ਖੇਤੀ ਕਾਨੂੰਨ: ਕਿਸਾਨੀ ਸੰਘਰਸ਼ ਤੇ ਮੌਜੂਦਾ ਹਾਲਾਤਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ: ਚੰਦੂਮਾਜਰਾ

ਕਿਸਾਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨਾਲ ਦੋਸਤਾਨਾ ਮੈਚ ਖੇਡ ਰਹੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸ ਪਾਸ ਕਰਨ ਖ਼ਿਲਾਫ਼ ਅੰਨਦਾਤਾ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਸੂਬੇ ਦੇ ਮੌਜੂਦਾ ਹਾਲਾਤਾਂ ਲਈ ਕੇਂਦਰ ਅਤੇ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੇ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੋਸਤਾਨਾ ਮੈਚ ਖੇਡ ਰਹੇ ਹਨ। ਜਿਸ ਕਾਰਨ ਸੂਬੇ ਦੇ ਹਾਲਾਤ ਨਿਘਾਰ ਵੱਲ ਜਾ ਰਹੇ ਹਨ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਲੜੀਵਾਰ ਚੱਲ ਰਹੇ ਕਿਸਾਨੀ ਸੰਘਰਸ਼ ਦਾ ਕੋਈ ਵੀ ਸਾਰਥਕ ਹੱਲ ਨਾ ਹੋਣ ਪਿੱਛੇ ਸਮੇਂ ਦੀਆਂ ਸਰਕਾਰਾਂ ਦੀ ਗੈਰ ਸੰਜੀਦਗੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਸੈਸ਼ਨ ਬੁਲਾ ਕੇ ਖੇਤੀ ਬਿੱਲਾਂ ਵਿਰੁੱਧ ਪਾਸ ਕੀਤਾ ਕਾਨੂੰਨ ਕੋਈ ਉਸਾਰੂ ਹੱਲ ਨਹੀਂ ਹੈ, ਸਗੋਂ ਆਉਣ ਵਾਲੇ ਸਮੇਂ ਵਿੱਚ ਇਹ ਹੋਰ ਜ਼ਿਆਦਾ ਮੁਸ਼ਕਲਾਂ ਖੜ੍ਹੀਆਂ ਕਰੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਿਰਫ਼ ਕਣਕ ਅਤੇ ਝੋਨੇ ਦੀ ਐਮਐਸਪੀ ’ਤੇ ਖ਼ਰੀਦ ਨੂੰ ਯਕੀਨੀ ਬਣਾਇਆ ਹੈ ਜਦੋਂਕਿ ਬਾਕੀ 21 ਫਸਲਾਂ ਨੂੰ ਕਿਸਾਨਾਂ ਦੀ ਲੁੱਟ ਕਰਨ ਲਈ ਵੱਡੇ ਘਰਾਣਿਆਂ ਅਤੇ ਵਪਾਰੀਆਂ ਨੂੰ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਕਿਸਾਨੀ ਨੂੰ ਡੋਬਣ ’ਤੇ ਲੱਗੀ ਹੋਏ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਬੈਠ ਕੇ ਸਮੁੱਚੇ ਮਸਲੇ ਦਾ ਸਾਰਥਕ ਹੱਲ ਕੱਢਿਆ ਜਾਵੇ।
ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਦੀ ਮਿਲੀਭੁਗਤ ਸ਼ਪੱਸਟ ਨਜ਼ਰ ਆ ਰਹੀ ਹੈ ਕਿ ਉਨ੍ਹਾਂ ਵੱਲੋਂ ਪੇਸ਼ ਕੀਤੇ ਬਿੱਲ ਕਿਸੇ ਵੀ ਕਿਸਾਨ ਜਥੇਬੰਦੀ ਜਾਂ ਸੂਬੇ ਦੀ ਰਾਜਸੀ ਪਾਰਟੀ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਹੀ ਚੁੱਪ-ਚਪੀਤੇ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ, ਜੋ ਪੰਜਾਬ ਦੇ ਲੋਕਾਂ ਦੇ ਮਨਾਂ ਅੰਦਰ ਕਈ ਸ਼ੰਕੇ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਲਈ ਰਸਤੇ ਦੇਣ ਤੋਂ ਬਾਅਦ ਕੇਂਦਰ ਵੱਲੋਂ ਸ਼ਰਤਾਂ ਰੱਖ ਕੇ ਮਾਲ ਗੱਡੀਆ ਚਲਾਉਣਾ ਟਕਰਾਅ ਵਾਲੀ ਸਥਿਤੀ ਖੜੀ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਤੇ ਸੂਬੇ ਦੇ ਮੁੱਖ ਮੰਤਰੀ ਵੱਲੋ ਕੇਂਦਰ ਖ਼ਿਲਾਫ਼ ਸਖਤ ਸਟੈਂਡ ਲੈਣ ਦੀ ਬਜਾਏ ਕਿਸਾਨ ਜਥੇਬੰਦੀਆਂ ਨੂੰ ਮਝਾਉਣਾ ਵਾਲਾ ਉਪਦੇਸ਼ ਦੇਣਾ ਕੇਂਦਰ ਨਾਲ ਮਿਲੇ ਹੋਣ ਦੇ ਸੰਕੇਤ ਦਿੰਦਾ ਹੈ। ਅਖੀਰ ਵਿੱਚ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਜਿੱਦ ਛਿਡ ਕੇ ਕਿਸਾਨ ਜਥੇਬੰਦੀਆਂ ਨਾਲ ਬੈਠ ਕੇ ਸਾਰਥਕ ਹੱਲ ਕੱਢਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਸੰਘਰਸ਼ ਨੂੰ ਲੀਹੋਂ ਲਹਾਉਣ ਵਾਲੀ ਸਿਆਸਤ ਛੱਡ ਕੇ ਸੂਬੇ ਦੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਇੱਕ ਆਵਾਜ਼ ਬੁਲੰਦ ਕਰਨ ਦਾ ਸੁਨੇਹਾ ਦੇਣ ਦੀ ਅਪੀਲ ਕਰੇ।
ਇਸ ਮੌਕੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਸਿੰਘ ਕੰਗ, ਬਲਾਕ ਸਮਿਤੀ ਦੇ ਮੈਂਬਰ ਅਵਤਾਰ ਸਿੰਘ ਮੌਲੀ, ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਸੁਖਦੇਵ ਸਿੰਘ ਪਟਵਾਰੀ, ਸੁਰਿੰਦਰ ਸਿੰਘ ਰੋਡਾ, ਪਰਵਿੰਦਰ ਸਿੰਘ ਤਸਿੰਬਲੀ, ਕਮਲਜੀਤ ਸਿੰਘ ਰੂਬੀ, ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਕੌਰ, ਜਸਵੀਰ ਕੌਰ ਅੱਤਲੀ (ਸਾਬਕਾ ਕੌਂਸਲਰ) ਅਤੇ ਕੈਪਟਨ ਰਮਨਦੀਪ ਸਿੰਘ ਬਾਵਾ ਅਤੇ ਅਵਤਾਰ ਸਿੰਘ ਵਾਲੀਆ ਵੀ ਹਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…