nabaz-e-punjab.com

ਮੰਤਰੀ ਮੰਡਲ ਨੇ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਲਈ ਸਿੱਧੀ ਭਰਤੀ ਵਾਸਤੇ ਉਪਰਲੀ ਉਮਰ ਹੱਦ ‘ਚ ਢਿੱਲ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਦਸੰਬਰ:
ਪੰਜਾਬ ਮੰਤਰੀ ਮੰਡਲ ਨੇ ਇਕ ਹੋਰ ਅਹਿਮ ਫੈਸਲਾ ਲੈਂਦਿਆਂ ਸੂਬਾ ਸਰਕਾਰ ਦੇ ਅਧੀਨ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਵੱਖ-ਵੱਖ ਕੈਟਾਗਰੀਆਂ ਦੇ ਮੁਲਾਜ਼ਮਾਂ ਨੂੰ ਸਿੱਧੀ ਭਰਤੀ ਦੀਆਂ ਅਸਾਮੀਆਂ ਵਿਰੁੱਧ ਅਪਲਾਈ ਕਰਨ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਸਿਵਲ ਸੇਵਾਵਾਂ (ਆਮ ਤੇ ਸਾਂਝੀਆਂ ਸੇਵਾ ਸ਼ਰਤਾਂ) ਨਿਯਮ-1994 ਦੇ ਨਿਯਮ 19 ਤਹਿਤ ਇਨ੍ਹਾਂ ਦੇ ਨਿਯਮ 5 ਅਤੇ 5-ਏ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਹੈ।
ਇਸ ਉਪਰਾਲੇ ਦਾ ਮਕਸਦ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਧੀਨ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨਾ ਹੈ ਕਿਉਂ ਜੋ ਉਮਰ ਹੱਦ ਟੱਪ ਜਾਣ ਕਰਕੇ ਉਹ ਸਿੱਧੀ ਭਰਤੀ ਵਿਰੁੱਧ ਅਪਲਾਈ ਨਹੀਂ ਕਰ ਸਕਦੇ। ਵਿੱਤੀ ਔਕੜਾਂ ਦੇ ਕਾਰਨ ਇਸ ਤੋਂ ਪਹਿਲਾਂ ਛੋਟ ਦੇਣ ਦੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਿਆ ਸੀ।
ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸਰਕਾਰੀ ਮੈਡੀਕਲ, ਡੈਂਟਲ ਅਤੇ ਨਰਸਿੰਗ ਕਾਲਜਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਕੁਸ਼ਲ ਬਣਾਉਣ ਅਤੇ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਇਕ ਹੋਰ ਕਦਮ ਚੁੱਕਦਿਆਂ ਮੰਤਰੀ ਮੰਡਲ ਨੇ ਇਨ੍ਹਾਂ ਸੰਸਥਾਵਾਂ ਵਿੱਚ ਫੈਕਲਟੀ ਦੇ ਮੌਜੂਦਾ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਪੰਜਾਬ ਮੈਡੀਕਲ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਪੰਜਾਬ ਮੈਡੀਕਲ ਸਿੱਖਿਆ (ਗਰੁੱਪ-ਏ) ਸੇਵਾ (ਦੂਜੀ ਸੋਧ) ਨਿਯਮ-2020, ਪੰਜਾਬ ਡੈਂਟਲ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਪੰਜਾਬ ਡੈਂਟਲ ਸਿੱਖਿਆ (ਗਰੁੱਪ-ਏ) ਸੇਵਾ (ਦੂਜੀ ਸੋਧ) ਨਿਯਮ-2020, ਪੰਜਾਬ ਨਰਸਿੰਗ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਪੰਜਾਬ ਨਰਸਿੰਗ ਸਿੱਖਿਆ (ਗਰੁੱਪ-ਏ) ਸੇਵਾ (ਪਹਿਲੀ ਸੋਧ) ਨਿਯਮ-2020 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ।
ਮੈਡੀਕਲ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਸੋਧ ਨਾਲ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਖਾਲੀ ਅਸਾਮੀਆਂ ਵਿਰੁੱਧ ਭਰਤੀ ਪ੍ਰਕ੍ਰਿਆ ਦੀ ਸ਼ੁਰੂਆਤ ਲਈ ਰਾਹ ਪੱਧਰਾ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…