
ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਰਾਘਵ ਚੱਢਾ ਨੂੰ ਕਾਲੀ ਦਿਖਾਈਆਂ ਝੰਡੀਆਂ, ਨਾਅਰੇਬਾਜ਼ੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਸਿੱਖ ਜਥੇਬੰਦੀ ਅਕਾਲ ਯੂਥ ਦੇ ਕਾਰਕੁਨਾਂ ਨੇ ਅੱਜ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਆਪ ਆਗੂ ਰਾਘਵ ਚੱਢਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਕਾਲ ਯੂਥ ਦੇ ਪ੍ਰਮੁੱਖ ਆਗੂ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਜਰੀਵਾਲ ਸਰਕਾਰ ਦਿੱਲੀ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਦੀ, ਉਦੋਂ ਤੱਕ ਆਮ ਆਦਮੀ ਪਾਰਟੀ ਦੇ ਪ੍ਰੋਗਰਾਮਾਂ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀ ਹਾਲੇ ਵੀ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਕੀਤੀ ਜਾਵੇ। ਉਨ੍ਹਾਂ ਕੇਜਰੀਵਾਲ ਨੂੰ ਸਿੱਖ ਵਿਰੋਧੀ ਦੱਸਦਿਆਂ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰੋ. ਭੁੱਲਰ ਅਤੇ ਹੋਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ ਹੈ। ਜਿਸ ਕਾਰਨ ਕੇਜਰੀਵਾਲ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਹੈ।
ਇਸ ਮੌਕੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ, ਭਾਈ ਗੁਰਿੰਦਰ ਸਿੰਘ ਮੁਹਾਲੀ, ਭਾਈ ਦਵਿੰਦਰ ਸਿੰਘ, ਭਾਈ ਪਵਨਦੀਪ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਇੰਦਰਵੀਰ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਗੁਰਦਿੱਤ ਸਿੰਘ, ਭਾਈ ਮਨਮੋਹਨ ਸਿੰਘ ਅਤੇ ਭਾਈ ਰਣਜੀਤ ਸਿੰਘ ਵੀ ਮੌਜੂਦ ਸਨ।
(ਬਾਕਸ ਆਈਟਮ)
ਭਾਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਫਤਹਿਗੜ੍ਹ ਸਾਹਿਬ ਤੋਂ ਗਵਰਨਰ ਹਾਊਸ ਤੱਕ ਕੀਤੇ ਇਨਸਾਫ਼ ਮਾਰਚ ਦੌਰਾਨ ਸਿੱਖ ਆਗੂਆਂ ਦੇ ਵਫ਼ਦ ਨੂੰ ਪੰਜਾਬ ਦੇ ਰਾਜਪਾਲ ਨੇ ਭਰੋਸਾ ਦਿੱਤਾ ਸੀ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਨਾਮਜ਼ਦ ਅਤੇ ਬੁੜੈਲ ਜੇਲ੍ਹ ਵਿੱਚ ਨਜ਼ਰਬੰਦ ਤਿੰਨ ਸਿੱਖ ਕੈਦੀਆਂ ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਨੂੰ ਜਲਦੀ ਰਿਹਾਅ ਕੀਤਾ ਜਾਵੇਗਾ ਪ੍ਰੰਤੂ ਕਈ ਦਿਨ ਬੀਤ ਜਾਣ ਦੇ ਬਾਵਜੂਦ ਕਾਰਵਾਈ ਅੱਗੇ ਨਹੀਂ ਤੁਰੀ। ਉਨ੍ਹਾਂ ਕਿਹਾ ਕਿ ਜਲਦੀ ਹੀ ਸਿੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੱਦ ਕੇ ਅਗਲੇ ਐਕਸ਼ਨ ਦੀ ਰੂਪਰੇਖਾ ਉਲੀਕੀ ਜਾਵੇਗੀ।………………………………