nabaz-e-punjab.com

ਬੇਅਦਬੀ ਮਾਮਲਾ: ਪੰਜਾਬ ਸਰਕਾਰ ਵੱਲੋਂ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਲਈ ਹੇਠਲੀ ਅਦਾਲਤ ਵਿੱਚ ਅਰਜ਼ੀ ਦਾਇਰ

ਪੰਜਾਬ ਪੁਲੀਸ ਦੇ ਏਆਈਜੀ (ਕਰਾਈਮ) ਸਰਬਜੀਤ ਸਿੰਘ ਨੇ ਸਰਕਾਰੀ ਵਕੀਲ ਰਾਹੀਂ ਦਾਇਰ ਅਰਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਬੇਅਦਬੀ ਮਾਮਲਿਆਂ ਸਬੰਧੀ ਜ਼ਿਲ੍ਹਾ ਫਰੀਦਕੋਟ ਦੇ ਥਾਣਾ ਬਾਜਾਖਾਨਾ ਵਿੱਚ ਦਰਜ ਕੇਸ ਨੂੰ ਖ਼ਤਮ ਕਰਨ ਲਈ ਸੀਬੀਆਈ ਦੀ ਜਾਂਚ ਵੱਲੋਂ ਮੁਹਾਲੀ ਅਦਾਲਤ ਵਿੱਚ ਦਾਇਰ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਲੈਣ ਲਈ ਪੰਜਾਬ ਸਰਕਾਰ ਨੇ ਅੱਜ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ (ਹੇਠਲੀ ਅਦਾਲਤ) ਵਿੱਚ ਅਰਜ਼ੀ ਦਾਇਰ ਕਰ ਦਿੱਤੀ ਹੈ। ਇਸ ਗੱਲ ਦਾ ਖੁਲਾਸਾ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਪੰਜਾਬ ਪੁਲੀਸ ਦੇ ਏਆਈਜੀ (ਕਰਾਈਮ) ਸਰਬਜੀਤ ਸਿੰਘ ਨੇ ਇਹ ਅਰਜ਼ੀ ਜ਼ਿਲ੍ਹਾ ਅਟਾਰਨੀ (ਸਰਕਾਰੀ ਵਕੀਲ) ਸੰਜੀਵ ਬੱਤਰਾ ਰਾਹੀਂ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਦਾਇਰ ਕੀਤੀ ਹੈ।
ਇੱਥੇ ਇਹ ਦੱਸਣਾ ਬਣਦਾ ਹੈ ਕਿ ਉਕਤ ਅਦਾਲਤ ਨੇ ਬੀਤੀ 23 ਜੁਲਾਈ ਨੂੰ ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਦੀ ਕਲੋਜ਼ਰ ਰਿਪੋਰਟ ’ਤੇ ਵੱਖ ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਰਾਜ ਸਰਕਾਰ ਦੀ ਅਰਜ਼ੀ ਨੂੰ ਮੁੱਢੋਂ ਖ਼ਾਰਜ ਕਰਦਿਆਂ ਕਿਹਾ ਸੀ ਕਿ ਸਰਕਾਰ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਲੈਣ ਦੀ ਹੱਕਦਾਰ ਨਹੀਂ ਹੈ। ਇਹ ਰਿਪੋਰਟ ਸਿਰਫ਼ ਸ਼ਿਕਾਇਤਕਰਤਾਵਾਂ ਰਣਜੀਤ ਸਿੰਘ ਅਤੇ ਗ੍ਰੰਥੀ ਗੋਰਾ ਸਿੰਘ ਅਤੇ ਇਤਿਹਾਸਕ ਗੁਰਦੁਆਰਾ ਬਰਗਾੜੀ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਅਤੇ ਕੇਸ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਹੀ ਦਿੱਤੀ ਜਾ ਸਕਦੀ ਹੈ।
ਸ੍ਰੀ ਅਤੁਲ ਨੰਦਾ ਨੇ ਦੱਸਿਆ ਕਿ ਏਆਈਜੀ (ਕਰਾਈਮ) ਸਰਬਜੀਤ ਸਿੰਘ ਨੇ ਸਰਕਾਰੀ ਵਕੀਲ ਰਾਹੀਂ ਅੱਜ ਸੀਬੀਆਈ ਦੀ ਹੇਠਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉੱਪਰਲੀ ਅਦਾਲਤ ਦੇ ਤਾਜ਼ਾ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਅਤੇ ਹੋਰ ਲੋੜੀਂਦੇ ਅਹਿਮ ਦਸਤਾਵੇਜ਼ ਦੇਣ ਦੀ ਗੁਹਾਰ ਲਗਾਈ ਹੈ। ਉਂਜ ਉੱਪਰਲੀ ਅਦਾਲਤ ਨੇ ਵੀ ਆਪਣੇ ਤਾਜ਼ਾ ਫੈਸਲੇ ਦੀ ਇਕ ਕਾਪੀ ਹੇਠਲੀ ਅਦਾਲਤ ਨੂੰ ਭੇਜੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਲੋਜ਼ਰ ਰਿਪੋਰਟ ਦੀ ਕਾਪੀ ਮਿਲਣ ਤੋਂ ਬਾਅਦ ਸੂਬਾ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਰਿਪੋਰਟ ਵਿਚਲੇ ਤੱਥਾਂ ਸਬੰਧੀ ਵੱਖ ਵੱਖ ਪਹਿਲੂਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਇਤਰਾਜ਼ਨ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੇਠਲੀ ਅਦਾਲਤ ਦੇ ਫੈਸਲੇ ਨੂੰ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ (ਸੀਨੀਅਰ ਡਿਵੀਜ਼ਨ) ਐਨਐਸ ਗਿੱਲ ਦੀ ਅਦਾਲਤ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਗਈ ਸੀ। ਪਿਛਲੇ ਦਿਨੀਂ ਅਦਾਲਤ ਨੇ ਸਰਕਾਰ ਵੱਲੋਂ ਪੇਸ਼ ਹੋਏ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਏਆਈਜੀ (ਕਰਾਈਮ) ਸਰਬਜੀਤ ਸਿੰਘ ਅਤੇ ਸੀਬੀਆਈ ਦੇ ਵਕੀਲਾਂ ਰਾਜ ਮੋਹਨ ਚੰਦ ਅਤੇ ਰਤਨਦੀਪ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸ਼ਾਮ ਨੂੰ ਮੋਤੀਆਂ ਵਾਲੀ ਸਰਕਾਰ ਦੀ ਰਿਵੀਜ਼ਨ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਸੀਬੀਆਈ ਨੂੰ ਹਦਾਇਤ ਕੀਤੀ ਗਈ ਸੀ ਕਿ ਸੂਬਾ ਸਰਕਾਰ ਨੂੰ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਅਤੇ ਹੋਰ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਏ ਜਾਣ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…