Nabaz-e-punjab.com

ਦਾਖ਼ਲਾ ਮੁਹਿੰਮ: ਪ੍ਰੀ-ਪ੍ਰਾਇਮਰੀ ਜਮਾਤਾਂ ਸਬੰਧੀ ਕ੍ਰਿਸ਼ਨ ਕੁਮਾਰ ਨੇ ਸੂਬਾ ਪੱਧਰੀ ਆਨ-ਲਾਈਨ ਕਾਨਫ਼ਰੰਸ ਕੀਤੀ

ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਪੰਜਾਬ ਦਾ ਸਾਂਝਾ ਉਪਰਾਲਾ

ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਪ੍ਰੋਗਰਾਮ ਅਫ਼ਸਰਾਂ, ਸੀਡੀਪੀਈਓ, ਬੀਪੀਈਓ ਤੇ ਜ਼ਿਲ੍ਹਾ ਕੋਆਰਡੀਨੇਟਰਾਂ ਨੇ ਦਿੱਤੇ ਸੁਝਾਅ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਸਿੱਖਿਆ ਵਿਭਾਗ ਪੰਜਾਬ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਪ੍ਰੀ-ਪ੍ਰਾਇਮਰੀ ਲਈ ਦਾਖ਼ਲਾ ਮੁਹਿੰਮ ਨੂੰ ਸ਼ਹਿਰਾਂ ਅਤੇ ਪਿੰਡਾਂ ਪੱਧਰ ’ਤੇ ਪਹੁੰਚਾਉਣ ਲਈ ਯੋਜਨਾਬੰਦੀ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਦੋਵੇਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਆਨ-ਲਾਈਨ ਵੀਡੀਓ ਕਾਨਫਰੰਸਿੰਗ ਕੀਤੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਦੀ ਡਾਇਰੈਕਟਰ ਕਵਿਤਾ ਸਿੰਘ ਨੇ ਸੰਬੋਧਨ ਕੀਤਾ। ਇਸ ਮੀਟਿੰਗ ਵਿੱਚ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਜਰਨੈਲ ਸਿੰਘ ਕਾਲੇਕੇ, ਸਹਾਇਕ ਡਾਇਰੈਕਟਰ ਲਿੱਲੀ ਚੌਧਰੀ, ਸੀਡੀਪੀਓ ਪੰਕਜ ਸ਼ਰਮਾ, ਸਟੇਟ ਕੋਆਰਡੀਨੇਟਰ ਦਵਿੰਦਰ ਸਿੰਘ ਬੋਹਾ ਵੀ ਹਾਜ਼ਰ ਸਨ।
ਇਸ ਮੌਕੇ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ (ਪ੍ਰੀ-ਪ੍ਰਾਇਮਰੀ, ਲੋਅਰ ਕੇਜੀ ਅਤੇ ਅਪਰ ਕੇਜੀ) ਵਿੱਚ ਬਾਲ ਕੇਂਦਰਿਤ ਖੇਡ ਕਿਰਿਆਵਾਂ ਕਰਵਾ ਕੇ ਸਰਬਪੱਖੀ ਵਿਕਾਸ ਦੀ ਗੱਲ ਸਾਂਝੀ ਕਰਨਾ ਸੀ। ਉਨ੍ਹਾਂ ਛੋਟੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਤੇ ਆਂਗਨਵੜੀ ਕੇਂਦਰਾਂ ਵਿੱਚ ਸਾਂਝੇ ਤੌਰ ’ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲ ਕਰਵਾ ਕੇ ਮਾਪਿਆਂ ਦਾ ਮਨ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰੀ-ਪ੍ਰਾਇਮਰੀ ਦਾ ਕੋਈ ਵੀ ਬੱਚਾ ਪਹਿਲਾਂ ਆਂਗਨਵਾੜੀ ਕੇਂਦਰ ਵਿੱਚ ਦਾਖ਼ਲ ਹੋਵੇਗਾ ਅਤੇ ਬਾਅਦ ਵਿੱਚ ਸਕੂਲ ਦੇ ਰਜਿਸਟਰ ਵਿੱਚ ਦਾਖ਼ਲ ਕੀਤਾ ਜਾਵੇਗਾ। ਵਿਭਾਗ ਨੇ ਸਪੱਸ਼ਟ ਕੀਤਾ ਕਿ ਸਕੂਲਾਂ ਵਿੱਚ ਆਂਗਨਵਾੜੀ ਵਰਕਰਾਂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਦਿੱਤਾ ਜਾਵੇਗਾ। ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੇ ਮੰਨਿਆ ਕਿ ਜਿਹੜੇ ਆਂਗਨਵਾੜੀ ਕੇਂਦਰ ਸਕੂਲਾਂ ਵਿੱਚ ਚਲ ਰਹੇ ਹਨ, ਉਨ੍ਹਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਬਹੁਤ ਵਧੀਆ ਪ੍ਰਭਾਵ ਪੈ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਪ੍ਰਾਜੈਕਟ ਨੂੰ ਹੋਰ ਵੀ ਵਧੀਆ ਢੰਗ ਨਾਲ ਚਲਾਉਣ ਲਈ ਵਿਭਾਗਾਂ ਨੂੰ ਸੁਝਾਅ ਵੀ ਦਿੱਤੇ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਪਿਛਲੇ ਸਾਲ 14 ਨਵੰਬਰ ਤੋਂ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ 13 ਹਜ਼ਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 1 ਲੱਖ 70 ਹਜ਼ਾਰ ਬੱਚੇ ਦਾਖ਼ਲ ਹੋਏ ਸਨ। ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਲਈ 25 ਹਜ਼ਾਰ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਸਪਲੀਮੈਂਟਰੀ ਮਟੀਰੀਅਲ ਵੀ ਬੱਚਿਆਂ ਲਈ ਤਿਆਰ ਕਰਕੇ ਭੇਜਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…