ਖੇਤੀ ਕਾਨੂੰਨ: 26 ਜੂਨ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਗਵਰਨਰ ਹਾਊਸ ਵੱਲ ਮਾਰਚ ਕਰਨਗੇ ਪੰਜਾਬ ਦੇ ਕਿਸਾਨ

ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰਾਸ਼ਟਰਪਤੀ ਦੇ ਨਾਮ ਭੇਜਿਆ ਜਾਵੇਗਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਸੱਤ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਲੜੀਵਾਰ ਧਰਨੇ ਉੱਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ 26 ਜੂਨ ਨੂੰ ਸਮੂਹ ਰਾਜਾਂ ਦੇ ਰਾਜਪਾਲਾਂ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਰੋਸ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਅੱਜ ਇੱਥੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਮੀਟਿੰਗ ਕੀਤੀ ਅਤੇ 26 ਜੂਨ ਨੂੰ ਕੀਤੇ ਜਾਣਗੇ ਪੈਦਲ ਮਾਰਚ ਦੀ ਰੂਪਰੇਖਾ ਉਲੀਕਦੇ ਹੋਏ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਿਸਾਨਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਮੇਟੀ ਦੇ ਮੈਂਬਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮਿਲਣ ਲਈ 26 ਜੂਨ ਨੂੰ ਹੋਣ ਵਾਲੇ ਇਕੱਠ ਦੇ ਪ੍ਰਬੰਧ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਪਰਮਿੰਦਰ ਸਿੰਘ ਚਲਾਕੀ, ਕਮਲਜੀਤ ਸਿੰਘ, ਪ੍ਰੇਮ ਸਿੰਘ ਭੰਗੂ ਅਤੇ ਬਲਵੰਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਵੰਤ ਸਿੰਘ ਕਿਸੇ ਰੁਝੇਵੇਂ ਕਾਰਨ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਅਤੇ ਚਾਰ ਮੈਂਬਰਾਂ ਨੇ ਸਥਾਨਕ ਕਿਸਾਨ ਆਗੂਆਂ ਨਾਲ ਮਿਲ ਕੇ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਹੈ ਅਤੇ 26 ਜੂਨ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਰਾਜਪਾਲ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪੱਤਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਕਾਲੇ ਕਾਨੂੰਨ ਨੂੰ ਰੱਦ ਕੀਤਾ ਜਾਵੇ।
ਕਿਸਾਨ ਆਗੂਆਂ ਨੇ ਦੱਸਿਆ ਕਿ 26 ਜੂਨ ਨੂੰ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਗਰਾਊਂਡ ਵਿਖੇ ਟੈਂਟ ਲਗਾਇਆ ਜਾਵੇਗਾ। ਜਿੱਥੇ ਕਿਸਾਨ ਸੰਯੁਕਤ ਮੋਰਚਾ ਦੇ 32 ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰਨਗੇ। ਇੱਥੇ ਕੁੱਝ ਸਮਾਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਖੇਤੀ ਕਾਨੂੰਨਾਂ ਸਮੇਤ ਹੋਰ ਭਖਦੇ ਮਸਲਿਆਂ ਉੱਤੇ ਚਰਚਾ ਕਰਕੇ ਪੰਜਾਬ ਰਾਜ ਭਵਨ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਸ ਮਾਰਚ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੇ ਲੰਗਰ ਦਾ ਪ੍ਰਬੰਧ ਗੁਰਦੁਆਰਾ ਅੰਬ ਸਾਹਿਬ ਵਿਖੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰੋਸ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਪੈਦਲ ਚੰਡੀਗੜ੍ਹ ਵੱਲ ਰਵਾਨਾ ਹੋਵੇਗਾ ਅਤੇ ਪੰਜਾਬ ਪੁਲੀਸ ਜਾਂ ਚੰਡੀਗੜ੍ਹ ਵੱਲੋਂ ਜਿੱਥੇ ਵੀ ਕਿਸਾਨਾਂ ਦਾ ਮਾਰਚ ਰੋਕਿਆ ਜਾਵੇਗਾ, ਉਹ ਉੱਥੇ ਸੜਕ ’ਤੇ ਬੈਠ ਕੇ ਧਰਨਾ ਦੇਣਗੇ ਅਤੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਥੇੜੀ, ਨਛੱਤਰ ਸਿੰਘ ਬੈਦਵਾਨ, ਕੁਲਵੰਤ ਸਿੰਘ ਤ੍ਰਿਪੜੀ, ਜਸਪਾਲ ਸਿੰਘ ਨਿਆਮੀਆਂ, ਗੁਰਨਾਮ ਸਿੰਘ ਦਾਊਂ, ਗੁਰਮੀਤ ਸਿੰਘ ਖੂੰਨੀਮਾਜਰਾ, ਕਰਮ ਸਿੰਘ ਕਾਰਕੌਰ, ਨਿੱਕਾ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…