੀ ਦੇ ਰਿਹਾ ਹੈ ਕਿ ਉਹ 15 ਦਿਨਾਂ ਬਾਅਦ ਫਿਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਵੇਗਾ।
ਆਗੂਆਂ ਨੇ ਕਿਹਾ ਕਿ ਇਸ ਕਾਰਵਾਈ ਨਾਲ ਸਿੱਖਾਂ ਦੇ ਹਿਰਦੇ ਵਲੰੂਧਦੇ ਗਏ ਹਨ ਅਤੇ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੁਲੀਸ ਮੁਖੀ ਨੂੰ ਸ਼ਿਕਾਇਤ ਦੇ ਕੇ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ ਤਾਂ ਜੋ ਉਸ ਨੂੰ ਹੋਰ ਬੇਅਦਬੀ ਕਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਪੁਲੀਸ ਨੇ ਬੇਅਦਬੀ ਦੀ ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਕੇ ਉਸ ਦੇ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਤਾਂ ਸਿੱਖ ਸੰਗਤ, ਸਮਾਜਿਕ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਗੇ।
ਇਸ ਮੌਕੇ ਪੱਤਰਕਾਰਾਂ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਸ ਵਿਅਕਤੀ ਵੱਲੋਂ ਕੀਤੀ ਗਈ ਇਹ ਕਾਰਵਾਈ ਬਿਲਕੁਲ ਬਰਦਾਸ਼ਤ ਯੋਗ ਨਹੀਂ ਹੈ ਅਤੇ ਸਿੱਖ ਕੌਮ ਇਸ ਦਾ ਮੂੰਹ ਤੋੜ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਉਸ ਦਾ ਪਤਾ ਲਗਾ ਕੇ ਉਸ ਨੂੰ ਤੁਰੰਤ ਕਾਬੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਸ ਦੀਆਂ ਅਜਿਹੀਆਂ ਕਾਰਵਾਈਆਂ ’ਤੇ ਰੋਕ ਲਗਾਏ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …