
ਏਡੀਸੀ ਜੈਨ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
ਸਰਕਾਰੀ ਕਾਲਜ ਫੇਜ਼-6 ਵਿੱਚ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਰੋਹ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਗਣਤੰਤਰ ਦਿਵਸ ਮੌਕੇ ਸਰਕਾਰੀ ਕਾਲਜ ਫੇਜ਼-6 ਵਿੱਚ ਹੋਣ ਵਾਲੇ ਸਮਾਰੋਹ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਜੈਨ ਨੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਉਹ ਸਮਾਰੋਹ ਤੋਂ ਪਹਿਲਾਂ ਸਾਰੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਮੁੱਖ ਮਹਿਮਾਨ ਵੱਲੋਂ ਤਿਰੰਗਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲੀਸ, ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀ.), ਐਨ.ਸੀ.ਸੀ. ਕੈਡੇਟ ਅਤੇ ਸਕੂਲੀ ਵਿਦਿਆਰਥੀ ਪਰੇਡ ਵਿੱਚ ਭਾਗ ਲੈਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਸਕੂਲੀ ਬੱਚੇ ਦੇਸ਼ ਭਗਤੀ ਦੇ ਵਿਸ਼ੇ ਉਤੇ ਆਧਾਰਤ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨਗੇ, ਜਿਸ ਪਿੱਛੋਂ ਇਨਾਮ ਵੰਡ ਸਮਾਰੋਹ ਨਾਲ ਸਮਾਗਮ ਦੀ ਸਮਾਪਤੀ ਹੋਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਹਰਸਲਾਂ ਮੁੱਖ ਸਮਾਰੋਹ ਤੋਂ ਹਫ਼ਤਾ ਪਹਿਲਾਂ ਸ਼ੁਰੂ ਹੋਣਗੀਆਂ, ਜਦੋਂ ਕਿ ਫੁੱਲ ਡ੍ਰੈੱਸ ਰਿਹਰਸਲ 24 ਜਨਵਰੀ ਨੂੰ ਕਰਵਾਈ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਤਿਆਰੀਆਂ ਲਈ ਬਿਹਤਰ ਤਾਲਮੇਲ ਯਕੀਨੀ ਬਣਾਉਣ ਉਤੇ ਜ਼ੋਰ ਦਿੱਤਾ। ਇਸ ਦੌਰਾਨ ਸਮਾਗਮ ਵਾਲੀ ਥਾਂ ਦੀ ਸਜਾਵਟ, ਬੈਠਣ ਦੇ ਪ੍ਰਬੰਧ, ਨਿਰਵਿਘਨ ਬਿਜਲੀ ਸਪਲਾਈ, ਬੈਰੀਕੇਡਿੰਗ, ਡਾਕਟਰੀ ਸਹਾਇਤਾ, ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਟਰਾਂਸਪੋਰਟੇਸ਼ਨ, ਪੀਣ ਵਾਲੇ ਪਾਣੀ ਅਤੇ ਸਫ਼ਾਈ ਵਰਗੇ ਮਸਲਿਆਂ ਉਤੇ ਡੂੰਘਾਈ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਰਿਫਰੈਸ਼ਮੈਂਟ, ਮੋਬਾਈਲ ਪਖਾਨਿਆਂ ਵਰਗੀਆਂ ਸਹੂਲਤਾਂ ਦੇ ਮਸਲੇ ਉਤੇ ਵਿਸ਼ੇਸ਼ ਤਵੱਜੋ ਦਿੱਤੀ ਗਈ।
ਮੀਟਿੰਗ ਵਿੱਚ ਐਸਪੀ ਹਰਵਿੰਦਰ ਸਿੰਘ ਵਿਰਕ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸੁਖਵਿੰਦਰ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ, ਤਹਿਸੀਲਦਾਰ ਸ੍ਰੀਮਤੀ ਸੁਖਪਿੰਦਰ ਕੌਰ, ਡਿਵੀਜ਼ਨਲ ਜੰਗਲਾਤ ਅਫ਼ਸਰ ਗੁਰਅਮਨ ਸਿੰਘ ਬੈਂਸ, ਸਹਾਇਕ ਸਿਵਲ ਸਰਜਨ ਡਾ. ਕੁਲਦੀਪ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।