ਨਤੀਜੇ ਵਧੀਆ ਦਿਖਾਉਣ ਲਈ ਕਮਜ਼ੋਰ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਅਪੀਅਰ ਹੀ ਨਹੀਂ ਕਰਦੇ ਐਫੀਲੀਏਟਿਡ ਸਕੂਲ

ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਦਾ ਨਾਂ ਕੱਟਣ ਵਾਲੇ ਸਕੂਲਾਂ ’ਤੇ ਸਿੱਖਿਆ ਵਿਭਾਗ ਨੇ ਰੱਖੀ ਬਾਜ ਅੱਖ

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕੀਤੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਅਹਿਮ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਜ਼ਿਆਦਾਤਰ ਸਕੂਲਾਂ ਵਿੱਚ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵੱਲੋਂ ਅੱਖੋਂ-ਪਰੋਖੇ ਕਰਕੇ ਉਨ੍ਹਾਂ ਦਾ ਨਾਂ ਕੱਟ ਕੇ ਅਜਿਹੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਪ੍ਰਾਈਵੇਟ ਤੌਰ ’ਤੇ ਇਮਤਿਹਾਨ ਦੇਣ ਦੀ ਪ੍ਰਵਿਰਤੀ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਗੱਲ ਦਾ ਖੁਲਾਸਾ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪ੍ਰਾਪਤ ਫੀਡਬੈਕ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨਿੱਜੀ ਤੇ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਜੋ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਹਨ। ਪੜ੍ਹਾਈ ਵਿੱਚ ਕਮਜ਼ੋਰ ਬੱਚਿਆਂ ਨੂੰ ਆਪਣੇ ਸਕੂਲ ਵੱਲੋਂ ਸਾਲਾਨਾ ਪ੍ਰੀਖਿਆਵਾਂ ਵਿੱਚ ਅਪੀਅਰ ਨਾ ਕਰਵਾ ਕੇ ਉਨ੍ਹਾਂ ਦਾ ਇਮਤਿਹਾਨ ਬੋਰਡ ਤੋਂ ਪ੍ਰਾਈਵੇਟ ਤੌਰ ’ਤੇ ਕਰਵਾਉਣ ਲਈ ਅਪੀਅਰ ਕਰਵਾਉਣ ਲੱਗੇ ਹਨ ਤਾਂ ਜੋ ਸਕੂਲਾਂ ’ਚੋਂ ਉਨ੍ਹਾਂ ਦੇ ਨਾਮ ਕੱਟੇ ਜਾਣ ਉਪਰੰਤ ਸਕੂਲਾਂ ਦਾ ਨਤੀਜਾ ਬਿਹਤਰ ਬਣ ਸਕੇ।
ਜ਼ਿਕਰਯੋਗ ਹੈ ਕਿ ਨਿੱਜੀ ਸਕੂਲ ਜਿੱਥੇ ਭਾਰੀ ਭਰਕਮ ਫੀਸਾਂ ਲੈਂਦੇ ਹਨ, ਉੱਥੇ ਵਿਦਿਆਰਥੀ ਦੇ ਗੁਣਾਤਮਿਕ ਪੱਧਰ ਵਿੱਚ ਸੁਧਾਰ ਨਾ ਹੋਣ ’ਤੇ ਵਿਦਿਆਰਥੀ ਦੇ ਫੇਲ ਹੋਣ ਦਾ ਖ਼ਦਸ਼ਾ ਪੈਦਾ ਹੋ ਜਾਂਦਾ ਹੈ ਅਤੇ ਵਿਦਿਆਰਥੀ ਦੇ ਮਾਪਿਆਂ ਜਾਂ ਸਰਪ੍ਰਸਤਾਂ ਨੂੰ ਧੋਖੇ ਵਿੱਚ ਰੱਖ ਕੇ ਜਾਂ ਗਰੰਟੀ ਪਾਸ ਕਰਵਾਉਣ ਦੇ ਲਾਲਚ ਸਦਕਾ ਸੈਂਟਰ ਬਦਲਣ ਲਈ ਉਕਸਾ ਕੇ ਬੱਚਿਆਂ ਦਾ ਸਕੂਲ ’ਚੋਂ ਦਾ ਨਾਮ ਕੱਟ ਦਿੰਦੇ ਹਨ।
ਇਸ ਸਬੰਧੀ ਡਿਪਟੀ ਡਾਇਰੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਓਪੀ ਸੋਨੀ ਪੰਜਾਬ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਅਤੇ ਵਧੀਆ ਨਤੀਜਿਆਂ ਲਈ ਸਮੇਂ-ਸਮੇਂ ਸਿਰ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹਨ ਤਾਂ ਜੋ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪ੍ਰਾਪਤੀਆਂ ਕਰਦਾ ਰਹੇ। ਇਸ ਲਈ ਸੂਬੇ ਦੇ ਸਮੂਹ ਮਾਨਤਾ ਪ੍ਰਾਪਤ ਸਕੂਲਾਂ ਅਤੇ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਦੇ ਦਸਵੀਂ ਦੇ ਐਨਰੋਲ ਬੱਚਿਆਂ ਦੀ ਰਿਕਾਰਡ ਜਾਂਚ ਲਈ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਸਕੂਲਾਂ ਵਿੱਚ ਅਚਨਚੇਤ ਚੈਕਿੰਗ ਕਰਕੇ ਵਿਦਿਆਰਥੀਆਂ ਦੇ ਦਾਖ਼ਲੇ ਨਾਲ ਸਬੰਧਤ ਰਿਕਾਰਡ ਘੋਖਣਗੀਆਂ ਅਤੇ ਇਸ ਮਗਰੋਂ ਫਿਰ ਤੋਂ ਸਕੂਲਾਂ ਦਾ ਰਿਕਾਰਡ ਦੇਖਿਆ ਜਾਵੇਗਾ। ਜੇਕਰ ਸਕੂਲਾਂ ਦੇ ਰਿਕਾਰਡ ਵਿੱਚ ਛੇੜ-ਛਾੜ ਜਾਂ ਵਿਦਿਆਰਥੀਆਂ ਦੇ ਨਾਮ ਕੱਟਣ ਦੀ ਪ੍ਰਵਿਰਤੀ ਪਾਈ ਗਈ ਤਾਂ ਅਜਿਹੇ ਸਕੂਲਾਂ ’ਤੇ ਫੌਰੀ ਕਾਰਵਾਈ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਲਿਖਿਆ ਜਾਵੇਗਾ ਅਤੇ ਸਬੰਧਤ ਸਕੂਲਾਂ ਦੀ ਐਫੀਲੀਏਸ਼ਨ ਰੱਦ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਾ ਕੀਤਾ ਜਾ ਸਕੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਠੱਲ੍ਹ ਪਾਉਣ ਲਈ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਫੇਜ਼-8 ਵਿੱਚ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜਿਸ ਵਿੱਚ ਅਜਿਹੀ ਗਲਤ ਪ੍ਰਵਿਰਤੀ ਸਬੰਧੀ ਯੋਗ ਕਾਰਵਾਈ ਲਈ ਸੂਚਨਾ ਫੋਨ ਨੰਬਰ 9464952698 ’ਤੇ ਵਟਸਐਪ ਜਾਂ ਟੈਕਸ ਮੈਸਜ ਕਰਕੇ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਈਮੇਲ pvtschoolinspection0gmail.com ’ਤੇ ਸ਼ਿਕਾਇਤ ਜਾਂ ਸੂਚਨਾ ਭੇਜੀ ਜਾ ਸਕਦੀ ਹੈ ਤਾਂ ਜੋ ਸਿੱਖਿਆ ਵਿਭਾਗ ਵੱਲੋਂ ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾ ਸਕੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…