ਅਗਨੀਪਥ ਯੋਜਨਾ: 24 ਕਿਸਾਨ ਜਥੇਬੰਦੀਆਂ ਨੇ ਡੀਸੀ ਰਾਹੀਂ ਰਾਸ਼ਟਰਪਤੀ ਦੇ ਨਾਮ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ
ਕੇਂਦਰ ਸਰਕਾਰ ਵੱਲੋਂ ‘ਅਗਨੀਪਥ’ ਯੋਜਨਾ ਤਹਿਤ ਫੌਜ ਦੀਆਂ ਤਿੰਨੋਂ ਸੇਵਾਵਾਂ ਵਿੱਚ ਚਾਰ ਸਾਲਾਂ ਲਈ ਸੈਨਿਕਾਂ ਦੀ ਭਰਤੀ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ ਅਤੇ ਪਹਿਲੇ ਹੀ ਪੜਾਅ ’ਤੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਦੇਸ਼ ਦੀਆਂ ਸਰਹੱਦਾਂ ’ਤੇ ਸ਼ਾਨਦਾਰ ਡਿਊਟੀ ਨਿਭਾਉਣ ਵਾਲੇ ਸਾਬਕਾ ਸੈਨਿਕ ਅਤੇ ਕਿਸਾਨ ਜਥੇਬੰਦੀਆਂ ਨੇ ਇਸ ਯੋਜਨਾ ਨੂੰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਦੱਸਦਿਆਂ ‘ਅਗਨੀਪਥ’ ਯੋਜਨਾ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਹੈ।
ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਲੌਰ, ਦਵਿੰਦਰ ਸਿੰਘ ਦੇਹਕਲਾਂ ਨੇ ਹੋਰਨਾਂ ਆਗੂਆਂ ਨੇ ਸਾਂਝੇ ਤੌਰ ’ਤੇ 24 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਐਸਡੀਐਮ ਹਰਬੰਸ ਸਿੰਘ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਸੌਂਪਿਆ।
ਕਿਸਾਨਾਂ ਨੇ ਕਿਹਾ ਕਿ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਅਤੇ ਦੇਸ਼ ਦੇ ਕਿਸਾਨ ਪਰਿਵਾਰਾਂ ਲਈ ਇਹ ਵੱਡਾ ਧੋਖਾ ਹੈ। ਜਿਨ੍ਹਾਂ ਨੌਜਵਾਨਾਂ ਦੀ ਭਰਤੀ ਪ੍ਰਕਿਰਿਆ 2020-21 ਵਿੱਚ ਸ਼ੁਰੂ ਹੋਈ ਸੀ, ਉਨ੍ਹਾਂ ਨੂੰ ਰੋਕਣਾ ਯੁਵਾ ਪੀੜ੍ਹੀ ਦੇ ਸੁਪਨਿਆਂ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਫੌਜ ਵਿੱਚ ਸੇਵਾ ਦੀ ਮਿਆਦ 4 ਸਾਲ ਅਤੇ ਪੈਨਸ਼ਨ ਖ਼ਤਮ ਕਰਨਾ ਉਨ੍ਹਾਂ ਸਾਰੇ ਨੌਜਵਾਨਾਂ ਅਤੇ ਪਰਿਵਾਰਾਂ ਨਾਲ ਬੇਇਨਸਾਫ਼ੀ ਹੈ, ਜਿਨ੍ਹਾਂ ਨੇ ਫੌਜ ਨੂੰ ਦੇਸ਼ ਦੀ ਸੇਵਾ ਵਜੋਂ ਦੇਖਿਆ ਹੈ। ਕਿਸਾਨ ਪਰਿਵਾਰਾਂ ਲਈ ਫੌਜ ਦੀ ਨੌਕਰੀ ਇੱਜ਼ਤ ਅਤੇ ਆਰਥਿਕ ਖ਼ੁਸ਼ਹਾਲੀ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਦੀ ਸੇਵਾ ਤੋਂ ਬਾਅਦ ਤਿੰਨ-ਚੌਥਾਈ ਅਗਨੀ ਵੀਰਾਂ ਨੂੰ ਸੜਕ ’ਤੇ ਲਿਆ ਖੜ੍ਹਾ ਕਰਨਾ ਨੌਜਵਾਨਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੈ। ਅਸਲੀਅਤ ਇਹ ਹੈ ਕਿ ਸਰਕਾਰ 15 ਤੋਂ 18 ਸਾਲ ਦੀ ਸੇਵਾ ਕਰ ਚੁੱਕੇ ਜ਼ਿਆਦਾਤਰ ਸਾਬਕਾ ਸੈਨਿਕਾਂ ਦੇ ਮੁੜ ਵਸੇਬੇ ਲਈ ਤਸੱਲੀਬਖ਼ਸ਼ ਪ੍ਰਬੰਧ ਨਹੀਂ ਕਰ ਸਕੀ। ਅਗਨੀ ਵੀਰਾਂ ਦੇ ਰੁਜ਼ਗਾਰ ਅਤੇ ਉੱਜਵਲ ਭਵਿੱਖ ਦੀ ਕੀ ਆਸ ਰੱਖੀ ਜਾ ਸਕਦੀ ਹੈ।
ਕਿਸਾਨਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਗਨੀਪਥ ਬਾਰੇ ਦੇਸ਼ਵਿਆਪੀ ਚਰਚਾ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਰਾਸ਼ਟਰੀ ਸੁਰੱਖਿਆ ਲਈ ਇੱਕ ਵੱਡਾ ਧੱਕਾ ਹੈ। ਰੈਜ਼ੀਮੈਂਟ ਦੇ ਸਮਾਜਿਕ ਢਾਂਚੇ ਨੂੰ ਰਾਤੋ-ਰਾਤ ਬਦਲਣ ਨਾਲ ਜਵਾਨਾਂ ਦੇ ਮਨੋਬਲ ’ਤੇ ਬੁਰਾ ਪ੍ਰਭਾਵ ਪਵੇਗਾ। ਸਰਕਾਰ ਅਜਿਹੇ ਸਮੇਂ ਵਿੱਚ ਅਜਿਹੀਆਂ ਤਬਦੀਲੀਆਂ ਕਰ ਰਹੀ ਹੈ ਜਦੋਂ ਪਿਛਲੇ ਕੁਝ ਸਾਲਾਂ ਵਿੱਚ ਰਾਸ਼ਟਰੀ ਸੁਰੱਖਿਆ ਦੇ ਖ਼ਤਰੇ ਹੋਰ ਡੂੰਘੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਗਨੀਪਥ ਭਾਜਪਾ ਸਰਕਾਰ ਦੀ ਇਕ ਵਿਆਪਕ ਸਾਜ਼ਿਸ਼ੀ ਮੁਹਿੰਮ ਦਾ ਹਿੱਸਾ ਹੈ, ਜਿਸ ਦੇ ਤਹਿਤ ਖੇਤੀ ਉੱਪਰ ਕੰਪਨੀ ਰਾਜ ਸਥਾਪਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਸਾਰੀਆਂ ਪੱਕੀਆਂ ਸਰਕਾਰੀ ਨੌਕਰੀਆਂ ਨੂੰ ਠੇਕੇ ’ਤੇ ਦਿੱਤਾ ਜਾ ਰਿਹਾ ਹੈ ਜਾਂ ਠੇਕੇ ਦੀ ਨੌਕਰੀ ਵਿੱਚ ਬਦਲਿਆ ਜਾ ਰਿਹਾ ਹੈ, ਦੇਸ਼ ਦੀ ਸੰਪਤੀ ਨਿੱਜੀ ਕੰਪਨੀਆਂ ਨੂੰ ਵੇਚੀ ਜਾ ਰਹੀ ਹੈ ਅਤੇ ਦੇਸ਼ ਦੀਆਂ ਨੀਤੀਆਂ ਦੇ ਫ਼ੈਸਲੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਕੀਤੇ ਜਾ ਰਹੇ ਹਨ।
ਇਸ ਮੌਕੇ ਅੰਗਰੇਜ਼ ਸਿੰਘ ਡਕੌਂਦਾ, ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊ ਲਾਂਡਰਾਂ, ਜਸਪਾਲ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਮੁਹਾਲੀ ਪ੍ਰਧਾਨ ਖੋਸਾ, ਹਰਦੇਵ ਸਿੰਘ ਅਲੀਪੁਰ ਬਲਾਕ ਪ੍ਰਧਾਨ ਖੋਸਾ, ਗੁਰਤੇਜ ਸਿੰਘ ਮਨੌਲੀ ਅਤੇ ਹੋਰ ਕਿਸਾਨ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …