ਖੇਤੀ ਕਾਨੂੰਨ: ਮੁਹਾਲੀ ਤੋਂ ਕਿਸਾਨਾਂ ਤੇ ਆਮ ਲੋਕਾਂ ਦਾ ਚੌਥਾ ਜਥਾ ਦਿੱਲੀ ਧਰਨੇ ਲਈ ਰਵਾਨਾ

ਸਮਾਜ ਸੇਵੀ ਨਰਿੰਦਰ ਕੰਗ ਵੱਲੋਂ ਪੂੰਜੀਪਤੀਆਂ ਦੇ ਕਾਰੋਬਾਰਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨੇ ਖੇਤੀ ਬਿੱਲਾਂ ਨੂੰ ਲਾਗੂ ਕਰਨ ਦੀ ਜ਼ਿੱਦ ’ਤੇ ਅੜੀ ਹੋਈ ਹੈ, ਉੱਥੇ ਕਿਸਾਨ ਇਹ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਇਨਸਾਫ਼ ਪ੍ਰਾਪਤੀ ਲਈ ਦਿੱਲੀ ਬਾਰਡਰ ’ਤੇ ਧਰਨੇ ਉੱਤੇ ਬੈਠੇ ਹਨ ਅਤੇ ਹੁਣ ਆਮ ਨਾਗਰਿਕ ਵੀ ਕਿਸਾਨਾਂ ਦੇ ਹੱਕ ਵਿੱਚ ਸੜਕਾਂ ’ਤੇ ਉਤਰ ਆਏ ਹਨ। ਦਿੱਲੀ ਚੱਲੋ ਦਿੱਲੀ ਚੱਲੋ ਅਭਿਆਨ ਦੇ ਤਹਿਤ ਐਤਵਾਰ ਨੂੰ ਸਮਾਜ ਸੇਵੀ ਨੌਜਵਾਨ ਆਗੂ ਨਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਇਲਾਕੇ ਕਿਸਾਨਾਂ ਅਤੇ ਆਮ ਲੋਕਾਂ ਦਾ ਚੌਥਾ ਦਿੱਲੀ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਇਸ ਜਥੇ ਵਿੱਚ ਸ਼ਾਮਲ ਲੋਕ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਗੁਰੂ ਦਾ ਓਟ ਆਸਰਾ ਲੈ ਕੇ ਅਰਦਾਸ ਉਪਰੰਤ ਦਿੱਲੀ ਲਈ ਚਾਲੇ ਪਾਏ। ਇਸ ਕਾਫ਼ਲੇ ਵਿੱਚ ਅਮਰਜੀਤ ਸਿੰਘ ਧਾਲੀਵਾਲ, ਗੋਲਡੀ ਬਾਜਵਾ, ਮਨਜੀਤ ਸਿੰਘ ਬੈਂਸ, ਰਾਜੀਵ ਵਾਲੀਆ, ਜਸਪ੍ਰੀਤ ਸਿੰਘ ਕਲਸੀ ਅਤੇ ਹੋਰ ਵਿਅਕਤੀ ਸ਼ਾਮਲ ਹਨ। ਉਹ ਆਪਣੇ ਕਾਫ਼ਲੇ ਨਾਲ ਪੀਣ ਵਾਲੇ ਪਾਣੀ ਦੀਆਂ 5 ਹਜ਼ਾਰ ਬੋਤਲਾਂ, ਦਵਾਈਆਂ, ਗਰਮ ਜੁਰਾਬਾਂ ਅਤੇ ਹੋਰ ਰਸਤਾਂ ਬਸਤਾਂ ਲੈ ਕੇ ਗਏ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਹਿਯੋਗੀ ਮੰਤਰੀ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜਦੇ ਆ ਰਹੇ ਹਨ। ਉਨ੍ਹਾਂ ਕਿਸਾਨਾਂ ਦੇ ਹੱਕ ਵਿੱਚ ਆਮ ਲੋਕਾਂ ਨੂੰ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਲੋਕਾਂ ਨੂੰ ਇੱਕਜੱੁਟ ਹੋ ਕੇ ਪੂੰਜੀਪਤੀਆਂ ਦੇ ਕਾਰੋਬਾਰ ਦਾ ਮੁਕੰਮਲ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਖੇਤੀਬਾੜੀ ਧੰਦਿਆਂ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਮੰਗ ਨੂੰ ਪੂਰਾ ਕਰਦਾ ਆ ਰਿਹਾ ਹੈ ਪ੍ਰੰਤੂ ਅੱਜ ਉਹੀ ਅੰਨਦਾਤਾ ਇਨਸਾਫ਼ ਲਈ ਦਿੱਲੀ ਦੀਆਂ ਸੜਕਾਂ ’ਤੇ ਰੁਲ ਰਿਹਾ ਹੈ ਲੇਕਿਨ ਹੁਕਮਰਾਨ ਕਿਸਾਨਾਂ ਦੀ ਗੱਲ ਮੰਨਣ ਦੀ ਬਜਾਏ ਕਾਰੋਬਾਰੀ ਘਰਾਣਿਆਂ ਦੀ ਵਕਾਲਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਆਮ ਆਦਮੀ ਦੀ ਮੁੱਢਲੀ ਜ਼ਰੂਰਤ ਬਣ ਗਏ ਹਨ ਪ੍ਰੰਤੂ ਜਦ ਤੋਂ ਕੇਂਦਰ ਵਿੰਚ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਤੋਂ ਆਏ ਦਿਨ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…