ਆਧਾਰ ਖੁਲਾਸੇ ਵਾਲੇ ਕੇਸ ਵਿੱਚ ‘ਦਿ ਟ੍ਰਿਬਿਊਨ’ ਦਾ ਨਾਂ ਜੋੜਣਾ ਮੰਦਭਾਗਾ: ਸੁਖਬੀਰ ਬਾਦਲ

ਕਿਹਾ ਕਿ ਐਫਆਈਆਰ ’ਚੋਂ ਟ੍ਰਿਬਿਊਨ ਤੇ ਪੱਤਰਕਾਰ ਰਚਨਾ ਖਹਿਰਾ ਅਤੇ ਮਾਮਲੇ ਤੋਂ ਪਰਦਾ ਉਠਾਉਣ ਵਾਲਿਆਂ ਦੇ ਨਾਂ ਬਾਹਰ ਕੱਢੇ ਜਾਣ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਧਾਰ ਡੇਟਾ ਨੂੰ ਕੁੱਝ ਨੌਸਰਬਾਜ਼ ਅਨਸਰਾਂ ਵੱਲੋਂ ਸੰਨ੍ਹ ਲਾਏ ਜਾਣ ਦੇ ਖੁਲਾਸੇ ਮਗਰੋਂ ਦਰਜ ਕੀਤੇ ਕੇਸ ਵਿੱਚ ਦਿ ਟ੍ਰਿਬਿਊਨ ਅਤੇ ਇਸ ਦੀ ਪੱਤਰਕਾਰ ਰਚਨਾ ਖਹਿਰਾ ਦਾ ਨਾਂ ਜੋੜਣਾ ਬਹੁਤ ਹੀ ਮੰਦਭਾਗਾ ਹੈ। ਕੇਂਦਰ ਸਰਕਾਰ ਨੂੰ ਪ੍ਰੈੱਸ ਦੀ ਆਜ਼ਾਦੀ ਉੱਤੇ ਹੋਏ ਹਮਲੇ ਦੇ ਇਸ ਪ੍ਰਭਾਵ ਨੂੰ ਖ਼ਤਮ ਕਰਨ ਲਈ ਤੁਰੰਤ ਢੁੱਕਵੀਂ ਕਾਰਵਾਈ ਕਰਨੀ ਚਾਹੀਦੀ ਹੈ।
ਅੱਜ ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰੀ ਸੂਚਨਾ ਅਤੇ ਟੈਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ਸੰਬੰਧੀ ਦਰਜ ਕੀਤੀ ਐਫਆਈਆਰ ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਹੈ। ਉਹਨਾਂ ਕਿਹਾ ਕਿ ਦ ਟ੍ਰਿਬਿਊਨ ਦੀ ਪੱਤਰਕਾਰ ਰਚਨਾ ਖਹਿਰਾ ਅਤੇ ਤਿੰਨ ਹੋਰ ਵਿਅਕਤੀਆਂ ਦੇ ਨਾਂ ਇਸ ਐਫਆਈਆਰ ਵਿਚ ਹੋਣ ਤੋਂ ਇਹ ਪ੍ਰਭਾਵ ਗਿਆ ਹੈ ਕਿ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਪ੍ਰਭਾਵ ਨੂੰ ਤੁਰੰਤ ਦੂਰ ਕੀਤੇ ਜਾਣ ਦੀ ਲੋੜ ਹੈ ਅਤੇ ਕੇਂਦਰੀ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਉੱਚਿਤ ਕਦਮ ਚੁੱਕਣੇ ਚਾਹੀਦੇ ਹਨ ਕਿ ਪੱਤਰਕਾਰ ਅਤੇ ਦ ਟ੍ਰਿਬਿਊਨ ਅਖ਼ਬਾਰ ਵਿਰੁੱਧ ਕੋਈ ਕਾਰਵਾਈ ਨਹੀਂ ਹੋਵੇਗੀ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਹੀ ਪ੍ਰਗਟਾਵੇ ਦੀ ਆਜ਼ਾਦੀ ਦਾ ਸਮਰਥਨ ਕੀਤਾ ਹੈ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੁਆਰਾ ਪ੍ਰੈਸ ਦੀ ਆਜ਼ਾਦੀ ਨੂੰ ਕੁਚਲਣ ਲਈ ਲਾਈ ਐਮਰਜੰਸੀ ਦਾ ਵਿਰੋਧ ਕਰਨ ਵਾਲਿਆਂ ਵਿਚ ਅਸੀਂ ਸਭ ਤੋਂ ਅੱਗੇ ਰਹੇ ਹਾਂ। ਅਸੀਂ ਸਮਝਦੇ ਹਾਂ ਕਿ ਦੇਸ਼ ਦੇ ਵਿਕਾਸ ਲਈ ਆਧਾਰ ਡਾਟਾ ਦੀ ਸੁਰੱਖਿਆ ਅਤੇ ਪਵਿੱਤਰਤਾ ਨੂੰ ਬਣਾਏ ਰੱਖਣਾ ਲਾਜ਼ਮੀ ਹੈ, ਪਰ ਇਹ ਵੀ ਨਹੀਂ ਹੋਣਾ ਚਾਹੀਦਾ ਕਿ ਇਸ ਸਿਸਟਮ ਦੀਆਂ ਚੋਰ ਮੋਰੀਆਂ ਦਾ ਖੁਲਾਸਾ ਕਰਨ ਵਾਲੇ ਪੱਤਰਕਾਰ ਖ਼ਿਲਾਫ ਹੀ ਕਾਰਵਾਈ ਕੀਤੀ। ਦ ਟ੍ਰਿਬਿਊਨ ਦੀ ਸਟੋਰੀ ਨੂੰ ਇਸ ਮਾਮਲੇ ਦੀ ਜਾਂਚ ਵਾਸਤੇ ਮੁੱਢਲੀ ਜਾਣਕਾਰੀ ਵਜੋਂ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਅਖਬਾਰ ਨੂੰ ਉਹਨਾਂ ਅਨਸਰਾਂ ਵਿਰੁੱਧ ਜਾਂਚ ਵਿਚ ਸਹਿਯੋਗ ਦੇਣ ਲਈ ਕਹਿਣਾ ਚਾਹੀਦਾ ਹੈ, ਜਿਹੜੇ ਭਾਰਤ ਦੀ ਸੁਰੱਖਿਆ ਨੂੰ ਖਤਰੇ ਵਿਚ ਪਾ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਮੁੱਦੇ ਉੱਤੇ ਦਰਜ ਕੀਤੀ ਐਫਆਈਆਰ ’ਚੋਂ ਦ ਟ੍ਰਿਬਿਊਨ, ਪੱਤਰਕਾਰ ਰਚਨਾ ਖਹਿਰਾ ਅਤੇ ਇਸ ਮਾਮਲੇ ਤੋਂ ਪਰਦਾ ਉਠਾਉਣ ਵਾਲਿਆਂ ਦੇ ਨਾਂ ਬਾਹਰ ਕੱੱਢਣੇ ਚਾਹੀਦੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…