ਪੰਜਾਬ ਦੇ ਰਾਜਪਾਲ ਤੇ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕਿਆ

ਰਾਜਪਾਲ ਤੇ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਮੰਗਾਂ ਬਾਰੇ ਸਹਿਮਤੀ ਬਣੀ

ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ 19 ਦਸੰਬਰ ਨੂੰ ਹੋਵੇਗੀ ਮੀਟਿੰਗ, ਖੱੁਡੀਆਂ ਨੇ ਦਿੱਤਾ ਭਰੋਸਾ

ਨਬਜ਼-ਏ-ਪੰਜਾਬ, ਮੁਹਾਲੀ, 28 ਨਵੰਬਰ:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਤਿੰਨ ਦਿਨਾਂ ਤੋਂ ਦਿੱਤਾ ਜਾ ਧਰਨਾ ਮੰਗਲਵਾਰ ਨੂੰ ਤੀਜੇ ਦਿਨ ਖ਼ਤਮ ਹੋ ਗਿਆ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੱੁਡੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜੈਕਾਰੇ ਛੱਡਦੇ ਹੋਏ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਇਨ੍ਹਾਂ ਮੀਟਿੰਗਾਂ ਵਿੱਚ ਕਿਸਾਨ ਆਗੂ ਡਾ. ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਸੁਖਦੇਵ ਸਿੰਘ ਕੋਕਰੀ, ਮਨਜੀਤ ਸਿੰਘ, ਬਲਦੇਵ ਸਿੰਘ ਮੱਲ੍ਹੀ ਨੰਗਲ, ਸੁਖ ਗਿੱਲ ਮੋਗਾ, ਹਰਬੰਸ ਸਿੰਘ ਅਤੇ ਬੂਟਾ ਸਿੰਘ ਸ਼ਾਦੀਪੁਰ ਸ਼ਾਮਲ ਹੋਏ। ਮੀਟਿੰਗਾਂ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਬਾਕੀ ਸਾਥੀਆਂ ਨੂੰ ਪੂਰੇ ਮਾਮਲੇ ਤੋਂ ਜਾਣੂ ਕਰਵਾਇਆ ਅਤੇ ਧਰਨਾ ਚੁੱਕਣ ਦਾ ਫ਼ੈਸਲਾ ਲਿਆ ਗਿਆ। ਕਿਸਾਨਾਂ ਨੇ ਇਸ ਨੂੰ ਆਪਣੇ ਏਕੇ ਅਤੇ ਅੰਦੋਲਨ ਦੀ ਜਿੱਤ ਦੱਸਿਆ ਹੈ।
ਉਂਜ ਅੱਜ ਦਿਨ ਭਰ ਕਿਸਾਨ ਮੋਰਚੇ ਵਿੱਚ ਕਾਫ਼ੀ ਗਹਿਮਾ ਗਹਿਮੀ ਅਤੇ ਸਰਗਰਮੀ ਦੇਖਣ ਨੂੰ ਮਿਲੀ। ਅੱਜ ਵੀ ਕਿਸਾਨ ਪੁਰਸ਼ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਹੋਰ ਹਮਖ਼ਿਆਲੀ, ਸਮਾਜਿਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਧਰਨੇ ’ਤੇ ਪਹੁੰਚੇ।
ਰੂਪਨਗਰ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਦੇ ਯਤਨਾਂ ਸਦਕਾ ਕਿਸਾਨਾਂ ਦੀ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਪਹਿਲਾਂ ਪਹਿਲੀ ਮੀਟਿੰਗ ਖੇਤੀਬਾੜੀ ਮੰਤਰੀ ਨਾਲ ਹੋਈ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਸਾਰੇ ਮਸਲਿਆਂ ਦੇ ਹੱਲ ਲਈ ਅਗਲੀ ਮੀਟਿੰਗ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ 4 ਦਸੰਬਰ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਦੇਵੇਗਾ ਤਾਂ ਜੋ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਉਨ੍ਹਾਂ ’ਤੇ ਚਰਚਾ ਕੀਤੀ ਜਾ ਸਕੇ।
ਉਧਰ, ਕੇਂਦਰ ਨਾਲ ਸਬੰਧਤ ਮੰਗਾਂ ਬਾਰੇ ਦੂਜੀ ਮੀਟਿੰਗ ਪੰਜਾਬ ਦੇ ਰਾਜਪਾਲ ਨਾਲ ਹੋਈ। ਰਾਜਪਾਲ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਦੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਮੰਗ ਪੱਤਰ ਦੀ ਕਾਪੀ ਸਰਕਾਰ ਨੂੰ ਜਲਦੀ ਭੇਜ ਦਿੱਤੀ ਜਾਵੇਗੀ।
ਕਿਸਾਨਾਂ ਨੇ ਸਾਰੀਆਂ ਫ਼ਸਲਾਂ ਦੀ ਐਮਐਸਪੀ ’ਤੇ ਖ਼ਰੀਦ ਦੀ ਗਰੰਟੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2+50% ਦੇ ਫ਼ਾਰਮੂਲੇ ਨਾਲ ਫ਼ਸਲਾਂ ਦੇ ਭਾਅ ਤੈਅ ਕਰਨ, ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰਨਾ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਬਰਖ਼ਾਸਤ ਕਰ ਕੇ ਜੇਲ੍ਹ ਭੇਜਣ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਸਾਰੇ ਕੇਸ ਰੱਦ ਕਰਨ, ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰਨ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ, ਨਿਊਜ਼ਕਲਿੱਕ ਖ਼ਿਲਾਫ਼ ਦਰਜ ਕੇਸ ਰੱਦ ਕਰਨ ਸਮੇਤ ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰਨ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰਨ ਸਮੇਤ ਪਬਲਿਕ ਸੈਕਟਰ ਦੀ ਬਹਾਲੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ ਆਦਿ ਮੰਗਾਂ ਰੱਖੀਆਂ ਗਈਆਂ।
ਰਾਜਪਾਲ ਤੋਂ ਮੰਗ ਕੀਤੀ ਕਿ ਕਿਸਾਨਾਂ ’ਤੇ ਜਿਹੜੇ ਕੇਸ ਯੂਟੀ ਪ੍ਰਸ਼ਾਸਨ ਵੱਲੋਂ ਬਣਾਏ ਹੋਏ ਹਨ ਉਹ ਰੱਦ ਕੀਤੇ ਜਾਣ। ਇਸ ਲਈ ਨੋਡਲ ਅਫ਼ਸਰ ਦੀ ਡਿਊਟੀ ਲਗਾਈ ਗਈ। ਜਿਹੜੇ ਕਿਸਾਨਾਂ ਦੇ ਪਾਸਪੋਰਟ ਵਗੈਰਾ ’ਤੇ ਕੋਈ ਗਲਤ ਇੰਦਰਾਜ ਕੀਤੇ ਹੋਏ ਹਨ, ਉਨ੍ਹਾਂ ਬਾਰੇ ਵੀ ਕਾਰਵਾਈ ਕੀਤੀ ਜਾਵੇਗੀ। ਜਨਤਕ ਵੰਡ ਪ੍ਰਣਾਲੀ ਰਾਹੀਂ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਸਸਤਾ ਰਾਸ਼ਨ ਦਿੱਤਾ ਜਾਵੇ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਰਾਹੀਂ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਹੜ੍ਹਾਂ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਰੱਦ ਕੀਤਾ ਜਾਵੇ, ਝੋਨੇ ਤੋਂ ਖਹਿੜਾ ਛਡਵਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫ਼ਸਲਾਂ ਦੀ ਐਮਐਸਪੀ ’ਤੇ ਖ਼ਰੀਦ ਯਕੀਨੀ ਬਣਾਈ ਜਾਵੇ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਗੰਨੇ ਦੀ ਬਕਾਇਆ ਰਾਸ਼ੀ ਵਿਆਜ ਸਣੇ ਜਾਰੀ ਕੀਤੀ ਜਾਵੇ, ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰ ਕੇ ਉਨ੍ਹਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ, ਚਿੱਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ, ਪਰਾਲੀ ਸਾੜਨ ਕਰਕੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ, ਰੈੱਡ ਐਂਟਰੀਆਂ ਅਤੇ ਹੋਰ ਸਾਰੀਆਂ ਕਾਰਵਾਈਆਂ ਰੱਦ ਕੀਤੀਆਂ ਜਾਣ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਕਿਸਾਨਾਂ ਦੀਆਂ ਜ਼ਮੀਨਾਂ ਤਕਸੀਮ ਕਰਨ ਦੇ ਮਸਲੇ ਹੱਲ ਕੀਤੇ ਜਾਣ ਅਤੇ ਜਿੱਥੇ ਕੋਈ ਵਿਵਾਦ ਨਹੀਂ ਹੈ ਪਿੰਡਾਂ ਵਿੱਚ ਕੈਂਪ ਲਗਾ ਕੇ ਮੌਕੇ ’ਤੇ ਇੰਤਕਾਲ ਕੀਤੇ ਜਾਣ। ਸਹਿਕਾਰੀ ਸੁਸਾਇਟੀਆਂ ਵਿੱਚ ਹਿੱਸੇਦਾਰੀ ਖੋਲ੍ਹੀ ਜਾਵੇ ਅਤੇ ਨਵੇਂ ਕਿਸਾਨਾਂ ਨੂੰ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਬਣਾਇਆ ਜਾਵੇ।
ਧਰਨੇ ਨੂੰ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਬੁਰਜ ਗਿੱਲ, ਸਤਨਾਮ ਸਿੰਘ ਬਹਿਰੂ, ਬਲਵਿੰਦਰ ਸਿੰਘ ਮੱਲੀਨੰਗਲ, ਜੰਗਵੀਰ ਸਿੰਘ ਚੌਹਾਨ, ਬਿੰਦਰ ਸਿੰਘ ਗੋਲੇਵਾਲਾ, ਨਛੱਤਰ ਸਿੰਘ ਜੈਤੋ, ਸਤਨਾਮ ਸਿੰਘ ਅਜਨਾਲਾ, ਡਾ ਦਰਸ਼ਨਪਾਲ, ਰੁਲਦੂ ਸਿੰਘ ਮਾਨਸਾ, ਮੇਜਰ ਸਿੰਘ ਪੁੰਨਾਵਾਲ, ਹਰਬੰਸ ਸਿੰਘ ਸੰਘਾ, ਬਲਦੇਵ ਸਿੰਘ ਨਿਹਾਲਗੜ੍ਹ, ਹਰਜੀਤ ਰਵੀ, ਬਲਵਿੰਦਰ ਸਿੰਘ ਰਾਜੂ ਅੌਲਖ, ਅਮੋਲਕ ਸਿੰਘ ਤਰਨਤਾਰਨ, ਕਿਰਪਾ ਸਿੰਘ ਨੱਥੂਵਾਲਾ, ਜਗਮਨਦੀਪ ਸਿੰਘ ਪੜੀ, ਕਿਰਨਜੀਤ ਸਿੰਘ ਸੇਖੋਂ, ਵੀਰਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਵਜੀਦਪੁਰ ਅਤੇ ਦਵਿੰਦਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਕਿਸਾਨ ਆਗੂ ਰਾਮਿੰਦਰ ਪਟਿਆਲਾ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਅਤੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੀਨੀਅਰ ਆਗੂ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਕਿਰਪਾਲ ਸਿੰਘ ਸਿਆਊ ਤੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਅਤੇ ਹੋਰ ਕਿਸਾਨ ਮੌਜੂਦ ਸਨ।

Load More Related Articles

Check Also

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨ…