
ਦਿੱਲੀ ਚੱਲੋ ਮੁਹਿੰਮ ਦੇ ਕਾਰਕੁਨਾਂ ਵੱਲੋਂ ਲਾਲ ਬੱਤੀ ਚੌਕ ’ਤੇ ਭੁੱਖ-ਹੜਤਾਲ
ਬੁੱਧੀਜੀਵੀ ਵਰਗ ਅਤੇ ਵੱਖ-ਵੱਖ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੀ ਸ਼ਮੂਲੀਅਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਲੜੀਵਾਰ ਕਿਸਾਨ ਅੰਦੋਲਨ ਦੇ ਹੱਕ ਵਿੱਚ ਅੱਜ ਦਿੱਲੀ ਚੱਲੋ ਮੁਹਿੰਮ ਦੇ ਕਾਰਕੁਨਾਂ ਨੇ ਕਿਸਾਨ ਜਥੇਬੰਦੀਆਂ ਦੀ ਅਪੀਲ ’ਤੇ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਚੌਕ ’ਤੇ ਭੁੱਖ-ਹੜਤਾਲ ਕੀਤੀ ਗਈ ਅਤੇ ਦੇਸ਼ ਦੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿੱਚ ਬੁੱਧੀਜੀਵੀ ਵਰਗ ਅਤੇ ਵੱਖ-ਵੱਖ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਮੂਲੀਅਤ ਕੀਤੀ।
ਇਸ ਮੌਕੇ ਅਖੰਡ ਕੀਰਤਨੀ ਜਥਾ ਦੇ ਮੁੱਖ ਸੇਵਾਦਾਰ ਭਾਈ ਆਰਪੀ ਸਿੰਘ, ਅੰਤਰਰਾਸ਼ਟਰੀ ਪੁਆਧੀ ਮੰਚ ਦੇ ਮੈਂਬਰਾਂ ਗੁਰਪ੍ਰੀਤ ਸਿੰਘ ਨਿਆਮੀਆਂ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਆਪ ਆਗੂ ਗੁਰਿੰਦਰ ਸਿੰਘ ਕੈਰੋਂ, ਐਡਵੋਕੇਟ ਅਮਰਦੀਪ ਕੌਰ, ਪ੍ਰੋ. ਮੇਹਰ ਸਿੰਘ ਮੱਲ੍ਹੀ, ਗਗਨਪ੍ਰੀਤ ਸਿੰਘ ਬੈਂਸ, ਜ਼ਿਲ੍ਹਾ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਸਿੱਧੂ, ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਕੇਵਲ ਸਿੰਘ ਰਾਣਾ, ਤਰਵਿੰਦਰ ਸਿੰਘ ਬੈਨੀਪਾਲ, ਜਸਵੀਰ ਜੱਸੀ, ਮਨਜੀਤ ਸਿੰਘ ਬੈਂਸ, ਪਰਮਜੀਤ ਸਿੰਘ ਪੰਮਾਂ, ਸਤਨਾਮ ਸਿੰਘ ਸੰਧੂ, ਗੁਰਮੇਜ ਸਿੰਘ ਕਾਹਲੋਂ, ਮੋਹਨ ਸਿੰਘ ਅਤੇ ਹੋਰ ਕਾਫੀ ਲੋਕ ਅੱਜ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ ਦੋ ਵਜੇ ਤੱਕ ਭੁੱਖ-ਹੜਤਾਲ ’ਤੇ ਬੈਠੇ। ਇਨ੍ਹਾਂ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਪੰਜਾਬ ’ਚੋਂ ਰੋਜ਼ਾਨਾ ਵੱਡੇ ਕਾਫ਼ਲੇ ਦਿੱਲੀ ਰਵਾਨਾ ਹੋਣਗੇ।
ਇਸ ਮੌਕੇ ਨਰਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵਾਪਰੀ ਘਟਨਾ ਦੀਆਂ ਤਸਵੀਰਾਂ ਨੂੰ ਤਰੋੜ-ਮਰੋੜ ਕੇ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੀ ਆੜ ਵਿੱਚ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ। ਜਿਸ ਨੂੰ ਕਿਸੇ ਵੀ ਕਿਸਮ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਅਗਲਾ ਪ੍ਰੋਗਰਾਮ ਉਲੀਕਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਵਾਲੀ ਸੰਗਤ ਨੂੰ ਕਿਸਾਨੀ ਝੰਡੇ ਵੀ ਮੁਫ਼ਤ ਵੰਡੇ ਜਾ ਰਹੇ ਹਨ।