ਖੇਤੀਬਾੜੀ ਵਿਭਾਗ (ਆਤਮਾ ਸਕੀਮ) ਦੇ ਕਰਮਚਾਰੀਆਂ ਨੇ ‘ਆਪ’ ਸਰਕਾਰ ਵਿਰੁੱਧ ਮੋਰਚਾ ਖੋਲਿਆ

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੱਚੇ ਮੁਲਾਜ਼ਮਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ, ਭਗਵੰਤ ਮਾਨ ’ਤੇ ਵਰ੍ਹੇ

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੇ ਜਾਇਜ਼ ਮੰਗਾਂ ਮੰਨਣ ਅਤੇ ਪੱਕੇ ਕਰਨ ਸਬੰਧੀ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜਣ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਆਤਮਾ ਸਕੀਮ) ਅਧੀਨ ਭਰਤੀ ਕੀਤੇ ਗਏ ਕੱਚੇ ਕਰਮਚਾਰੀਆਂ ਨੇ ਪੰਜਾਬ ਦੀ ਆਪ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪੀੜਤ ਕਰਮਚਾਰੀਆਂ ਨੂੰ ਮਾਰਚ ਅਤੇ ਅਪਰੈਲ ਮਹੀਨੇ ਤਨਖ਼ਾਹ ਵੀ ਨਹੀਂ ਦਿੱਤੀ ਗਈ ਹੈ। ਜਿਸ ਕਾਰਨ ਪੀੜਤ ਕਰਮਚਾਰੀਆਂ ਨੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਸ਼ੁਰੂ ਕਰ ਦਿੱਤਾ ਹੈ। ਸੂਬਾ ਪ੍ਰਧਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਦਸੰਬਰ 2018 ਨੂੰ ਜਾਰੀ ਹਦਾਇਤਾਂ ਮੁਤਾਬਕ ਸਾਲਾਨਾ 10 ਫੀਸਦੀ ਇੰਕਰੀਮੈਂਟ, ਬਣਦਾ ਬਕਾਇਆ ਅਤੇ ਪੱਕੇ ਕਰਨ ਸਬੰਧੀ ਬੀਤੀ 5 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਮੰਗ ਪੱਤਰ ਦੇ ਕੇ ਆਤਮ ਸਟਾਫ਼ ਵੱਲੋਂ ਕਲਮਛੋੜ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ ਸਨ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਕੱਚੇ ਕਾਮਿਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਬੁਲਾਰਿਆਂ ਨੇ ਕਿਹਾ ਕਿ ਆਰਥਿਕ ਤੰਗੀ ਨਾਲ ਜੂਝ ਰਹੇ ਆਤਮਾ ਸਕੀਮ ਦੇ ਕਰਮਚਾਰੀ 11 ਮਈ ਤੋਂ ਖੇਤੀ ਭਵਨ ਮੁਹਾਲੀ ਦੇ ਬਾਹਰ ਸ਼ਾਂਤਮਈ ਰੋਸ ਧਰਨਾ ਦੇ ਰਹੇ ਹਨ।
ਉਧਰ, ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਧਰਨੇ ਵਿੱਚ ਪਹੁੰਚ ਕੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਅਤੇ ਆਪ ਸਰਕਾਰ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਾਰੇ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੀੜਤ 421 ਨੌਜਵਾਨ ਬੀਐੱਡ ਅਤੇ ਪੀਐਚਡੀ ਕਰਕੇ 11 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ ਪ੍ਰੰਤੂ ਇਸ ਦੇ ਬਾਵਜੂਦ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ 26 ਹਜ਼ਾਰ ਮੁਲਾਜ਼ਮ ਭਰਤੀ ਕਰਨ ਦੇ ਦਾਅਵੇ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹਨ। ਇੰਜ ਹੀ ਕੱਚੇ ਅਧਿਆਪਕ, ਸਨੈਟੋ ਟਾਈਪਿਸਟ, ਜੇਲ੍ਹ ਵਾਰਡਨ, ਪਟਵਾਰੀ, ਪੰਜਾਬ ਪੁਲੀਸ ਦੇ ਸਿਪਾਹੀ ਨਿਯੁਕਤ ਪੱਤਰਾਂ ਨੂੰ ਉਡੀਕ ਰਹੇ ਹਨ।
ਖਹਿਰਾ ਨੇ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਪਹਿਲਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇ। ਇਸ ਮਗਰੋਂ ਬਾਕੀ ਅਸਾਮੀਆਂ ਲਈ ਅਗਲੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਭਰਤੀ ਮਾਮਲੇ ਵਿੱਚ ਸਰਕਾਰ ਮਹਿਜ਼ ਡਰਾਮੇਬਾਜ਼ੀ ਕਰ ਰਹੀ ਹੇ। ਜਿਸ ਕਾਰਨ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਅੱਤ ਦੀ ਗਰਮੀ ਵਿੱਚ ਜ਼ਮੀਨ ’ਤੇ ਭੁੰਜੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਸਮੇਤ ਬਾਕੀ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਚੁੱਕਿਆ ਜਾਵੇਗਾ।

ਉਧਰ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਕੱਚੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨਣ ਅਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਆਪਣੀ ਹੜਤਾਲ ਖ਼ਤਮ ਕਰਕੇ ਝੋਨੇ ਦੀ ਸਿੱਧੀ ਲੁਆਈ ਅਤੇ ਪਾਣੀ ਦੀ ਬੱਚਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…