ਚੰਡੀਗੜ੍ਹ ਦੇ ਕਾਲਜਾਂ ਵਿੱਚ ਦਾਖ਼ਲਿਆਂ ਲਈ ਮੁਹਾਲੀ ਦੇ ਵਿਦਿਆਰਥੀਆਂ ਲਈ ਰਾਖਵਾਂ ਕੋਟਾ ਹੋਵੇ: ਬੇਦੀ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੂਬੇ ਦੇ ਵਿਦਿਆਰਥੀਆ ਨਾਲ ਵਿਤਕਰਾ ਹੋਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਮੁਹਾਲੀ ਨਗਰ ਨਿਗਮ ਦੇ ਕੌਂਸਲਰ ਅਤੇ ਸਮਾਜ ਸੇਵੀ ਆਗੂ ਕੁਲਜੀਤ ਸਿੰਘ ਬੇਦੀ ਨੇ ਮੰਗ ਕੀਤੀ ਹੈ ਕਿ ਮੁਹਾਲੀ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਦੀ ਲੋੜ ਪੂਰੀ ਕਰਨ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਕਾਲਜਾਂ ਵਿੱਚ ਕੋਟਾ ਰਾਖਵਾਂ ਰੱਖਿਆ ਜਾਵੇ। ਇਸ ਸਬੰਧੀ ਉਨ੍ਹਾਂ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ, ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਚੰਡੀਗੜ੍ਹ ਅਤੇ ਪੰਜਾਬ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਇਸ ਸਬੰਧੀ ਲੋੜੀਂਦੀ ਕਾਰਵਾਈ ਨੂੰ ਜਲਦੀ ਨੇਪਰੇ ਚਾੜ੍ਹਨ ਦੀ ਮੰਗ ਕੀਤੀ ਹੈ ਤਾਂ ਜੋ ਅਗਲੇ ਸਿੱਖਿਆ ਸੈਸ਼ਨ ਵਿੱਚ ਮੁਹਾਲੀ ਅਤੇ ਨੇੜਲੇ ਪਿੰਡਾਂ ਅਤੇ ਛੋਟੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਚੰਡੀਗੜ੍ਹ ਦੇ ਕਾਲਜਾਂ ਵਿੱਚ ਦਾਖ਼ਲਾ ਮਿਲ ਸਕੇ।
ਸ੍ਰੀ ਬੇਦੀ ਨੇ ਕਿਹਾ ਕਿ ਚੰਡੀਗੜ੍ਹ ਦੇ ਕਾਲਜਾਂ ਵਿੱਚ ਚੰਡੀਗੜ੍ਹ ਦੇ ਵਿਦਿਆਰਥੀਆਂ ਲਈ 85 ਫੀਸਦੀ ਰਾਖਵਾਂ ਕੋਟਾ ਰੱਖਿਆ ਜਾਂਦਾ ਹੈ ਅਤੇ ਅਜਿਹਾ ਹੋਣ ਕਾਰਨ ਮੁਹਾਲੀ ਦੇ ਯੋਗ ਵਿਦਿਆਰਥੀ ਸਬੰਧਤ ਕਾਲਜਾਂ ਵਿੱਚ ਦਾਖ਼ਲਾ ਮਿਲਣ ਤੋਂ ਵਾਂਝੇ ਰਹਿ ਜਾਂਦੇ ਹਨ। ਜਦੋਂਕਿ ਮੁਹਾਲੀ ਦੇ ਕਾਨਵੈਂਟ ਸਕੂਲਾਂ ਵਿੱਚ ਚੰਡੀਗੜ੍ਹ ਦੇ ਬੱਚਿਆਂ ਦੇ ਦਿਲ ਖੋਲ੍ਹ ਕੇ ਦਾਖ਼ਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਪ੍ਰੰਤੂ ਇੱਥੇ ਕਾਲਜਾਂ ਵਿੱਚ ਦਾਖ਼ਲੇ ਦੇ ਮਾਮਲੇ ਵਿੱਚ ਪੰਜਾਬ ਦੇ ਵਿਦਿਆਰਥੀਆਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹੋਰਨਾਂ ਸ਼ਹਿਰਾਂ ਦੀ ਗੱਲ ਛੱਡ ਵੀ ਦਿੱਤੀ ਜਾਵੇ ਤਾਂ ਘੱਟੋ ਘੱਟ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਮੁਹਾਲੀ ਦੇ ਵਸਨੀਕ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਦੇਣ ਲਈ ਚੰਡੀਗੜ੍ਹ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਸਿਰਫ਼ ਇੱਕ ਹੀ ਸਰਕਾਰੀ ਕਾਲਜ ਹੈ। ਜੋ ਸ਼ਹਿਰ ਦੇ ਹਜ਼ਾਰਾਂ ਵਿਦਿਆਰਥੀਆਂ ਦੀ ਵਿਦਿਅਕ ਲੋੜ ਨੂੰ ਪੂਰਾ ਕਰਨ ਦੇ ਸਮਰਥ ਨਹੀਂ ਹੈ। ਜਿਸ ਕਾਰਨ ਜ਼ਿਆਦਾਤਰ ਨੌਜਵਾਨ ਚੰਡੀਗੜ੍ਹ ਦੇ ਕਾਲਜਾਂ ਵਿੱਚ ਦਾਖ਼ਲੇ ਲਈ ਅਰਜ਼ੀਆਂ ਦਿੰਦੇ ਹਨ ਪ੍ਰੰਤੂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਯੂਟੀ ਦੇ ਕਾਲਜਾਂ ਵਿੱਚ ਚੰਡੀਗੜ੍ਹ ਦੇ ਸਕੂਲਾਂ ਤੋਂ ਪਾਸ ਵਿਦਿਆਰਥੀਆਂ ਲਈ 85 ਫੀਸਦੀ ਸੀਟਾਂ ਰਾਖਵੀਂਆਂ ਰੱਖੀਆਂ ਜਾਂਦੀਆਂ ਹਨ।
ਸ੍ਰੀ ਬੇਦੀ ਨੇ ਕਿਹਾ ਕਿ ਚੰਡੀਗੜ੍ਹ ਨੂੰ ਭਾਵੇਂ ਕੇਂਦਰੀ ਸ਼ਾਸਿਤ ਪ੍ਰਦੇਸ਼ ਦਾ ਦਰਜਾ ਹਾਸਲ ਹੈ ਪ੍ਰੰਤੂ ਇਸ ਸ਼ਹਿਰ ਦੀ ਉਸਾਰੀ ਵੀ ਪੰਜਾਬ ਦੀ ਜ਼ਮੀਨ ’ਤੇ ਹੋਈ ਹੈ ਅਤੇ ਉਸਾਰੀ ਦਾ ਪੂਰਾ ਖਰਚਾ ਵੀ ਪੰਜਾਬ ਨੇ ਹੀ ਝੱਲਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਵਿਦਿਆਰਥੀਆਂ ਲਈ ਰੱਖੇ ਜਾਂਦੇ 85 ਫੀਸਦੀ ਕੋਟੇ ਵਿੱਚ ਮੁਹਾਲੀ ਦੇ ਵਿਦਿਆਰਥੀਆਂ ਨੂੰ ਵੀ ਦਾਖ਼ਲਾ ਦਿੱਤਾ ਜਾਵੇ ਜਾਂ ਫਿਰ ਮੁਹਾਲੀ ਦੇ ਵਿਦਿਆਰਥੀਆਂ ਲਈ ਵੱਖਰਾ ਕੋਟਾ ਫਿਕਸ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੇ ਕਾਲਜਾਂ ਵਿੱਚ ਦਾਖ਼ਲਾ ਲੈਣ ਸਮੇਂ ਕੋਈ ਪ੍ਰੇਸ਼ਾਨੀ ਨਾ ਹੋਵੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…