ਖੇਤੀ ਕਾਨੂੰਨ: ਕਿਸਾਨਾਂ ਦੇ ਹੱਕ ਵਿੱਚ ਲੜੀਵਾਰ ਭੁੱਖ-ਹੜਤਾਲ ਤੀਜੇ ਦਿਨ ਵਿੱਚ ਦਾਖ਼ਲ

ਤੀਜੇ ਦਿਨ ਪਿੰਡ ਦੈੜੀ ਦੇ ਸਰਪੰਚ ਤੇ ਨੰਬਰਦਾਰ ਸਣੇ 5 ਵਿਅਕਤੀ ਭੁੱਖ-ਹੜਤਾਲ ’ਤੇ ਬੈਠੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ:
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਕਿਸਾਨ ਹਿਤੈਸ਼ੀ ਪੁਆਧੀ ਹਲਕਾ ਮੁਹਾਲੀ ਦੇ ਕਿਸਾਨਾਂ ਅਤੇ ਸੋਹਾਣਾ ਵਾਸੀਆਂ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਬੁੱਧਵਾਰ ਨੂੰ ਤੀਜੇ ਦਿਨ ਵਿੱਚ ਦਾਖ਼ਲ ਹੋ ਗਈ। ਪਿੰਡ ਸੋਹਾਣਾ ਵਾਸੀ ਮਿੰਦਰ ਸਿੰਘ ਸੋਹਾਣਾ ਅਤੇ ਨੰਬਰਦਾਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਧਰਨੇ ਵਾਲੀ ਥਾਂ ’ਤੇ ਅੱਜ ਪਿੰਡ ਦੈੜੀ ਦੇ ਸਰਪੰਚ ਗੁਰਦੀਪ ਸਿੰਘ, ਨੰਬਰਦਾਰ ਬਲਜੀਤ ਸਿੰਘ, ਬਲਵੰਤ ਸਿੰਘ, ਚੇਤੰਨ ਸਿੰਘ ਅਤੇ ਜਸਵਿੰਦਰ ਸਿੰਘ ਭੁੱਖ-ਹੜਤਾਲ ’ਤੇ ਬੈਠੇ। ਨੰਬਰਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ’ਚੋਂ ਪੰਜ ਵਿਅਕਤੀ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਰੋਜ਼ਾਨਾ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਭੁੱਖ-ਹੜਤਾਲ ’ਤੇ ਬੈਠਿਆ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਬੈਦਵਾਨ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਦੇ ਹੁਕਮਰਾਨ ਅੰਨਦਾਤਾ ਨੂੰ ਬਰਬਾਦ ਕਰਨ ਦੀਆਂ ਵਿਊਂਤਾ ਘੜ ਰਹੇ ਹਨ ਜਦੋਂਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਦਾ ਹੈ, ਪ੍ਰੰਤੂ ਅਜੋਕੇ ਸਮੇਂ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਤ ਦੀ ਗਰਮੀ ਵਿੱਚ ਸੜਕਾਂ ’ਤੇ ਧਰਨਿਆਂ ਉੱਤੇ ਬੈਠਾ ਹੈ ਅਤੇ ਇਨਸਾਫ਼ ਦੀ ਮੰਗ ਕਰਦਿਆਂ ਹੁਣ ਤੱਕ ਸੈਂਕੜੇ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨੀ ਦਾਇਰ ਵਿੱਚ ਰਹਿ ਕੇ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਕੇਂਦਰ ਸਰਕਾਰ ਸ਼ੁਰੂ ਤੋਂ ਵੱਡੇ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ’ਤੇ ਅੰਦੋਲਨ ਵਿੱਚ ਡਟੇ ਸੰਯੁਕਤ ਕਿਸਾਨ ਮੋਰਚੇ ਦਾ ਹਰ ਕਿਸਾਨ ਅਤੇ ਮਜ਼ਦੂਰ ਵੱਲੋਂ ਪੂਰਨ ਸਮਰਥਨ ਕੀਤਾ ਜਾਂਦਾ ਰਹੇਗਾ।
ਇਸ ਮੌਕੇ ਨੰਬਰਦਾਰ ਦਵਿੰਦਰ ਸਿੰਘ, ਸਾਬਕਾ ਬਲਾਕ ਸਮਿਤੀ ਮੈਂਬਰ ਬੀਬੀ ਬਲਵੀਰ ਕੌਰ, ਯੂਥ ਆਗੂ ਅਮਨ ਬੈਦਵਾਨ, ਯੂਥ ਕਲੱਬ ਸੋਹਾਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀ, ਦਵਿੰਦਰ ਸਿੰਘ ਬੌਬੀ, ਨੰਬਰਦਾਰ ਕਰਮਜੀਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਲਖਨੌਰ, ਬੀਬੀ ਚਰਨਜੀਤ ਕੌਰ, ਮਨਮੋਹਨ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…