nabaz-e-punjab.com

ਖੇਤੀ ਕਾਨੂੰਨ: ਚੱਪੜਚਿੜੀ ਜੰਗੀ ਯਾਦਗਾਰ ਨੇੜੇ ਐਤਵਾਰ ਨੂੰ ਹੋਵੇਗੀ ਕਿਸਾਨ ਮਹਾਂ ਸਭਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਨੌਜਵਾਨ ਕਿਸਾਨ ਏਕਤਾ ਮੁਹਾਲੀ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਦੇ ਕ੍ਰਿਕਟ ਗਰਾਉਂਡ (ਨੇੜੇ ਜੰਗੀ ਯਾਦਗਾਰ) ਵਿਖੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਭਲਕੇ 7 ਮਾਰਚ ਨੂੰ ਕਿਸਾਨ ਮਹਾਂ ਸਭਾ ਕਰਵਾਈ ਜਾ ਰਹੀ ਹੈ। ਨੌਜਵਾਨ ਕਿਸਾਨ ਏਕਤਾ ਦੇ ਆਗੂਆਂ ਪ੍ਰਨੀਤ ਸਿੰਘ, ਹਰਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਅਤੇ ਨੌਜਵਾਨਾਂ ਅਤੇ ਬੀਬੀਆਂ ਦੀ ਲਾਮਬੰਦੀ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ। ਕਿਸਾਨ ਮਹਾਂ ਸਭਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਬਲਦੇਵ ਸਿੰਘ ਸਿਰਸਾ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ ਅਤੇ ਅੰਤਰਰਾਸ਼ਟਰੀ ਪੁਆਧੀ ਸਭਾ ਦੇ ਕਾਰਕੁਨ ਗੁਰਪ੍ਰੀਤ ਸਿੰਘ ਨਿਆਮੀਆਂ ਅਤੇ ਪੰਜਾਬੀ ਗਾਇਕ ਜੱਸ ਬਾਜਵਾ, ਬੀਰ ਸਿੰਘ, ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ, ਕਰਮਜੀਤ ਅਨਮੋਲ ਸ਼ਮੂਲੀਅਤ ਕਰਨਗੇ।
ਕਿਸਾਨ ਮਹਾਂ ਸਭਾ ਬਾਰੇ ਚੱਪੜਚਿੜੀ ਦੇ ਮੈਦਾਨ ਦੀ ਚੋਣ ਕਰਨ ਬਾਰੇ ਪ੍ਰਬੰਧਕ ਨੌਜਵਾਨਾਂ ਨੇ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਇਸ ਮੈਦਾਨ ਵਿੱਚ ਮੁਗਲ ਫੌਜਾਂ ਨਾਲ ਲੋਹਾ ਲੈਂਦੇ ਹੋਏ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਸ਼ਹਾਦਤ ਦਾ ਬਦਲਾ ਲਿਆ ਸੀ, ਉੱਥੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਦੇ ਹੱਕ ਦਿਵਾਏ ਸਨ। ਜਿਸ ਕਾਰਨ ਕਿਸਾਨੀ ਮਸਲਿਆਂ ਬਾਰੇ ਕਿਸਾਨ ਮਹਾਂ ਸਭਾ ਚੱਪੜਚਿੜੀ ਦੀ ਧਰਤੀ ਉੱਤੇ ਕਰਵਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ, ਕਿਸਾਨ ਵੈੱਲਫੇਅਰ ਸੁਸਾਇਟੀ ਪੰਜਾਬ, ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ, ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਬਾਬਾ ਗਾਜ਼ੀਦਾਸ ਜੀ ਕਲੱਬ, ਯੂਨਾਈਟਿਡ ਸਿੱਖ, ਪੌੜੀਵਾਦੀ ਮੰਚ, ਬਾਜਵਾ ਡਿਵੈਲਪਰਜ਼, ਮੁਹਾਲੀ ਡਿਵੈਲਪਮੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਨਾਨਕ ਹੱਟ ਵਰਗੇ ਸੰਗਠਨ ਨੇ ਵੀ ਕਿਸਾਨ ਮਹਾਂ ਸਭਾ ਵਿੱਚ ਸ਼ਿਰਕਤ ਕਰਨ ਦੀ ਹਾਮੀ ਭਰੀ ਹੈ। ਇਸ ਤੋਂ ਇਲਾਵਾ ਕਿਸਾਨ, ਵਿਦਿਆਰਥੀ ਅਤੇ ਕਰਮਚਾਰੀ ਹਿੱਸਾ ਲੈਣ ਲਈ ਸੰਦੇਸ਼ ਭੇਜ ਰਹੇ ਹਨ। ਹਰਿੰਦਰ ਸਿੰਘ ਨੇ ਕਿਹਾ ਕਿ ਸਭਾ ਦੌਰਾਨ ਗੀਤ, ਕਵਿਤਾਵਾਂ ਅਤੇ ਭਾਸ਼ਣ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …