ਖੇਤੀ ਕਾਨੂੰਨ: ਕਿਸਾਨਾਂ ਨਾਲ ਗੁਰਪ੍ਰੀਤ ਘੁੱਗੀ ਤੇ ਦਰਸ਼ਨ ਅੌਲਖ ਵੀ ਭੁੱਖ ਹੜਤਾਲ ’ਤੇ ਬੈਠੇ

ਦੁਨੀਆ ਦਾ ਢਿੱਡ ਭਰਨ ਵਾਲਾ ਅੰਨਦਾਤਾ ਸੜਕਾਂ ’ਤੇ ਰੁਲਨ ਲਈ ਮਜਬੂਰ: ਗੁਰਪ੍ਰੀਤ ਘੁੱਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਕੇਂਦਰ ਸਰਕਾਰ ਅਤੇ ਭਾਜਪਾ ਲੀਡਰਸ਼ਿਪ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕੋਝੀਆਂ ਹਰਕਤ ’ਤੇ ਉਤਰ ਆਈ ਹੈ ਪ੍ਰੰਤੂ ਪੰਜਾਬ ਦੇ ਕਿਸਾਨ ਹੁਕਮਰਾਨਾਂ ਨੂੰ ਲੂੰਬੜ ਚਾਲਾਂ ਚੱਲਣ ਵਿੱਚ ਕਾਮਯਾਬ ਨਹੀਂ ਹੋਣਗੇ ਅਤੇ ਆਪਣੇ ਹੱਕ ਲੈ ਕੇ ਵਾਪਸ ਘਰਾਂ ਨੂੰ ਪਰਤਣਗੇ। ਇਹ ਪ੍ਰਗਟਾਵਾ ਹਾਸਰਸ ਕਲਾਕਾਰ ਅਤੇ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕੀਤਾ। ਉਹ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਖੇਤਰ ਮੁਹਾਲੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੀ ਲੜੀਵਾਰ ਭੁੱਖ ਹੜਤਾਲ ਵਿੱਚ ਸ਼ਾਮਲ ਹੋਣ ਆਏ ਸੀ। ਉਨ੍ਹਾਂ ਨੇ ਕਿਸਾਨਾਂ ਦਾ ਹੌਸਲਾ ਵਧਾਉਂਦੇ ਹੋਏ ਨੌਜਵਾਨ ਅਤੇ ਬੀਬੀਆਂ ਨੂੰ ਘਰਾਂ ’ਚੋਂ ਬਾਹਰ ਨਿਕਲ ਕੇ ਮੋਰਚੇ ਸੰਭਾਲਣ ਦੀ ਅਪੀਲ ਕੀਤੀ।
ਅੱਜ 28ਵੇਂ ਦਿਨ ਪਿੰਡ ਬਠਲਾਣਾ ਦੇ ਸਰਪੰਚ ਕਰਮਜੀਤ ਸਿੰਘ, ਜ਼ਿਲ੍ਹਾ ਯੂਥ ਕਲੱਬਜ਼ ਦੇ ਪ੍ਰਧਾਨ ਹਰਦੀਪ ਸਿੰਘ ਬਠਲਾਣਾ, ਹਰਜੀਤ ਸਿੰਘ, ਸੁਖਬੀਰ ਸਿੰਘ, ਗੁਰਿੰਦਰ ਸਿੰਘ, ਜਸਬੀਰ ਸਿੰਘ, ਸ਼ੇਰ ਸਿੰਘ, ਜਰਨੈਲ ਸਿੰਘ ਅਤੇ ਗਿਆਨੀ ਨਿਰਮਲ ਸਿੰਘ ਭੁੱਖ ਹੜਤਾਲ ’ਤੇ ਬੈਠੇ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਇਹ ਦੁਨੀਆ ਦਾ ਪਹਿਲਾਂ ਜਨ ਅੰਦੋਲਨ ਹੈ, ਜੋ ਏਨਾ ਲੰਮਾ ਚੱਲਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਸ਼ਾਂਤਮਈ ਤਰੀਕੇ ਨਾਲ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ। ਉਨ੍ਹਾਂ ਭਾਜਪਾ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਦੇਸ਼ ਦੇ ਹੁਕਮਰਾਨ ਪੰਜਾਬ ਦੇ ਕਿਸਾਨਾਂ ਤਸਵੀਰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ ਪ੍ਰੰਤੂ ਕਿਸਾਨ ਬਹੁਤ ਸਬਰ ਅਤੇ ਸਹਿਜਤਾ ਨਾਲ ਹੱਕਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਅੰਨਦਾਤਾ ਇਨਸਾਫ਼ ਪ੍ਰਾਪਤੀ ਲਈ ਸੜਕਾਂ ’ਤੇ ਧੱਕੇ ਖਾ ਰਿਹਾ ਹੈ।
ਇਸ ਮੌਕੇ ਦਰਸ਼ਨ ਅੌਲਖ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਦੇ ਅੰਦੋਲਨ ਦੌਰਾਨ ਲਗਪਗ 525 ਕਿਸਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ ਪਰ ਉਨ੍ਹਾਂ ਦੀ ਇਹ ਸ਼ਹਾਦਤ ਅਜਾਈਂ ਨਹੀਂ ਜਾਵੇਗੀ ਅਤੇ ਇਹ ਆਉਣ ਵਾਲੀਆਂ ਪੀੜ੍ਹੀਆਂ ਇਸ ਨੂੰ ਯਾਦ ਰੱਖਣਗੀਆਂ। ਉਨ੍ਹਾਂ ਕਿਸਾਨ ਅੰਦੋਲਨ ਦੇ ਪ੍ਰਤੀ ਲਿਖਿਆ ਗੀਤ ‘ਸਤਲੁਜ ਦੇ ਪਾਣੀ ’ਚੋਂ ਗੈਰਤ ਨੇ ਮਰਨਾ ਨੀ’ ਗਾ ਕੇ ਸੁਣਾਇਆ। ਪ੍ਰਬੰਧਕਾਂ ਨੇ ਗੁਰਪ੍ਰੀਤ ਘੁੱਗੀ ਅਤੇ ਦਰਸ਼ਨ ਅੌਲਖ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਮੌਕੇ ਪਰਵਿੰਦਰ ਸਿੰਘ ਬੈਦਵਾਨ, ਅਮਨ ਪੂਨੀਆ, ਮਿੰਦਰ ਸਿੰਘ ਸੋਹਾਣਾ, ਅਮਰਜੀਤ ਸਿੰਘ ਨਰੈਣ, ਦਵਿੰਦਰ ਸਿੰਘ ਬੌਬੀ, ਨੰਬਰਦਾਰ ਹਰਵਿੰਦਰ ਸਿੰਘ, ਗੁਰਦੀਪ ਸਿੰਘ ਗੁਰੀ ਬੈਦਵਾਨ, ਸੁਖ਼ਇੰਦਰ ਸਿੰਘ ਬੈਦਵਾਨ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …