ਦਾਖ਼ਲਾ ਮੁਹਿੰਮ: ਓਰੀਐਂਟੇਸ਼ਨ ਵਰਕਸ਼ਾਪ ’ਚ ਨਵੇਂ ਦਾਖ਼ਲੇ ਵਧਾਉਣ ਲਈ ਤਿਆਰ ਕੀਤੀ ਰਣਨੀਤੀ

ਸਕੂਲ ਆਫ਼ ਐਮੀਨੈਂਸ ਪੰਜਾਬ ਦੀ ਸਿੱਖਿਆ ਦੀ ਨੁਹਾਰ ਬਦਲਣਗੇ: ਹਰਜੋਤ ਬੈਂਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ 117 ‘ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਾਈ ਦਾ ਕਾਰਜ ਨਵੇਂ ਸਿੱਖਿਆ ਸੈਸ਼ਨ ਅਪਰੈਲ 2023 ਤੋਂ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਅਤੇ ਅਗਲੀ ਜਮਾਤ ਵਿੱਚ ਦਾਖ਼ਲਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਹੋਰ ਵਧੀਆ ਢੰਗ ਨਾਲ ਚਲਾਇਆ ਜਾਵੇ। ਦਾਖ਼ਲ ਮੁਹਿੰਮ ਸਬੰਧੀ ਅਧਿਆਪਕਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦਾ ਬਹੁਤ ਵਧੀਆ ਹੁੰਗਾਰਾ ਤੇ ਸਹਿਯੋਗ ਮਿਲ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ, ਵਧੀਆਂ ਪ੍ਰਬੰਧਕੀ ਸੁਧਾਰ ਕਰਕੇ ਸਕੂਲਾਂ ਦੀ ਸ਼ਾਨ ਬਹਾਲ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲ ਬਣਾਉਣ ਨੂੰ ਵੀ ਤਰਜ਼ੀਹ ਦਿੱਤੀ ਜਾ ਰਹੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੀਆਂ ਸਾਲਾਨਾ ਪ੍ਰੀਖਿਆ ਨਕਲ ਰਹਿਤ ਕਰਵਾਈਆਂ ਜਾਣਗੀਆਂ ਅਤੇ ਡਿਊਟੀ ਵਿੱਚ ਕੋਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਮੂਹ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਧਾਰਾ 144 ਲਾਗੂ ਕੀਤੀ ਗਈ ਹੈ।
ਉਧਰ, ਇਸੇ ਦੌਰਾਨ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਇੰਟਰਨੈਸ਼ਨਲ ਵਿੱਚ ਵਿਸ਼ੇਸ਼ ਟਰੇਨਿੰਗ ਲਈ ਸਿੱਖਿਆ ਵਿਭਾਗ ਪੰਜਾਬ ਦੇ 30 ਸਕੂਲ ਪ੍ਰਿੰਸੀਪਲਾਂ ਦਾ ਦੂਜਾ ਗਰੁੱਪ ਭਲਕੇ 3 ਮਾਰਚ ਨੂੰ ਚੰਡੀਗੜ੍ਹ ਤੋਂ ਰਵਾਨਾ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਇੰਟਰਨੈਸ਼ਨਲ ਵਿੱਚ 30 ਪ੍ਰਿੰਸੀਪਲਾਂ ਦਾ ਗਰੁੱਪ 4 ਮਾਰਚ ਤੋਂ 11 ਮਾਰਚ ਤੱਕ ਟਰੇਨਿੰਗ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦਾ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਤਬਦੀਲੀ ਲਿਆ ਕੇ ਪੰਜਾਬ ਦੇ ਸਿੱਖਿਆ ਪ੍ਰਬੰਧ ਨੂੰ ਵਿਸ਼ਵ ਪੱਧਰ ਦਾ ਬਣਾਉਣਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…