ਏਡੀਸੀ ਸ੍ਰੀਮਤੀ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਜ਼ਿਲ੍ਹੇ ਵਿੱਚ ਵੱਖ-ਵੱਖ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ:
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ/ਕਾਰਜਾਂ ਨੂੰ ਮਿੱਥੇ ਸਮੇਂ ’ਤੇ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚਲ ਰਹੇ ਪ੍ਰਾਜੈਕਟਾਂ/ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ੁਰੂ ਕੀਤੇ ਗਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਏਡੀਸੀ ਵੱਲੋਂ ਡਰੇਨਜ਼ ਦੀ ਸਫਾਈ, ਖੇਡ ਮੈਦਾਨਾਂ, ਛੱਪੜਾਂ ਦੀ ਸਾਫ਼-ਸਫਾਈ, ਸ਼ਾਮਲਾਤ ਜ਼ਮੀਨਾਂ ਤੋਂ ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਵਿੱਚ ਬਣ ਰਹੀਆਂ ਲਾਇਬ੍ਰੇਰੀਆਂ ਅਤੇ ਹੋਰ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਵੱਲੋਂ ਬੀਡੀਪੀੳਜ਼ ਨੂੰ ਕਿਹਾ ਗਿਆ ਕਿ ਉਨ੍ਹਾਂ ਦੇ ਹਲਕੇ ਵਿੱਚ ਜਿਹੜੀਆਂ ਡਰੇਨਜ਼ ਦੀ ਸਫਾਈ ਹੋਣ ਵਾਲੀ ਹੈ, ਉਨ੍ਹਾਂ ਪਿੰਡਾਂ ਦੇ ਨਾਮ ਸ਼ਨਾਖਤ ਕਰਕੇ ਦੱਸੇ ਜਾਣ ਤਾਂ ਜੋ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਡਰੇਨਜ਼ ਦੀ ਸਫਾਈ ਕੀਤੀ ਜਾ ਸਕੇ।
ਏਡੀਸੀ ਸੋਨਮ ਚੌਧਰੀ ਨੇ ਮਹਾਤਮਾ ਗਾਂਧੀ ਦਿਹਾਤੀ ਰੁਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਨੇ ਮਗਨਰੇਗਾ ਤਹਿਤ ਪਿੰਡਾਂ ਵਿੱਚ ਬੂਟੇ ਲਾਉਣ, ਸਾਂਝਾ ਜਲ ਤਾਲਾਬ ਸਕੀਮ ਤਹਿਤ ਹੋਰ ਤਾਲਾਬ ਬਣਾਉਣ, ਸਕੂਲਾਂ ਵਿੱਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਪੇਂਡੂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਖ਼ੁਦ ਫੀਲਡ ਵਿਚ ਜਾ ਕੇ ਪ੍ਰਾਜੈਕਟਾਂ ਦੀ ਖ਼ੁਦ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਵੱਲੋਂ ਪੰਜਾਬ ਸਕਿੱਲ ਡਿਵੈਲਮੈਂਟ ਮਿਸ਼ਨ ਤਹਿਤ ਵੱਖ-ਵੱਖ ਸਕੀਮਾਂ ਅਧੀਨ ਜਿਵੇਂ ਕਿ ਦੀਨ ਦਿਆਲ ਉਪਾਧਿਆਇ, ਪੰਜਾਬ ਹੁਨਰ ਵਿਕਾਸ ਯੋਜਨਾ ਅਤੇ ਸੀ.ਐਸ.ਆਰ ਸਕੀਮ ਅਧੀਨ 850 ਬੱਚਿਆਂ ਨੂੰ ਟਰੇਨਿੰਗ ਦਿੱਤੀ ਜਾਣੀ ਹੈ, ਜਿੰਨ੍ਹਾਂ ਵਿੱਚੋਂ 700 ਬੱਚਿਆਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ ਅਤੇ 150 ਬੱਚਿਆਂ ਨੂੰ ਟਰੇਨਿੰਗ ਦਿੱਤੀ ਜਾਣੀ ਬਾਕੀ ਹੈ। ਏਡੀਸੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਨੂੰ ਆਪਣੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
ਸ੍ਰੀਮਤੀ ਸੋਨਮ ਚੌਧਰੀ ਨੇ ਕਿਹਾ ਕਿ ਪਿੰਡਾਂ ਦੀ ਸਾਫ਼-ਸਫਾਈ ਦਾ ਜ਼ਿਲ੍ਹੇ ਦੇ ਬੀਡੀਪੀਓਜ਼ ਖੁਦ ਨਿਰੀਖਣ ਕਰਨ। ਉਨ੍ਹਾਂ ਨੇ ਬੀਡੀਪੀਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਚੱਲ ਰਹੇ ਕੰਮਾਂ ਵੱਲ ਨਿਜੀ ਤੌਰ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਡਬਲਿਊ.ਡੀ. ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਬਰਮ ਮਜ਼ਬੂਤ ਕੀਤੇ ਜਾਣ ਤਾਂ ਜੋ ਪਾਣੀ ਆਉਣ ਦੀ ਸੂਰਤ ਵਿੱਚ ਸੜਕਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਪਿੰਡਾਂ ਵਿੱਚ ਸੋਲਿਡ ਅਤੇ ਲਿਕੁਅਡ ਵੈਸਟ ਅਧੀਨ ਕੰਮ ਨੂੰ ਤੇਜ਼ੀ ਨਾਲ ਮਿੱਥੇ ਸਮੇਂ ਅੰਦਰ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਵੱਲੋਂ ਬੀਡੀਪੀਓਜ਼ ਪਾਸੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਗਏ ਕਿ ਉਹ ਯਕੀਨੀ ਬਣਾਉਣ ਕਿ ਯੋਜਨਾ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤੱਕ ਪਹੁੰਚੇ।
ਉਨ੍ਹਾਂ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ, ਵਿਸ਼ਵਕਰਮਾ ਯੋਜਨਾ, ਆਤਮਾ ਸਕੀਮ, ਪੀ.ਡਬਲਿਊ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਐਮ.ਪੀ.ਲੈਡ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ।
ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਪਰਾਲੀ ਪ੍ਰਬੰਧਨ ਲਈ ਚਲ ਰਹੀ ਕਰਾਪ ਰੈਜ਼ੀਡਿਊ ਮੈਨਜਮੈਂਟ ਸਕੀਮ ਅਧੀਨ ਹੁਣ ਤੱਕ 144 ਇੱਕਲੇ ਕਿਸਾਨਾਂ ਵੱਲੋਂ ਮਸ਼ੀਨਾਂ ਦੀ ਖ਼ਰੀਦ ਕੀਤੀ ਗਈ ਹੈ ਅਤੇ 13 ਕਿਸਾਨ ਗਰੁੱਪਾਂ ਵੱਲੋਂ 47 ਮਸ਼ੀਨਾਂ ਖਰੀਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਬਸਿਡੀ ਦੇਣ ਲਈ 3 ਕਰੋੜ 57 ਲੱਖ 1620 ਰੁਪਏ ਦੇ ਫੰਡ ਪ੍ਰਾਪਤ ਹੋਏ ਹਨ ਅਤੇ ਹੁਣ ਤੱਕ 191 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਬੈਕਾਂ ਰਾਹੀਂ ਜਾਰੀ ਕਰਨ ਲਈ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਮਸ਼ੀਨਾਂ ਦੀ ਵੈਰੀਫਿਕੇਸ਼ਨ ਚਲ ਰਹੀ ਹੈ। ਪਿੰਡਾਂ ਵਿੱਚ ਖੇਡਾਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਵਿੱਚ 154 ਖੇਡ ਮੈਦਾਨ ਬਣਾਏ ਜਾਣੇ ਹਨ, ਜਿਨ੍ਹਾਂ ’ਚੋਂ 88 ਬਣ ਗਏ ਹਨ ਤੇ 48 ਸਬੰਧੀ ਕੰਮ ਜਾਰੀ ਹੈ। ਇਨ੍ਹਾਂ ਕਾਰਜਾਂ ਉੱਤੇ ਹੁਣ ਤੱਕ ਕਰੀਬ 761.31 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਐਗਰੋਫੌਰੈਸਟਰੀ ਤਹਿਤ ਡੇਰਾਬੱਸੀ ਦੇ ਪਿੰਡ ਕੁਰਨਵਾਲਾ ਵਿਖੇ 5 ਏਕੜ, ਖਰੜ ਦੇ ਨਬੀਪੁਰ ਵਿੱਚ 2.5 ਏਕੜ ਤੇ ਭਜਹੇੜੀ ਵਿੱਚ 17 ਏਕੜ, ਮਾਜਰੀ ਦੇ ਪਿੰਡ ਮਾਜਰਾ ਵਿੱਚ 2.5 ਏਕੜ ਅਤੇ ਪਿੰਡ ਦੈੜੀ ਵਿੱਚ 1.5 ਏਕੜ ਵਿੱਚ ਐਗਰੋਫੌਰੈਸਟਰੀ ਕਰਨ ਸਬੰਧੀ ਕਾਰਵਾਈ ਜਾਰੀ ਹੈ। ਇਸ ਮੌਕੇ ਮੁਹਾਲੀ ਦੇ ਐੱਸਡੀਐੱਮ ਦਮਨਦੀਪ ਕੌਰ, ਐੱਸਡੀਐੱਮ ਡੇਰਾਬੱਸੀ ਅਮਿਤ ਗੁਪਤਾ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ, ਸਮੂਹ ਬੀਡੀਪੀਓਜ਼, ਪੀ.ਡਬਲੀਊ.ਡੀ. ਵਿਭਾਗ ਦੇ ਐਕਸੀਅਨ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Special DGP Law and Order holds Crime Review with DIG and SSPs of Ropar Range at Mohali

Special DGP Law and Order holds Crime Review with DIG and SSPs of Ropar Range at Mohali Na…