ਖੇਤੀ ਕਾਨੂੰਨ: ਕਿਸਾਨਾਂ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ’ਤੇ ਚੱਕਾ ਜਾਮ ਕਰਕੇ ਧਰਨੇ ਦਿੱਤੇ

ਇਲਾਕੇ ਦੀਆਂ ਬੀਬੀਆਂ ਵੀ ਕਿਸਾਨੀ ਝੰਡੇ ਲੈ ਕੇ ਧਰਨੇ ਵਿੱਚ ਪੁੱਜੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ਸ਼ੀਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਅੰਤਰਰਾਸ਼ਟਰੀ ਪੁਆਧੀ ਮੰਚ ਅਤੇ ਇਲਾਕੇ ਦੇ ਕਿਸਾਨਾਂ, ਆਮ ਲੋਕਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਲਾਕੇ ਦੇ ਕਿਸਾਨਾਂ ਅਤੇ ਆਮ ਸ਼ਹਿਰੀਆਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਮੁਹਾਲੀ ਏਅਰਪੋਰਟ ਸੜਕ ’ਤੇ ਦੁਪਹਿਰ 12 ਵਜੇ ਤੋਂ ਲੈ ਕੇ ਬਾਅਦ ਦੁਪਹਿਰ ਤਿੰਨ ਵਜੇ ਤੱਕ ਚੱਕਾ ਜਾਮ ਕਰਕੇ ਧਰਨਾ ਦਿੱਤਾ ਅਤੇ ਦੇਸ਼ ਦੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਧਰਨੇ ਵਿੱਚ ਬੀਬੀਆਂ ਨੇ ਵੀ ਕਿਸਾਨੀ ਝੰਡੇ ਲੈ ਕੇ ਸ਼ਿਰਕਤ ਕੀਤੀ।
ਇਸ ਮੌਕੇ ਅੰਤਰਰਾਸ਼ਟਰੀ ਪੁਆਧੀ ਮੰਚ ਦੀ ਸਰਪ੍ਰਸਤ ਪਰਮਜੀਤ ਕੌਰ ਲਾਂਡਰਾਂ, ਗੁਰਪ੍ਰੀਤ ਸਿੰਘ ਨਿਆਮੀਆਂ, ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਸਮੇਤ ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਮਨਮੋਹਨ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਯੂਥ ਆਗੂ ਗੁਰਜੀਤ ਸਿੰਘ ਮਾਮਾ ਮਟੌਰ, ਜ਼ਿਲ੍ਹਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕਾਲੇ ਖੇਤੀ ਕਾਨੂੰਨ ਤੁਰੰਤ ਵਾਪਸ ਲਏ ਜਾਣ ਅਤੇ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣ। ਉਨ੍ਹਾਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਹੁਕਮਰਾਨ ਕਿਸਾਨਾਂ ਦੇ ਸਬਰ ਦੀ ਹੋਰ ਸਖ਼ਤ ਪ੍ਰੀਖਿਆ ਨਾ ਲੈਣ ਅਤੇ ਕਿਸਾਨਾਂ ਦੇ ਦਰਜ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ।
ਇਸੇ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਸਥਿਤ ਪਿੰਡ ਭਾਗੋਮਾਜਰਾ ਵਿਖੇ ਇਲਾਕਾ ਵਾਸੀਆਂ ਨੇ ਟਰੈਫ਼ਿਕ ਜਾਮ ਕਰਕੇ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੈਰੀਫੈਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਸੁਰਮੁੱਖ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਮਨਪ੍ਰੀਤ ਸਿੰਘ, ਪਰਮ ਪੂਨੀਆ, ਦਲਵੀਰ ਸਿੰਘ, ਬਹਾਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇੰਜ ਹੀ ਸੈਕਟਰ79 ਤੋਂ 80 ਦੇ ਲਾਲ ਬੱਤੀ ਚੌਕ ਅਤੇ ਆਈਸ਼ਰ ਚੌਕ’ਤੇ ਇਲਾਕੇ ਦੇ ਲੋਕਾਂ ਨੇ ਚੱਕਾ ਜਾਮ ਕਰਕੇ ਧਰਨੇ ਦਿੱਤੇ ਗਏ। ਇੰਜ ਹੀ ਪਿੰਡ ਦੈੜੀ ਚੌਕ ’ਤੇ ਵੀ ਇਲਾਕੇ ਦੇ ਲੋਕਾਂ ਨੇ ਧਰਨਾ ਦਿੱਤਾ ਅਤੇ ਚੱਕਾ ਜਾਮ ਕੀਤਾ। ਇਨ੍ਹਾਂ ਧਰਨਿਆਂ ਦੌਰਾਨ ਲੋਕਾਂ ਦੀ ਇੱਕੋ ਮੰਗ ਕੀਤੀ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ।
ਉਧਰ, ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੇ ਚੰਡੀਗੜ੍ਹ ਸਟੇਟ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਆਪਣੇ ਕਿਸਾਨ ਸਾਥੀਆਂ ਨਾਲ ਮੁਹਾਲੀ ਦੇ ਸੈਕਟਰ-82 ਦੇ ਸਾਹਮਣੇ ਹਵਾਈ ਅੱਡੇ ਨੂੰ ਜਾਂਦੀ ਸੜਕ ਉੱਤੇ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਚੱਕਾ ਜਾਮ ਕੀਤਾ। ਇਹ ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਿਹਾ। ਕਿਸੇ ਐਂਬੂਲੈਂਸ ਨੂੰ ਨਹੀਂ ਰੋਕਿਆ ਗਿਆ ਪਰ ਉਂਜ ਸੜਕ ਉੱਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਮੌਕੇ ਰਾਜਿੰਦਰ ਸਿੰਘ ਬਡਹੇੜੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਖੇਤੀ ਨਾਲ ਸਬੰਧਤ ਆਪਣੇ ਨਵੇਂ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਤੱਦ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।
ਇਸ ਮੌਕੇ ‘ਕਿਸਾਨ ਮਜ਼ਦੂਰ ਏਕਤਾ’ ਅਤੇ ਕੇਂਦਰ ਸਰਕਾਰ ਵਿਰੋਧੀ ਨਾਅਰੇ ਵੀ ਲਾਏ ਗਏ। ਚੱਕਾ ਜਾਮ ਲਈ ਲਾਏ ਗਏ ਧਰਨੇ ਵਿੱਚ ਰਾਜਿੰਦਰ ਸਿੰਘ ਬਡਹੇੜੀ, ਗੁਰਮੀਤ ਸਿੰਘ ਬਾਕਰਪੁਰ, ਗੁਰਦੀਪ ਸਿੰਘ ਚਿੱਲਾ, ਬਚਨ ਸਿੰਘ ਪਾਪੜੀ ਅਤੇ ਹੋਰ ਕਿਸਾਨ ਵੀਰ ਅਤੇ ਆਲ ਇੰਡੀਆ ਜੱਟ ਮਹਾਂਸਭਾ ਦੇ ਮੈਂਬਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…