ਖੇਤੀ ਕਾਨੂੰਨ: ਇਤਿਹਾਸਕ ਨਗਰ ਸੋਹਾਣਾ ਦੇ ਵਸਨੀਕ ਭੁੱਖ-ਹੜਤਾਲ ’ਤੇ ਬੈਠੇ

ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਲੜੀਵਾਰ ਭੁੱਖ-ਹੜਤਾਲ ਤੇ ਧਰਨਾ 123ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਅੱਜ 123ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਪਿੰਡ ਸੋਹਾਣਾ ਦੇ ਵਸਨੀਕ ਹਰਦੀਪ ਸਿੰਘ, ਰਘਬੀਰ ਸਿੰਘ, ਕਰਨੈਲ ਸਿੰਘ, ਜੁਝਾਰ ਸਿੰਘ, ਫਤਿਹ ਸਿੰਘ ਅਤੇ ਸਾਹਿਬਜੋਤ ਸਿੰਘ ਭੁੱਖ-ਹੜਤਾਲ ’ਤੇ ਬੈਠੇ। ਉਨ੍ਹਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਨੰਬਰਦਾਰ ਹਰਵਿੰਦਰ ਸਿੰਘ, ਦਵਿੰਦਰ ਸਿੰਘ ਬੌਬੀ, ਪਹਿਲਵਾਨ ਅਮਨ ਪੂਨੀਆ, ਮਿੰਦਰ ਸਿੰਘ ਸੋਹਾਣਾ, ਬੰਤ ਸਿੰਘ, ਅਮਰਜੀਤ ਸਿੰਘ ਅਤੇ ਜੀਤ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਪਿਛਲੇ ਦਿਨੀਂ ਲਖੀਮਪੁਰ ਖੀਰੀ (ਯੂਪੀ) ਵਿੱਚ ਕਿਸਾਨਾਂ ’ਤੇ ਗੱਡੀਆਂ ਚੜਾ ਕੇ ਕੁਚਲਨ ਅਤੇ ਜਾਨਲੇਵਾ ਹਮਲਾ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਆਪਣਾ ਸੰਤੁਲਨ ਖੋਹ ਬੈਠੀ ਹੈ। ਜਿਸ ਕਾਰਨ ਅਜਿਹੇ ਹੱਥ-ਕੰਢੇ ਅਪਣਾਏ ਜਾ ਰਹੇ ਹਨ, ਜੋ ਲੋਕਤੰਤਰ ਦੇ ਖ਼ਿਲਾਫ਼ ਹੈ।
ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਬੈਦਵਾਨ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਅੰਨਦਾਤਾ ਅੱਜ ਇਨਸਾਫ਼ ਲਈ ਸੜਕਾਂ ’ਤੇ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਇਕੱਲੇ ਕਿਸਾਨ ਮਾਰੂ ਨਹੀਂ ਹਨ ਬਲਕਿ ਇਸ ਦਾ ਸਾਰੇ ਵਰਗਾਂ ’ਤੇ ਮਾੜਾ ਅਸਰ ਪਵੇਗਾ। ਲਿਹਾਜ਼ਾ ਹਰ ਵਿਅਕਤੀ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ ਅਤੇ ਫੌਰੀ ਤੌਰ ’ਤੇ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …