ਖੇਤੀ ਮੰਡੀਕਰਨ ਨੀਤੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ

ਕਿਸਾਨ ਜਥੇਬੰਦੀਆਂ ਵੱਲੋਂ 9 ਫਰਵਰੀ ਨੂੰ ਸਾਰੇ ਸੰਸਦ ਮੈਂਬਰਾਂ ਤੇ ਰਾਜ ਸਭਾ ਮੈਂਬਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕਣ ਲਈ 15 ਫਰਵਰੀ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ ਮੁੜ ਮੀਟਿੰਗ ਸੱਦੀ

ਐਸਕੇਐਮ ਤੇ ਬਾਕੀ ਕਿਸਾਨ ਜਥੇਬੰਦੀਆਂ ਵਿੱਚ ਏਕਤਾ ਦੇ ਆਸਾਰ ਮੱਧਮ

ਨਬਜ਼-ਏ-ਪੰਜਾਬ, ਮੁਹਾਲੀ, 2 ਫਰਵਰੀ:
ਪੰਜਾਬ ਦੇ ਕਿਸਾਨਾਂ ਵੱਲੋਂ ਨਵੇਂ ਖੇਤੀ ਮੰਡੀਕਰਨ ਖਰੜੇ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਦੇਰ ਸ਼ਾਮ ਮੁਹਾਲੀ ਦੇ ਸੈਕਟਰ-65 ਸਥਿਤ ਇੱਕ ਹੋਟਲ ਵਿਖੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ। ਸ਼ਾਮ ਕਰੀਬ ਚਾਰ ਵਜੇ ਸ਼ੁਰੂ ਹੋਈ ਇਹ ਅਹਿਮ ਮੀਟਿੰਗ ਦੇਰ ਸ਼ਾਮ ਤੱਕ ਚੱਲੀ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਕਿਸਾਨ ਯੂਨੀਅਨ (ਮਾਨਸਾ) ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ (ਤੋਤੇਵਾਲ) ਦੇ ਪ੍ਰਧਾਨ ਸੁੱਖ ਗਿੱਲ ਮੋਗਾ, ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਸਮੇਤ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।
ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਤੋਤੇਵਾਲ ਜਥੇਬੰਦੀ ਦੇ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਦੱਸਿਆ ਕਿ ਮੀਟਿੰਗ ਵਿੱਚ ‘ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਮੁੱਢੋਂ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਪਿੰਡ ਪੱਧਰ ’ਤੇ ਕਿਸਾਨਾਂ ਅਤੇ ਕਾਸ਼ਤਕਾਰਾਂ ਦੀ ਲਾਮਬੰਦੀ ਕੀਤੀ ਜਾਵੇਗੀ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ।
ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੇ ਫ਼ੈਸਲੇ ਅਨੁਸਾਰ 9 ਫਰਵਰੀ ਨੂੰ ਪੰਜਾਬ ਭਰ ਵਿੱਚ ਸਾਰੇ ਸੰਸਦ ਮੈਂਬਰਾਂ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਮੰਗ ਕੀਤੀ ਕਿ ਖੇਤੀ ਮੰਡੀਕਰਨ ਨੀਤੀ ਨੂੰ ਰੱਦ ਕਰਨ ਲਈ ਕਿਸਾਨਾਂ ਦੀ ਆਵਾਜ਼ ਬਣ ਕੇ ਕੇਂਦਰ ’ਤੇ ਦਬਾਅ ਪਾਇਆ ਜਾਵੇ। ਉਨ੍ਹਾਂ ਦੱਸਿਆ ਕਿ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕਣ ਲਈ 15 ਫਰਵਰੀ ਕਿਸਾਨ ਭਵਨ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਕਿਸਾਨ ਆਗੂਆਂ ਦੀ ਰਾਇ ਅਤੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਅਹਿਮ ਫ਼ੈਸਲੇ ਲਏ ਜਾਣਗੇ।
ਇਸ ਮੌਕੇ ਰਮਿੰਦਰ ਸਿੰਘ ਪਟਿਆਲਾ, ਵੀਰ ਸਿੰਘ ਬੜਵਾ, ਬੂਟਾ ਸਿੰਘ ਬੁਰਜਗਿੱਲ, ਹਰਦੇਵ ਸਿੰਘ ਸੰਧੂ, ਰਾਜੂ ਅੌਲਖ, ਮੁਕੇਸ਼ ਚੰਦਰ, ਡਾ. ਸਤਨਾਮ ਸਿੰਘ ਅਜਨਾਲਾ, ਕੁਲਦੀਪ ਸਿੰਘ ਵਜੀਦਪੁਰ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਉਧਰ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਮੇਤ ਕਿਸਾਨੀ ਮੰਗਾਂ ਅਤੇ ਦੂਜੇ ਪੜਾਅ ਦੇ ਕਿਸਾਨ ਅੰਦੋਲਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਸੰਘਰਸ਼ਸ਼ੀਲ ਬਾਕੀ ਕਿਸਾਨ ਜਥੇਬੰਦੀਆਂ ਵਿੱਚ ਏਕਤਾ ਹੋਣ ਦੇ ਆਸਾਰ ਮੱਧਮ ਨਜ਼ਰ ਆ ਰਹੇ ਹਨ। (ਐਸਕੇਐਮ) ਅਤੇ ਅਲੱਗ ਤੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਿੱਚ ਹਾਲੇ ਤੱਕ ਏਕਤਾ ਦੀਆਂ ਕੋਸ਼ਿਸ਼ਾਂ ਨੂੰ ਬੂਰ ਨਹੀਂ ਪਿਆ। ਇਸ ਸਬੰਧੀ ਆਗੂਆਂ ਦਾ ਕਹਿਣਾ ਹੈ ਕਿ ਐਸਕੇਐਮ ਨੇ ਏਕਤਾ ਲਈ ਪਹਿਲਕਦਮੀ ਕਰਦਿਆਂ ਦੂਜੀਆਂ ਜਥੇਬੰਦੀਆਂ ਨੂੰ ਲਿਖਤੀ ਰੂਪ ਵਿੱਚ ਏਕਤਾ ਦੀ ਅਪੀਲ ਕੀਤੀ ਸੀ ਅਤੇ 12 ਫਰਵਰੀ ਤੱਕ ਆਪਣੀ ਰਾਇ ਦੱਸਣ ਲਈ ਕਿਹਾ ਗਿਆ ਸੀ ਲੇਕਿਨ ਹੁਣ ਤੱਕ ਐਸਕੇਐਮ ਨੂੰ ਦੂਜੀ ਧਿਰ ਵੱਲੋਂ ਏਕਤਾ ਕਰਨ ਦਾ ਕੋਈ ਸੁਨੇਹਾ ਨਹੀਂ ਲਾਇਆ ਗਿਆ। ਜਿਸ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਧੜੇਬੰਦੀ ਅਤੇ ਵਖਰੇਵੇਂ ਬਣੇ ਰਹਿ ਸਕਣ ਦੇ ਆਸਾਰ ਹਨ।

Load More Related Articles
Load More By Nabaz-e-Punjab
Load More In General News

Check Also

ਕਿਸਾਨ ਜਥੇਬੰਦੀਆਂ ਨੇ ਕੇਂਦਰੀ ਬਜਟ ਨੂੰ ਪੰਜਾਬ ਤੇ ਕਿਸਾਨ ਵਿਰੋਧੀ ਦੱਸਿਆ

ਕਿਸਾਨ ਜਥੇਬੰਦੀਆਂ ਨੇ ਕੇਂਦਰੀ ਬਜਟ ਨੂੰ ਪੰਜਾਬ ਤੇ ਕਿਸਾਨ ਵਿਰੋਧੀ ਦੱਸਿਆ ਨਬਜ਼-ਏ-ਪੰਜਾਬ, ਮੁਹਾਲੀ, 2 ਫਰਵਰੀ…