
ਹੜ੍ਹਾਂ ਤੋਂ ਬਾਅਦ ਸਿਹਤ ਵਿਭਾਗ ਮੁਸਤੈਦ, ਵੱਖ-ਵੱਖ ਥਾਵਾਂ ’ਤੇ ਲਾਏ 32 ਮੈਡੀਕਲ ਕੈਂਪ
ਨਬਜ਼-ਏ-ਪੰਜਾਬ, ਮੁਹਾਲੀ, 25 ਜੁਲਾਈ:
ਹੜ੍ਹਾਂ ਦੀ ਤਬਾਹੀ ਮਗਰੋਂ ਮੁਹਾਲੀ ਜ਼ਿਲ੍ਹੇ ਵਿੱਚ ਕਈ ਇਲਾਕਿਆਂ ਵਿੱਚ ਪੇਚਸ਼ ਅਤੇ ਹੈਜ਼ੇ ਦੀ ਬਿਮਾਰੀ ਫੈਲ ਗਈ ਹੈ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੀ ਚੌਕੰਨਾ ਹੋ ਗਿਆ ਹੈ। ਵੱਖ-ਵੱਖ ਥਾਵਾਂ ’ਤੇ 32 ਮੈਡੀਕਲ ਕੈਂਪ ਲਗਾਏ ਗਏ ਹਨ। ਜਿਨ੍ਹਾਂ ’ਚੋਂ 6 ਕੈਂਪ ਪ੍ਰਾਈਵੇਟ ਹਸਪਤਾਲਾਂ ਦੀ ਮਦਦ ਨਾਲ ਚੱਲ ਰਹੇ ਹਨ। ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਮਹੇਸ਼ ਅਹੂਜਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੀੜਤ ਲੋਕਾਂ ਨੂੰ ਹਰ ਸੰਭਵ ਤਰੀਕੇ ਨਾਲ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਮੈਡੀਕਲ ਕੈਂਪ ਉਨ੍ਹਾਂ ਥਾਵਾਂ ’ਤੇ ਲਗਾਏ ਗਏ ਹਨ। ਜਿੱਥੇ ਪੇਚਸ਼ ਅਤੇ ਹੈਜ਼ੇ ਦੇ ਕੇਸ ਸਾਹਮਣੇ ਆਏ ਹਨ ਜਾਂ ਜਿੱਥੇ ਅਜਿਹੇ ਕੇਸ ਸਾਹਮਣੇ ਆਉਣ ਦੀ ਸੰਭਾਵਨਾ ਹੈ। ਕਈ ਕੈਂਪ ਦਿਨ ਰਾਤ ਚੱਲ ਰਹੇ ਹਨ। ਜਿੱਥੇ ਡਾਕਟਰਾਂ ਸਮੇਤ ਪੈਰਾ-ਮੈਡੀਕਲ ਸਟਾਫ਼ ਸੇਵਾ ਭਾਵਨਾ ਨਾਲ ਡਿਊਟੀ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਵਿੱਚ ਹੜ੍ਹ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿੱਥੇ ਕੋਈ ਵੀ ਵਿਅਕਤੀ ਫੋਨ ਕਰਕੇ ਇਲਾਜ ਜਾਂ ਹੋਰ ਜਾਣਕਾਰੀ ਲੈ ਅਤੇ ਦੇ ਸਕਦਾ ਹੈ।
ਡਾ. ਅਹੂਜਾ ਨੇ ਕਿਹਾ ਕਿ ਵੱਖ-ਵੱਖ ਥਾਵਾਂ ਹੜ੍ਹਾਂ ਦਾ ਪਾਣੀ ਇਕੱਠਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਗਿਆ ਸੀ। ਜਿਸ ਕਾਰਨ ਲੋਕਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਪੀੜਤ ਲੋਕਾਂ ਦੀ ਜਾਂਚ ਅਤੇ ਇਲਾਜ ਕਰਨ ਸਮੇਤ ਦਵਾਈਆਂ, ਓਆਰਐਸ ਦੇ ਪੈਕੇਟ ਮੁਫ਼ਤ ਦਿੱਤੇ ਜਾ ਰਹੇ ਹਨ। ਵੱਖ-ਵੱਖ ਮੈਡੀਕਲ ਟੈੱਸਟ ਵੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਕਰ ਰਹੀਆਂ ਅਤੇ ਲੋਕਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਮੈਡੀਕਲ ਸਹਾਇਤਾ ਜਾਂ ਹੜ੍ਹਾਂ ਸਬੰਧੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 62391-16649 ਅਤੇ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।