ਖੇਤੀ ਕਾਨੂੰਨ: ਮੁਹਾਲੀ ਜ਼ਿਲ੍ਹੇ ਵਿੱਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ, ਸਾਰੇ ਕਾਰੋਬਾਰ ਤੇ ਬਾਜ਼ਾਰ ਮੁਕੰਮਲ ਬੰਦ

ਕਿਸਾਨਾਂ ਵੱਲੋਂ ਖਰੜ, ਚੱਪੜਚਿੜੀ, ਭਾਗੋਮਾਜਰਾ, ਟੀਡੀਆਈ, ਏਅਰਪੋਰਟ ਸੜਕ ਤੇ ਹੋਰਨਾਂ ਥਾਵਾਂ ’ਤੇ ਚੱਕਾ ਜਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸ਼ੁੱਕਰਵਾਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਰੇਲ ਤੇ ਸੜਕ ਆਵਾਜਾਈ ਰੋਕੀ ਗਈ। ਇਲਾਕੇ ਦੇ ਕਿਸਾਨ ਅੱਜ ਸਵੇਰੇ 6 ਵਜੇ ਹੀ ਸੜਕਾਂ ’ਤੇ ਆ ਗਏ ਸੀ ਅਤੇ ਉੱਥੇ ਹੀ ਚਾਹ ਪਾਣੀ ਅਤੇ ਬ੍ਰੈੱਡਾਂ ਦੇ ਲੰਗਰ ਲਗਾਏ। ਰਾਹਗੀਰਾਂ ਨੇ ਵੀ ਰੋਸ ਮੁਜ਼ਾਹਰੇ ਦਾ ਹਿੱਸਾ ਬਣ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਲੋਕਾਂ ਨੇ ਆਪੋ ਆਪਣੇ ਕਾਰੋਬਾਰ ਬੰਦ ਰੱਖੇ ਅਤੇ ਸਾਰੇ ਬਾਜ਼ਾਰ ਵੀ ਮੁਕੰਮਲ ਬੰਦ ਰਹੇ। ਮਾਰਕੀਟਾਂ ਅਤੇ ਸਾਰਾ ਸੜਕਾਂ ’ਤੇ ਸੰਨਾਟਾ ਪਸਰਿਆ ਰਿਹਾ। ਧਰਨਾ ਲਗਾ ਕੇ ਬੈਠੇ ਕਿਸਾਨਾਂ ਨੇ ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਮੱਦੇਨਜ਼ਰ ਸਿਰਫ਼ ਐਂਬੂਲੈਂਸਾਂ ਨੂੰ ਅੱਗੇ ਲੰਘਣ ਲਈ ਰਾਹ ਦਿੱਤਾ ਗਿਆ।
ਇਲਾਕੇ ਦੇ ਕਿਸਾਨਾਂ ਨੇ ਚੱਪੜਚਿੜੀ ਟੀ-ਪੁਆਇੰਟ ’ਤੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਤੇ ਖੇਤੀ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਟੀਡੀਆਈ ਸੜਕ, ਲਾਂਡਰਾਂ-ਖਰੜ ਸੜਕ ਅਤੇ ਲਾਂਡਰਾਂ ਤੋਂ ਬਨੂੜ ਨੂੰ ਜਾਂਦੇ ਰਾਜ ਮਾਰਗ ’ਤੇ ਵੀ ਥਾਂ-ਥਾਂ ਧਰਨੇ ਦਿੱਤੇ ਗਏ। ਮੁਹਾਲੀ ਏਅਰਪੋਰਟ ਸੜਕ ’ਤੇ ਨੌਜਵਾਨਾਂ ਨੇ ਚੱਕਾ ਜਾਮ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਏਅਰਪੋਰਟ ਚੌਕ ਨੇੜੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਵੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀ ਨੌਜਵਾਨ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਸਨ।
ਚੱਪੜਚਿੜੀ ਧਰਨੇ ਨੂੰ ਸੰਬੋਧਨ ਕਰਦਿਆਂ ਪਵਨਦੀਪ ਕੌਰ ਨੇ ਕਿਹਾ ਕਿ ਜਦੋਂ ਕਿਸਾਨ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਦਿੱਲੀ ਦੀਆਂ ਬਰੂਹਾਂ ’ਤੇ ਲੜੀਵਾਰ ਧਰਨੇ ’ਤੇ ਬੈਠੇ ਹਨ ਤਾਂ ਕੀ ਅਸੀਂ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਇਕ ਦਿਨ ਦਾ ਵੀ ਸਮਾਂ ਨਹੀਂ ਕੱਢ ਸਕਦੇ। ਉਨ੍ਹਾਂ ਨੇ ਘਰਾਂ ਵਿੱਚ ਰਸੋਈ ਦਾ ਕੰਮ ਸਾਂਭਣ ਵਾਲੀਆਂ ਅੌਰਤਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ’ਤੇ ਆਉਣ।
ਨੰਬਰਦਾਰ ਜਗਜੀਤ ਸਿੰਘ ਚੱਪੜਚਿੜੀ ਨੇ ਕਿਹਾ ਕਿ ਇਹ ਕੇਵਲ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਹੈ, ਸਗੋਂ ਖੇਤੀ ਕਾਨੂੰਨ ਸਾਰੇ ਵਰਗਾਂ ਲਈ ਘਾਤਕ ਸਾਬਤ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਜਾਵੇ। ਹਰਨੇਕ ਸਿੰਘ, ਰਵਿੰਦਰ ਸਿੰਘ ਅਤੇ ਹਰਭਜਨ ਸਿੰਘ ਅਤੇ ਹੋਰਨਾਂ ਬੁਲਾਰਿਆਂ ਨੇ ਵੀ ਭਾਜਪਾ ਨੂੰ ਕਿਸਾਨ ਵਿਰੋਧੀ ਦੱਸਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।

ਇਸੇ ਦੌਰਾਨ ਮੁਹਾਲੀ ਦੇ ਸਨਅਤੀ ਏਰੀਆ ਫੇਜ਼-8 ਵਿੱਚ ਇਕ ਆਈਟੀ ਕੰਪਨੀ ਖੁੱਲ੍ਹੀ ਹੋਣ ਦੀ ਸੂਚਨਾ ਮਿਲਣ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਤ੍ਰਿਪੜੀ ਤੇ ਹੋਰ ਕਿਸਾਨ ਕੰਪਨੀ ਦਫ਼ਤਰ ਵਿੱਚ ਪਹੁੰਚ ਗਏ। ਸੁਰੱਖਿਆ ਗਾਰਡ ਨੇ ਕਿਸਾਨਾਂ ਨੂੰ ਦੱਸਿਆ ਕਿ ਦਫ਼ਤਰ ਤਾਂ ਬੰਦ ਹੈ। ਕਿਸਾਨਾਂ ਨੇ ਅੰਦਰ ਝਾਤ ਮਾਰ ਕੇ ਦੇਖਣ ਤੋਂ ਬਾਅਦ ਉੱਥੋਂ ਵਾਪਸ ਆ ਗਏ ਪ੍ਰੰਤੂ ਸੂਤਰ ਦੱਸਦੇ ਹਨ ਕਿ ਦਫ਼ਤਰ ਖੁੱਲ੍ਹਾ ਸੀ ਅਤੇ ਸਟਾਫ਼ ਹਾਜ਼ਰ ਸਨ। ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ ਅਤੇ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਗੁਪਤ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…