
ਖੇਤੀ ਕਾਨੂੰਨ: ਵਿਧਾਇਕ ਕੁਲਵੰਤ ਸਿੰਘ ਨੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ
ਪੰਜਾਬ ਦੀ ਆਪ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਕੇਂਦਰ ਸਰਕਾਰ ਵੱਲੋਂ ਕਿਸਾਨਾਂ ’ਤੇ ਜ਼ਬਰਦਸਤੀ ਥੋਪੇ ਗਏ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਸ਼ਹੀਦ ਹੋਏ 6 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ। ਮੁਹਾਲੀ ਦੇ ਐਸਡੀਐਮ ਦਫ਼ਤਰ ਵਿੱਚ ਸਮਾਗਮ ਦੌਰਾਨ ਆਪ ਵਿਧਾਇਕ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਚੈੱਕ ਵੰਡੇ।
ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਖ਼ਿਲਾਫ਼ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਸੀ। ਜਿਸ ਵਿਰੁੱਧ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ’ਤੇ ਇਨਸਾਫ਼ ਦੀ ਆਰ-ਪਾਰ ਦੀ ਲੜਾਈ ਲੜੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਤਿਹਾਸ ਜਿੱਤ ਤਾਂ ਦਰਜ ਕਰਵਾਈ ਪ੍ਰੰਤੂ ਇਸ ਸੰਘਰਸ਼ ਦੌਰਾਨ ਸਾਡੇ ਕਾਫ਼ੀ ਕਿਸਾਨਾਂ ਨੂੰ ਆਪਣੀ ਜਾਨ ਗੁਆਉਣੀ ਪਈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਤਿਆਰ ਰਹੇਗੀ ।
ਇਸ ਮੌਕੇ ਐਸਡੀਐਮ ਸ੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਅੱਜ ਸ਼ਹੀਦ ਕਿਸਾਨ ਰਾਮ ਦਿਆ ਵਾਸੀ ਪਿੰਡ ਖਿਜਰਗੜ੍ਹ, ਬਹਾਦਰ ਸਿੰਘ ਵਾਸੀ ਪਿੰਡ ਦਾਊਂ, ਗਰਜਾ ਸਿੰਘ ਵਾਸੀ ਪਿੰਡ ਕੁਰੜੀ, ਜਤਿੰਦਰ ਸਿੰਘ ਵਾਸੀ ਪਿੰਡ ਰਾਏਪੁਰ, ਹਰਜਿੰਦਰ ਸਿੰਘ ਉਰਫ਼ ਰਾਜੂ ਵਾਸੀ ਪਿੰਡ ਮਨਾਣਾ, ਹਰਵਿੰਦਰ ਸਿੰਘ ਵਾਸੀ ਪਿੰਡ ਨੰਡਿਆਲੀ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ-ਪੰਜ ਲੱਖ ਦੇ ਚੈੱਕ ਦਿੱਤੇ ਗਏ। ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਆਪ ਵਲੰਟੀਅਰ ਰਾਜੀਵ ਵਸ਼ਿਸ਼ਟ, ਜਸਪਾਲ ਸਿੰਘ ਮਟੌਰ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਸਮੇਤ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।