nabaz-e-punjab.com

ਖੇਤੀ ਕਾਨੂੰਨ: ਇਲਾਕੇ ਦੇ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ, ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮੁਹਾਲੀ ਸ਼ਹਿਰ ਤੇ ਨੇੜਲੇ ਪਿੰਡਾਂ ਵਿੱਚ ਕਿਸਾਨਾਂ ਦੀ ਲਾਮਬੰਦੀ ਲਈ ਦਿੱਤਾ ਜਾਗਰੂਕਤਾ ਦਾ ਹੋਕਾ

ਟਰੈਕਟਰ ਮਾਰਚ ਵਿੱਚ ਪੇਂਡੂ ਨੌਜਵਾਨ ਕਿਸਾਨਾਂ ਨੇ ਕੀਤੀ ਭਰਵੀਂ ਸ਼ਮੂਲੀਅਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸ ਪਾਸ ਕਰਨ ਖ਼ਿਲਾਫ਼ ਅੰਨਦਾਤਾ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਸੋਮਵਾਰ ਨੂੰ ਇਲਾਕੇ ਦੇ ਕਿਸਾਨਾਂ ਨੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੁਹਾਲੀ ਸ਼ਹਿਰ ਅਤੇ ਨੇੜਲੇ ਦਰਜਨਾਂ ਪਿੰਡਾਂ ਵਿੱਚ ਵਿਸ਼ਾਲ ਟਰੈਕਟਰ ਮਾਰਚ ਕੀਤਾ ਗਿਆ। ਜਿਸ ਦੀ ਅਗਵਾਈ ਗੁਰਜੰਟ ਸਿੰਘ ਕੰਡਾਲਾ ਨੇ ਕੀਤੀ। ਇਸ ਟਰੈਕਟਰ ਮਾਰਚ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਗੁਰਜੰਟ ਸਿੰਘ ਕੰਡਾਲਾ, ਗੁਰਜਿੰਦਰ ਸਿੰਘ ਭੁੱਲਰ, ਰੱਜਤ ਕੌਸ਼ਲ ਅਤੇ ਹੋਰਨਾਂ ਕਿਸਾਨਾਂ ਨੇ ਇਕਸੁਰ ਵਿੱਚ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਦੋਂਕਿ ਕਿਸਾਨ ਹੁਣ ਆਰ-ਪਾਰ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਜਿਨਸਾਂ ਦੇ ਉਚਿੱਤ ਭਾਅ ਦੇਣ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਹੂਬਹੂ ਲਾਗੂ ਕੀਤੀ ਜਾਵੇ। ਟਰੈਕਟਰ ਮਾਰਚ ਦੌਰਾਨ ਕਿਸਾਨਾਂ ਨੇ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਲੜੀਵਾਰ ਕਿਸਾਨ ਅੰਦੋਲਨ ਦੀ ਸਫਲਤਾ ਲਈ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਕਾਫ਼ਲਿਆਂ ਦੇ ਰੂਪ ਵਿੱਚ ਦਿੱਲੀ ਧਰਨੇ ਵਿੱਚ ਜਾਣ ਲਈ ਪ੍ਰੇਰਦਿਆਂ ਆਪਣੇ ਹੱਕਾਂ ਲਈ ਇਕਜੁੱਟ ਹੋਣ ਦਾ ਹੋਕਾ ਦਿੱਤਾ।
ਜਾਣਕਾਰੀ ਅਨੁਸਾਰ ਇੱਥੋਂ ਦੇ ਫੇਜ਼-11 ਤੋਂ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਇਹ ਟਰੈਕਟਰ ਮਾਰਚ ਇੱਥੋਂ ਦੇ ਫੇਜ਼-7, ਫੇਜ਼-3/ਫੇਜ਼-5 ਦੇ ਲਾਲ ਬੱਤੀ ਚੌਕ, ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਮੁਹਾਲੀ ਏਅਰਪੋਰਟ ਸੜਕ, ਨੇੜਲੇ ਪਿੰਡ ਬਾਕਰਪੁਰ, ਨੰਡਿਆਲੀ, ਝਿਊਰਹੇੜ੍ਹੀ, ਕੰਡਾਲਾ, ਧਰਮਗੜ੍ਹ, ਰੁੜਕਾ, ਕੰਬਾਲਾ-ਕੰਬਾਲੀ ਤੋਂ ਹੁੰਦਾ ਹੋਇਆ ਵਾਪਸ ਬੈਸਟੈੱਕ ਮਾਲ ਫੇਜ਼-11 ਦੇ ਬਾਹਰ ਪਹੁੰਚ ਕੇ ਸਮਾਪਤ ਹੋਇਆ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…