ਆਮ ਆਦਮੀ-ਘਰ ਬਚਾਓ ਮੋਰਚਾ ਵੱਲੋਂ ਗਰੀਬਾਂ ਦਾ ਉਜਾੜਾ ਰੋਕਣ ਦੀ ਵਕਾਲਤ

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਪੈਨਲ ਮੀਟਿੰਗ ਸੱਦੀ

ਨਬਜ਼-ਏ-ਪੰਜਾਬ, ਮੁਹਾਲੀ, 10 ਸਤੰਬਰ:
ਆਮ ਆਦਮੀ-ਘਰ ਬਚਾਓ ਮੋਰਚਾ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ ਅਤੇ ਕਾਨੂੰਨੀ ਸਲਾਹਕਾਰ ਦਰਸ਼ਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੂੰ ਮਿਲਿਆ ਅਤੇ ਗਰੀਬ ਲੋਕਾਂ ਦਾ ਉਜਾੜਾ ਰੋਕਣ ਲਈ ਮੰਗ ਪੱਤਰ ਸੌਂਪਿਆ। ਮੰਤਰੀ ਨੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਲਕੇ ਸੋਮਵਾਰ ਨੂੰ ਸ਼ਾਮ 5 ਵਜੇ ਪੈਨਲ ਮੀਟਿੰਗ ਸੱਦੀ ਗਈ। ਉਨ੍ਹਾਂ ਨੇ ਮੰਗ ਪੱਤਰ ਦੀ ਇਕ ਕਾਪੀ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਗੈਰਮੌਜੂਦਗੀ ਵਿੱਚ ਉਨ੍ਹਾਂ ਦੇ ਪੀਏ ਨੂੰ ਦਿੱਤੀ ਗਈ।
ਹਰਮਿੰਦਰ ਸਿੰਘ ਮਾਵੀ ਅਤੇ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਪਿਛਲੇ 25-30 ਸਾਲਾਂ ਤੋਂ ਸ਼ਹਿਰਾਂ ਅਤੇ ਪਿੰਡਾ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਅਧੀਨ ਆਉਂਦੇ ਖੇਤਰ ਅਤੇ ਬਾਹਰਲੇ ਖੇਤਰਾਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਵੱਲੋਂ ਪਲਾਟ ਖ਼ਰੀਦ ਕੇ ਬਕਾਇਦਾ ਰਜਿਸਟਰੀ ਕਰਵਾਉਣ ਮਗਰੋਂ ਘਰ ਬਣਾਏ ਗਏ ਹਨ, ਜਿੱਥੇ ਉਹ ਆਪਣੇ ਪਰਿਵਾਰਾਂ ਸਮੇਤ ਰਹਿ ਰਹੇ ਹਨ ਪ੍ਰੰਤੂ ਪਿੱਛੇ ਜਿਹੇ ਸਰਕਾਰ ਨੇ ਰਜਿਸਟਰੀਆਂ ’ਤੇ ਰੋਕ ਲਗਾਉਣ ਕਾਰਨ ਕਾਫ਼ੀ ਲੋਕ ਆਪਣੇ ਮਕਾਨ ਬਣਾਉਣ ਤੋਂ ਵਾਂਝੇ ਰਹਿ ਗਏ ਹਨ। ਇਹੀ ਨਹੀਂ ਪਿੰਡਾਂ ਦੀਆਂ ਲਾਲ ਲਕੀਰ ਅੰਦਰ ਸਥਿਤ ਜਾਇਦਾਦਾਂ ਦੀਆਂ ਰਜਿਸਟਰੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਕਤ 20 ਹਜ਼ਾਰ ਕਲੋਨੀਆਂ ਵਿੱਚ ਕਰੀਬ 10 ਲੱਖ ਪਰਿਵਾਰ ਰਹਿ ਰਹੇ ਹਨ। ਇਨ੍ਹਾਂ ਸ਼ਹਿਰੀ ਕਲੋਨੀਆਂ ਅਤੇ ਪੇਂਡੂ ਖੇਤਰ ਵਿੱਚ ਰਹਿ ਰਹੇ ਵਿਅਕਤੀਆਂ ਦੀ ਗਿਣਤੀ ਪੰਜਾਬ ਦੀ ਕੁੱਲ ਆਬਾਦੀ ਦਾ ਕਰੀਬ 60 ਫੀਸਦੀ ਹਿੱਸਾ ਬਣਦਾ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਕਲੋਨੀਆਂ ਵਿੱਚ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਐਨਓਸੀ ਦੀ ਸ਼ਰਤ ਲਗਾ ਦਿੱਤੀ ਹੈ। ਜਿਨ੍ਹਾਂ ਲੋਕਾਂ ਕੋਲ ਰਜਿਸਟਰੀਆਂ ਹਨ, ਜਦੋਂ ਉਹ ਮਕਾਨ ਉਸਾਰੀ ਦਾ ਕੰਮ ਸ਼ੁਰੂ ਕਰਦੇ ਹਨ ਤਾਂ ਗਮਾਡਾ ਵੱਲੋਂ ਉਨ੍ਹਾਂ ਨੂੰ ਢਾਹ ਦਿੱਤਾ ਜਾਂਦਾ ਹੈ, ਜੋ ਗਰੀਬ ਲੋਕਾਂ ਨਾਲ ਸਰਾਸਰ ਧੱਕਾ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਇਹੀ ਨਹੀਂ ਸਰਕਾਰ ਨੇ ਪਿੰਡਾਂ ਦੀ ਲਾਲ ਲਕੀਰ ਅੰਦਰ ਰਜਿਸਟਰੀਆਂ ’ਤੇ ਵੀ ਰੋਕ ਲਗਾਈ ਗਈ।
ਮੁਹਾਲੀ ਨੇੜਲੇ ਪਿੰਡ ਜੁਝਾਰ ਨਗਰ ਵਿੱਚ ਅਕਾਲੀ ਅਤੇ ਕਾਂਗਰਸ ਸਰਕਾਰਾਂ ਵੱਲੋਂ ਕਰੀਬ 20 ਕਰੋੜ ਰੁਪਏ ਦੀਆਂ ਗਰਾਂਟਾਂ ਵੀ ਖ਼ਰਚ ਕੀਤੀਆਂ ਗਈਆਂ ਹਨ ਅਤੇ ਜੁਝਾਰ ਨਗਰ ਪੰਚਾਇਤ ਵੱਲੋਂ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ 10 ਏਕੜ ਜ਼ਮੀਨ ਵੀ ਸਰਕਾਰ ਨੂੰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬੜਮਾਜਰਾ, ਬਹਿਲੋਲਪੁਰ ਅਤੇ ਝਾਮਪੁਰ ਸਮੇਤ ਹੋਰਨਾਂ ਕਲੋਨੀਆਂ ਵਿੱਚ ਸਰਕਾਰੀ ਦਫ਼ਤਰ ਅਤੇ ਬੈਂਕ ਕਈ ਦਹਾਕਿਆਂ ਤੋਂ ਚੱਲ ਰਹੇ ਹਨ।
ਇਸ ਮੌਕੇ ਓਮ ਪ੍ਰਕਾਸ਼ ਥਿੰਦ, ਨਰੇਸ਼ ਖੰਨਾ, ਰਜਨੀਸ਼ ਖੰਨਾ, ਪੰਕਜ ਸੂਦ, ਜਸਵਿੰਦਰ ਸਿੰਘ ਪਡਿਆਲਾ, ਸਰੂਪ ਸਿੰਘ, ਠੇਕੇਦਾਰ ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਖਰੜ, ਹਰਪ੍ਰੀਤ ਸਿੰਘ ਬਾਜਵਾ ਅਤੇ ਐਡਵੋਕੇਟ ਸਲਮਾਨ ਖਾਨ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …