
ਖੇਤੀ ਕਾਨੂੰਨ: ਕਿਸਾਨਾਂ ਦੇ ਹੱਕ ਵਿੱਚ ਲੜੀਵਾਰ ਭੁੱਖ-ਹੜਤਾਲ, ਬੀਬੀਆਂ ਨੇ ਸੰਭਾਲਿਆ ਮੋਰਚਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪੁਆਧੀ ਹਲਕਾ ਮੁਹਾਲੀ ਵੱਲੋਂ ਕਾਲੇ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਦੇਸ਼-ਵਿਆਪੀ ਕਿਸਾਨ-ਮਜ਼ਦੂਰ ਅੰਦੋਲਨ ਦੇ ਹਮਾਇਤ ਵਿੱਚ ਸ਼ੁਰੂ ਕੀਤੀ ਭੁੱਖ-ਹੜਤਾਲ ਵਿੱਚ ਅੱਜ 11ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਆਜ਼ਾਦ ਗਰੁੱਪ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਦੀ ਅਗਵਾਈ ਹੇਠ ਬੀਬੀਆਂ ਨੇ ਭੁੱਖ ਹੜਤਾਲ ’ਤੇ ਬੈਠ ਕੇ ਧਰਨੇ ਦਾ ਮੋਰਚਾ ਸੰਭਾਲਿਆ। ਅੱਜ ਕੌਂਸਲਰ ਹਰਜਿੰਦਰ ਕੌਰ ਸਮੇਤ ਗੁਰਮੀਤ ਕੌਰ, ਰਾਜਵੀਰ ਕੌਰ ਗਿੱਲ, ਅਰੁਣਾ ਵਸ਼ਿਸ਼ਟ, ਰਮਨਪ੍ਰੀਤ ਕੌਰ ਕੁੰਭੜਾ ਸਾਰੀਆਂ ਕੌਂਸਲਰ ਸਵੇਰੇ ਭੁੱਖ-ਹੜਤਾਲ ’ਤੇ ਬੈਠੀਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭੁੱਖ-ਹੜਤਾਲ ’ਤੇ ਬੈਠੀਆਂ ਇਨ੍ਹਾਂ ਬੀਬੀਆਂ ਨੇ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਉਂਦਿਆਂ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਉਨ੍ਹਾਂ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਤਾਂ ਜੋ ਕਿਸਾਨ ਆਪਣੇ ਘਰਾਂ ਵਿੱਚ ਪਰਤ ਸਕਣ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਹਿਲਾ ਕੌਂਸਲਰਾਂ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਹੁਣ ਤੱਕ ਜਿੰਨੇ ਵੀ ਧਾਰਮਿਕ, ਸਮਾਜਿਕ, ਰਾਜਨੀਤਕ ਸੰਘਰਸ਼ ਹੋਏ ਹਨ, ਉਨ੍ਹਾਂ ਵਿੱਚ ਅੌਰਤਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਪਿਛਲੇ ਸੱਤ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਵੀ ਅੌਰਤਾਂ ਬਰਾਬਰ ਦੀ ਲੜਾਈ ਲੜ ਰਹੀਆਂ ਹਨ। ਇਸ ਤੋਂ ਇਲਾਵਾ ਜੋ ਅੌਰਤਾਂ ਦਿੱਲੀ ਨਹੀਂ ਜਾ ਸਕੀਆਂ ਹਨ ਜਾਂ ਨਹੀਂ ਜਾ ਸਕਦੀਆਂ ਉਨ੍ਹਾਂ ਵੱਲੋਂ ਪਿੰਡ ਪੱਧਰ ’ਤੇ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੌਰਤ ਸਿਰਫ਼ ਘਰ ਦਾ ਚੁੱਲ੍ਹਾ ਚੌਂਕਾ ਹੀ ਸੰਭਾਲਣਾ ਨਹੀਂ ਜਾਣਦੀ ਬਲਕਿ ਆਪਣੇ ਹੱਕਾਂ ਲਈ ਮਰ ਮਿੱਟਣ ਤੋਂ ਵੀ ਪਿੱਛੇ ਨਹੀਂ ਹਟਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਮਿੰਦਰ ਸੋਹਾਣਾ, ਨੰਬਰਦਾਰ ਹਰਵਿੰਦਰ ਸਿੰਘ, ਅਮਨ ਪੂਨੀਆ ਪਹਿਲਵਾਨ, ਬਲਰਾਜ ਸਿੰਘ ਗਿੱਲ, ਯੂਥ ਕਲੱਬ ਸੋਹਾਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀ ਬੈਦਵਾਨ, ਦਵਿੰਦਰ ਸਿੰਘ ਬੌਬੀ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਬਲਾਕ ਸਮਿਤੀ ਦੀ ਸਾਬਕਾ ਮੈਂਬਰ ਬਲਬੀਰ ਕੌਰ, ਨੌਜਵਾਨ ਆਗੂ ਖੁਸ਼ਇੰਦਰ ਸਿੰਘ ਬੈਦਵਾਨ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕਰਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।