ਪੰਚਾਇਤ ਚੋਣਾਂ ਤੋਂ ਬਾਅਦ ਮੁਹਾਲੀ ਹਲਕੇ ’ਚ ਸਿਆਸੀ ਸਮੀਕਰਨ ਬਦਲੇ, ਵੱਡੀ ਗਿਣਤੀ ਪੰਚਾਇਤਾਂ ‘ਆਪ’ ਦੀ ਸ਼ਰਨ ’ਚ

‘ਆਪ’ ਵਿਧਾਇਕ ਵੱਲੋਂ ਨਵੀਆਂ ਪੰਚਾਇਤਾਂ ਨੂੰ ਧੜੇਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਸੱਦਾ

ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ’ਚ ਮੁਕੰਮਲ ਕੀਤਾ ਜਾਵੇਗਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 21 ਅਕਤੂਬਰ:
ਪੰਚਾਇਤ ਚੋਣਾਂ ਤੋਂ ਬਾਅਦ ਮੁਹਾਲੀ ਹਲਕੇ ਵਿੱਚ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ ਹਨ। ਜਿੱਥੇ ਅਕਾਲੀ ਦਲ ਦੀ ਗੱਡੀ ਬਿਲਕੁਲ ਲੀਹੋਂ ਲੱਥ ਗਈ ਹੈ ਅਤੇ ਕਾਂਗਰਸ ਦੀ ਹਾਲਤ ਵੀ ਬਹੁਤੀ ਠੀਕ ਨਹੀਂ ਹੈ, ਉੱਥੇ ਹੁਣ ਚਾਰ-ਚੁਫੇਰੇ ਝਾੜੂ ਹੀ ਝਾੜੂ ਦਾ ਬੋਲਬਾਲਾ ਹੈ। ਜ਼ਿਆਦਾਤਰ ਨਵੀਆਂ ਚੁਣੀਆਂ ਗਈਆਂ ਗਰਾਮ ਪੰਚਾਇਤਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਦੋ ਚਾਰ ਪਿੰਡਾਂ ਨੂੰ ਛੱਡ ਕੇ ਬਾਕੀ ਸਾਰਿਆਂ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ ਤੋਂ ਥਾਪੜਾ ਲਿਆ ਹੈ। ਅੱਜ ਵੀ ਸੱਤ ਪਿੰਡਾਂ ਦੀਆਂ ਪੰਚਾਇਤਾਂ ਨੇ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਭਰੋਸਾ ਪ੍ਰਗਟ ਕੀਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਲੌਂਗੀ, ਠਸਕਾ, ਪਾਪੜੀ, ਹੁਸੈਨਪੁਰ, ਮਟਰਾਂ, ਕੁਰੜਾ ਅਤੇ ਰੁੜਕਾ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਸਮੇਤ ਹੋਰ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਦਿਆਂ ਭਰੋਸਾ ਦਿੱਤਾ ਕਿ ਵਿਕਾਸ ਕੰਮਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਨਵੀਆਂ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਪਿੰਡਾਂ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਮੂਹ ਵੋਟਰਾਂ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਧੜੇਬੰਦੀਆਂ ਵੀ ਖ਼ਤਮ ਕੀਤੀਆਂ ਜਾਣਗੀਆਂ। ਇਸ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਾ ਵਧੇਗਾ।

ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਹਰਬਿੰਦਰ ਸਿੰਘ, ਅਕਬਿੰਦਰ ਸਿੰਘ ਗੋਸਲ, ਆਰਪੀ ਸ਼ਰਮਾ, ਤਰਲੋਚਨ ਸਿੰਘ ਮਟੌਰ, ਸਤਨਾਮ ਸਿੰਘ ਮਾਨ ਸਰਪੰਚ ਬਲੌਂਗੀ, ਬਚਨ ਸਿੰਘ ਪਾਪੜੀ, ਗੁਰਪ੍ਰੀਤ ਸਿੰਘ ਹਰਪਾਲ ਸਿੰਘ ਬਰਾੜ, ਆਰਐਸ ਢਿੱਲੋਂ, ਧੀਰਜ ਕੁਮਾਰ, ਅਮਰੀਕ ਸਿੰਘ ਸਮਾਣਾ, ਅਤੇ ਹੋਰ ਉੱਘੀਆਂ ਸਖ਼ਸ਼ੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…