
ਹੜ੍ਹਾਂ ਦੀ ਤਬਾਹੀ ਤੋਂ ਬਾਅਦ ਮੁਹਾਲੀ ਨੇੜਲੇ ਪਿੰਡਾਂ ਵਿੱਚ ਡਾਇਰੀਆ ਫੈਲਿਆ
ਐਸਡੀਐਮ, ਸੰਯੁਕਤ ਕਮਿਸ਼ਨਰ ਤੇ ਸਿਵਲ ਸਰਜਨ ਨੇ ਬਲੌਂਗੀ ਦਾ ਕੀਤਾ ਦੌਰਾ
ਸਿਹਤ ਵਿਭਾਗ ਨੇ ਜਾਂਚ ਕੈਂਪ ਲਾਇਆ, ਪੀਜੀਆਈ ਤੇ ਏਮਜ਼ ਦੀ ਟੀਮਾਂ ਨੇ ਪਾਣੀ ਦੇ ਸੈਂਪਲ ਲਏ
ਨਬਜ਼-ਏ-ਪੰਜਾਬ, ਮੁਹਾਲੀ, 15 ਜੁਲਾਈ:
ਪਿਛਲੇ ਦਿਨੀਂ ਭਾਰੀ ਬਾਰਸ਼ ਕਾਰਨ ਆਏ ਹੜ੍ਹਾਂ ਵੱਲੋਂ ਮਚਾਈ ਤਬਾਹੀ ਨੂੰ ਲੋਕ ਹਾਲੇ ਭੁੱਲੇ ਵੀ ਨਹੀਂ ਸਨ ਕਿ ਹੁਣ ਮੁਹਾਲੀ ਨੇੜਲੇ ਪਿੰਡਾਂ ਵਿੱਚ ਪੇਚਸ਼ ਦੀ ਬਿਮਾਰੀ ਫੈਲਣੀ ਸ਼ੁਰੂ ਹੋ ਗਈ ਹੈ। ਮੁਹਾਲੀ ਦੀ ਜੂਹ ਵਿੱਚ ਕਸਬਾ ਬਲੌਂਗੀ, ਬੜਮਾਜਰਾ, ਜੁਝਾਰ ਨਗਰ ਅਤੇ ਦਾਊਂ ਵਿੱਚ ਪੇਚਸ਼ ਫੈਲ ਗਿਆ ਹੈ। ਇਨ੍ਹਾਂ ਥਾਵਾਂ ਤੋਂ ਹੁਣ ਤੱਕ ਕਰੀਬ ਦੋ ਦਰਜਨ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਹਨ। ਐਸਐਮਓ ਡਾ. ਐਸਐਚ ਚੀਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸਿਵਲ ਸਰਜਨ ਡਾ. ਮਹੇਸ਼ ਅਹੂਜਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਰਕਾਰੀ ਹਸਪਤਾਲ ਵਿੱਚ ਡਾਇਰੀਆਂ, ਹੈਜਾ ਅਤੇ ਡੇਂਗੂ-ਮਲੇਰੀਆ ਤੋਂ ਬਚਾਅ ਲਈ ਵਿਸ਼ੇਸ਼ ਵਾਰਡ ਬਣਾਇਆ ਗਿਆ ਹੈ ਅਤੇ ਡਾਕਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਉਧਰ, ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਮੁਹਾਲੀ ਦੀ ਐਸਡੀਐਮ ਸਰਬਜੀਤ ਕੌਰ, ਮੁਹਾਲੀ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਅਤੇ ਸਿਵਲ ਸਰਜਨ ਡਾ. ਮਹੇਸ਼ ਅਹੂਜਾ ਨੇ ਸਾਂਝੇ ਤੌਰ ’ਤੇ ਬਲੌਂਗੀ ਦਾ ਦੌਰਾ ਕਰਕੇ ਪ੍ਰਭਾਵਿਤ ਖੇਤਰਾਂ ਵਿੱਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐਸਡੀਐਮ ਨੇ ਦੱਸਿਆ ਕਿ ਇਹਤਿਆਤੀ ਵਜੋਂ ਬਲੌਂਗੀ ਵਿੱਚ ਪਾਣੀ ਦੇ ਟੈਂਕਰ ਉਪਲਬਧ ਕਰਵਾਏ ਗਏ ਹਨ ਅਤੇ ਲੋਕਾਂ ਦੇ ਘਰਾਂ ’ਚੋਂ ਪਾਣੀ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਐਸਐਮਓ ਘੜੂੰਆਂ ਡਾ. ਸੁਰਿੰਦਰਪਾਲ ਕੌਰ ਦੀ ਨਿਗਰਾਨੀ ਹੇਠ ਮੈਡੀਕਲ ਟੀਮਾਂ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਮਰੀਜ਼ਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਹੋਰਨਾਂ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਬਣਾ ਕੇ ਪੀੜਤ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਐਸਡੀਐਮ ਨੇ ਦੱਸਿਆ ਕਿ ਹੜ੍ਹ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਟਾਈਫਾਈਡ, ਡਾਇਰੀਆ, ਬੁਖਾਰ ਅਤੇ ਲੈਪਟੋਸਪਾਇਰੋਸਿਸ ਅਤੇ ਵੈਕਟਰ ਬੋਰਨ (ਮਲੇਰੀਆ, ਡੇਂਗੂ) ਦਾ ਖ਼ਤਰਾ ਵਧ ਜਾਂਦਾ ਹੈ। ਜਿਸ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਚੌਕਸੀ ਵਰਤੀ ਜਾ ਰਹੀ ਹੈ। ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਨੇ ਦੱਸਿਆ ਕਿ ਡੀਸੀ ਦੇ ਹੁਕਮਾਂ ਤਹਿਤ ਪਾਣੀ ਦੇ ਟੈਂਕਰ ਉਪਲਬਧ ਕਰਵਾਏ ਗਏ ਹਨ। ਸਿਵਲ ਸਰਜਨ ਡਾ. ਮਹੇਸ਼ ਅਹੂਜਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਚੈੱਕਅਪ ਕੈਂਪ ਲਾਏ ਜਾ ਰਹੇ ਹਨ। ਪੇਚਸ਼ ਤੋਂ ਬਚਾਅ ਲਈ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਓਆਰਐਸ ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ ਅਤੇ ਪੀਣ ਵਾਲਾ ਵਰਤੋਂ ਵਿੱਚ ਲਿਆਉਣ ਤੋਂ ਪਹਿਲਾਂ ਚੰਗੀ ਤਰ੍ਹਾਂ ਉਬਾਲਿਆ ਜਾਵੇ। ਉਨ੍ਹਾਂ ਦੱਸਿਆ ਕਿ ਪੀਜੀਆਈ ਅਤੇ ਏਮਜ਼ (ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਮੁਹਾਲੀ ਦੀ ਟੀਮ ਵੱਲੋਂ ਪਿੰਡ ਦਾਊਂ ਅਤੇ ਬਲੌਂਗੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ ਹਨ।