
ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖਰਾ ਨਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਤੇਜ਼
ਨਗਰ ਨਿਗਮ ਦੀ ਟੀਮ ਨੇ ਸ਼ਹਿਰ ਵਿੱਚ 2 ਹਜ਼ਾਰ ਘਰਾਂ ਦੀ ਚੈਕਿੰਗ, 29 ਲੋਕਾਂ ਦੇ ਚਲਾਨ ਕੱਟੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਮੁਹਾਲੀ ਨਗਰ ਨਿਗਮ ਵੱਲੋਂ ਸੁੱਕਾ ਤੇ ਗਿੱਲਾ ਕੂੜਾ ਵੱਖੋ ਵੱਖਰਾ ਕਰਨ ਲਈ ਸੋਲਿਡ ਵੇਸਟ ਰੂਲ-2019 ਨੂੰ ਸ਼ਹਿਰ ਵਿੱਚ ਸਖ਼ਤੀ ਨਾਲ ਲਾਗੂ ਕਰਨ ਦਾ ਬੀੜਾ ਚੁੱਕਿਆ ਹੈ। ਨਿਗਮ ਦੇ ਸਕੱਤਰ ਰੰਜੀਵ ਕੁਮਾਰ ਨੇ ਦੱਸਿਆ ਕਿ 31 ਮਾਰਚ ਤੱਕ 100 ਫੀਸਦੀ ਟੀਚਾ ਮੁਕੰਮਲ ਕਰਨ ਲਈ ਸ਼ਹਿਰ ਵਾਸੀਆਂ ਨੂੰ ਪਿਛਲੇ ਕਾਫੀ ਸਮੇਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ, ਪ੍ਰੰਤੂ ਜ਼ਿਆਦਾਤਰ ਸ਼ਹਿਰ ਵਾਸੀ ਗਿੱਲ ਤੇ ਸੁੱਕਾ ਕੂੜਾ ਵੱਖੋ-ਵੱਖਰਾ ਲਈ ਸਹਿਯੋਗ ਨਹੀਂ ਦੇ ਰਹੇ ਹਨ। ਜਿਸ ਕਾਰਨ ਨਗਰ ਨਿਗਮ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਸਕੱਤਰ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਵਿੱਚ ਕਰੀਬ ਦੋ ਹਜ਼ਾਰ ਘਰਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 29 ਵਿਅਕਤੀਆਂ ਦੇ ਚਲਾਨ ਕੱਟ ਕੇ ਕਰੀਬ 32 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਇਸੇ ਦੌਰਾਨ ਅੱਜ ਇੱਥੋਂ ਦੇ ਫੇਜ਼-1 ਦੇ ਐਚਈ ਬਲਾਕ ਵਿੱਚ ਅੱਜ ਨਗਰ ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਹਰਬੰਤ ਸਿੰਘ ਦੀ ਅਗਵਾਈ ਹੇਠ ਘਰਾਂ ਦੀ ਜਾਂਚ ਕੀਤੀ ਗਈ ਅਤੇ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖਰਾ ਨਾ ਕਰਨ ਵਾਲੇ ਤਿੰਨ ਵਿਅਕਤੀਆਂ ਦੇ ਚਲਾਨ ਕੀਤੇ ਗਏ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਮੁਹਾਲੀ ਨਿਗਮ ਦੀ ਟੀਮ ਵੱਲੋਂ ਕੀਤੇ ਜਾ ਰਹੇ ਚਲਾਨਾਂ ਦਾ ਵਿਰੋਧ ਕੀਤਾ ਗਿਆ ਅਤੇ ਕਿਹਾ ਗਿਆ ਕਿ ਚਲਾਨ ਕੱਟਣ ਤੋਂ ਪਹਿਲਾਂ ਉਨ੍ਹਾਂ ਨੂੰ ਪੂਰੀ ਨੂੰ ਜਾਣਕਾਰੀ ਦਿੱਤੀ ਜਾਵੇ। ਦੂਜੇ ਪਾਸੇ ਨਗਰ ਨਿਗਮ ਦੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਇਸ ਸਬੰਧੀ ਲੋਕਾਂ ਨੂੰ ਕਾਫੀ ਸਮੇਂ ਤੋਂ ਘਰ ਘਰ ਜਾ ਕੇ ਜਾਗਰੂਕ ਕੀਤਾ ਗਿਆ ਹੈ। ਇਸ ਮੌਕੇ ਸੈਨੇਟਰੀ ਸੁਪਰਵਾਈਜ਼ਰ ਜ਼ੋਰਾਵਰ ਸਿੰਘ, ਨਿਗਮ ਕਰਮਚਾਰੀ ਇੰਦਰਜੀਤ ਵਿਰਕ ਵੀ ਮੌਜੂਦ ਸਨ।