
ਐਡਵੋਕੇਟ ਚਰਨਜੀਤ ਕੌਰ ਨੂੰ ਚੰਡੀਗੜ੍ਹ ਇਸਤਰੀ ਅਕਾਲੀ ਦਲ (ਸੰਯੁਕਤ) ਦਾ ਪ੍ਰਧਾਨ ਥਾਪਿਆ
ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨਾਲ ਸਲਾਹ-ਮਸ਼ਵਰਾ ਕਰਕੇ ਪਾਰਟੀ ਦੇ ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਨੇ ਸੀਨੀਅਰ ਐਡਵੋਕੇਟ ਚਰਨਜੀਤ ਕੌਰ ਨੂੰ ਚੰਡੀਗੜ੍ਹ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਨਵ-ਨਿਯੁਕਤ ਚੰਡੀਗੜ੍ਹ ਇਸਤਰੀ ਵਿੰਗ ਦੇ ਪ੍ਰਧਾਨ ਐਡਵੋਕੇਟ ਚਰਨਜੀਤ ਕੌਰ ਨੇ ਨਵੀਂ ਮਿਲੀ ਇਸ ਜ਼ਿੰਮੇਵਾਰੀ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜਬੂਤ ਕਰਨ ਦਾ ਅਹਿਦ ਲਿਆ।
ਐਡਵੋਕੇਟ ਚਰਨਜੀਤ ਕੌਰ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਰੈਕਟਿਸ ਕਰ ਰਹੇ ਹਨ ਅਤੇ ਅੌਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਅੌਰਤਾਂ ਨੂੰ ਹਰ ਸੰਭਵ ਕਾਨੂੰਨੀ ਸਹਾਇਤਾ ਪ੍ਰਦਾਨ ਕਰ ਰਹੇ ਹਨ। ਐਡਵੋਕੇਟ ਚਰਨਜੀਤ ਕੌਰ ਨੂੰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਸਿਰੋਪਾਓ ਦੇ ਕਿ ਸਨਮਾਨਤ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਹਰਮਨਜੀਤ ਕੌਰ ਢੀਂਡਸਾ ਅਤੇ ਬੀਬੀ ਸਰਬਜੀਤ ਕੌਰ ਆਦਿ ਮੌਜੂਦ ਸਨ।