ਪੰਜਾਬ ਵਿੱਚ ਕੋਵਿਡ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ, ਫ਼ਿਲਹਾਲ ਡਰਨ ਦੀ ਲੋੜ ਨਹੀਂ: ਜੌੜਾਮਾਜਰਾ

ਸਿਹਤ ਮੰਤਰੀ ਜੌੜਾਮਾਜਰਾ ਨੇ ਸਰਕਾਰੀ ਹਸਪਤਾਲ ਮੁਹਾਲੀ ਵਿੱਚ ਕੋਵਿਡ ਮੌਕ ਡਰਿੱਲ ਦਾ ਜਾਇਜ਼ਾ ਲਿਆ

ਪੰਜਾਬ ਵਿੱਚ ਕੋਵਿਡ ਦੇ ਨਵੇਂ ਸਰੂਪ ਦਾ ਹਾਲੇ ਕੋਈ ਕੇਸ ਨਹੀਂ, ਪੁਰਾਣੇ ਸਰੂਪ ਦੇ 38 ਐਕਟਿਵ ਕੇਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
‘ਕੋਵਿਡ ਮਹਾਮਾਰੀ ਦੇ ਨਵੇਂ ਸਰੂਪ ਨਾਲ ਨਜਿੱਠਣ ਲਈ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਅਗਾਊਂ ਪੁਖ਼ਤਾ ਪ੍ਰਬੰਧ ਅਤੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਫ਼ਿਲਹਾਲ ਲੋਕਾਂ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਅਤੇ ਨਾ ਹੀ ਅਫ਼ਵਾਹਾਂ ਵੱਲ ਕੋਈ ਧਿਆਨ ਦੇਣ ਦੀ ਲੋੜ ਹੈ।’ ਇਹ ਗੱਲ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਮੌਕ ਡਰਿੱਲ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਪਰੰਤ ਉਨ੍ਹਾਂ ਨੇ ਕਰੋਨਾ ਦੇ ਨਵੇਂ ਸਰੂਪ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਿਹਤ ਅਧਿਕਾਰੀਆਂ ਅਤੇ ਡਾਕਟਰਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਇੱਥੇ ਦੱਸਣਯੋਗ ਚੀਨ ਸਮੇਤ ਕੁੱਝ ਦੇਸ਼ਾਂ ਵਿੱਚ ਕੋਵਿਡ ਦੇ ਪਾਜ਼ੇਟਿਵ ਕੇਸਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਬੀਤੇ ਕੱਲ੍ਹ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਦੇਸ਼ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਮੌਕ ਡਰਿੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ।
ਸਿਹਤ ਮੰਤਰੀ ਨੇ ਹਸਪਤਾਲ ਵਿੱਚ ਬਣਾਏ ਗਏ 120 ਬੈੱਡਾਂ ਵਾਲੇ ਵਿਸ਼ੇਸ਼ ਕੋਵਿਡ ਆਈਸੋਲੇਸ਼ਨ ਵਾਰਡ ਵਿੱਚ ਫੇਰੀ ਪਾਈ ਅਤੇ ਉੱਥੇ ਆਕਸੀਜਨ, ਵੈਂਟੀਲੇਟਰਾਂ, ਸਿਹਤ ਸਟਾਫ਼, ਜ਼ਰੂਰੀ ਦਵਾਈਆਂ ਦੀ ਉਪਲਬਧਤਾ ਸਮੇਤ ਕੋਵਿਡ ਟੀਕਾਕਰਨ ਅਤੇ ਹੋਰ ਕੋਵਿਡ ਸਹੂਲਤਾਂ ਸਬੰਧੀ ਅਧਿਕਾਰੀਆਂ ਕੋਲੋਂ ਜਾਣਕਾਰੀ ਲਈ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਆਈਸੋਲੇਸ਼ਨ ਵਾਰਡ ਵਿੱਚ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕੋਵਿਡ ਮਰੀਜ਼ਾਂ ਨੂੰ ਮਿਆਰੀ ਸਹੂਲਤਾਂ ਤੇ ਸਾਫ਼-ਸੁਥਰਾ ਮਾਹੌਲ ਦੇਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਢੁਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ। ਜੇ ਕੋਵਿਡ ਸਬੰਧੀ ਕੋਈ ਹੰਗਾਮੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਸਿੱਝਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ ਅਤੇ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਪੁਰਾਣੇ ਸਰੂਪ ਦੇ 38 ਐਕਟਿਵ ਕੇਸ ਹਨ ਪ੍ਰੰਤੂ ਕੋਵਿਡ ਦੇ ਨਵੇਂ ਸਰੂਪ ਵਾਲਾ ਕੋਈ ਕੇਸ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਪਲਾਂਟਾਂ ਦਾ ਪ੍ਰਬੰਧ ਹੈ। ਸੂਬੇ ਵਿੱਚ ਕੋਵਿਡ ਸਬੰਧੀ ਕੋਈ ਪਾਬੰਦੀ ਲਾਉਣ ਜਾਂ ਮਾਸਕ ਪਾਉਣ ਨੂੰ ਲਾਜ਼ਮੀ ਕਰਾਰ ਦੇਣ ਦੀ ਸਰਕਾਰ ਦੀ ਹਾਲੇ ਕੋਈ ਯੋਜਨਾ ਨਹੀਂ ਹੈ। ਫ਼ਿਲਹਾਲ ਲੋਕਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਇਸ ਜਾਨਲੇਵਾ ਬਿਮਾਰੀ ਤੋਂ ਬਚਣ ਲਈ ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਕੋਵਿਡ ਪ੍ਰੋਟੋਕਾਲ ਦੀ ਪਾਲਣ ਕਰਨ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਬਿਮਾਰੀ ਬਾਰੇ ਅਫ਼ਵਾਹ ਨਾ ਫੈਲਾਈ ਜਾਵੇ ਅਤੇ ਨਾ ਹੀ ਅਫ਼ਵਾਹਾਂ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲਗਪਗ 15 ਹਜ਼ਾਰ ਬੈੱਡ ਤਿਆਰ ਹਨ। ਇਸ ਵਿੱਚ ਲੈਵਲ 3 ਦੇ 1000 ਬੈੱਡ ਅਤੇ 1000 ਵੈਂਟੀਲੇਟਰਾਂ ਦਾ ਪ੍ਰਬੰਧ ਹੈ। ਸੂਬੇ ਵਿੱਚ ਆਕਸੀਜਨ ਪਲਾਂਟ ਕਾਫ਼ੀ ਗਿਣਤੀ ਵਿੱਚ ਹਨ ਅਤੇ ਇਨ੍ਹਾਂ ਨੂੰ ਚਲਾ ਕੇ ਟੈੱਸਟ ਕੀਤਾ ਗਿਆ ਹੈ।

ਇਸ ਮੌਕੇ ਐਸਡੀਐਮ ਸਰਬਜੀਤ ਕੌਰ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਘੋਤੜਾ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਐਸਐਮਓ ਡਾ. ਵਿਜੈ ਭਗਤ, ਕੋਵਿਡ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ, ਡਾ. ਪਰਮਿੰਦਰਜੀਤ ਸਿੰਘ, ਡਾ. ਰਾਜਵੀਰ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …