Nabaz-e-punjab.com

ਖੇਤੀ ਕਾਨੂੰਨ: ਕਿਸਾਨਾਂ ਨਾਲ ਕੋਝੀਆਂ ਚਾਲਾਂ ਖੇਡਣੀਆਂ ਬੰਦ ਕਰੇ ਕੇਂਦਰ ਸਰਕਾਰ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਸੂਬਾ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੰਦੋਲਨਕਾਰੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਖੇਤੀ ਸਬੰਧੀ ਕਾਲੇ ਕਾਨੂੰਨਾਂ ਰੱਦ ਕਰਨ ਦੀ ਬਜਾਏ ਹੁਕਮਰਾਨ ਕਿਸਾਨਾਂ ਦੇ ਅੰਦੋਲਨ ਨੂੰ ਤਾਰਪੀਡੋ ਕਰਨ ਵਿੱਚ ਲੱਗੇ ਹੋਏ ਹਨ। ਜਿਸ ਵਿੱਚ ਪੰਜਾਬ ਦੇ ਕੁਝ ਸਿਆਸੀ ਆਗੂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੋਝੀਆਂ ਖੇਡਾਂ ਖੇਡਣੀਆਂ ਬੰਦ ਕਰਕੇ ਤੁਰੰਤ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਅੱਜ ਇੱਥੇ ਬੱਬੀ ਬਾਦਲ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਦੇਸ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਿਸਾਨਾਂ ਦੀ ਖ਼ੁਸ਼ਹਾਲੀ ਸਰਕਾਰਾਂ ਦਾ ਮੁੱਢਲਾ ਫਰਜ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਮਾਰੂ ਫ਼ੈਸਲਿਆਂ ਲਈ ਉਹ ਸਿਆਸੀ ਲੋਕ ਜ਼ਿੰਮੇਵਾਰ ਹਨ, ਜੋ ਹਮੇਸ਼ਾ ਵੱਡੇ ਘਰਾਣਿਆਂ ਨਾਲ ਦੋਸਤੀ ਕਰਕੇ ਸਿਰਫ਼ ਆਪਣੇ ਕਾਰੋਬਾਰ ਵਿੱਚ ਫਾਇਦੇ ਤੱਕ ਸੀਮਤ ਰਹੇ ਹਨ। ਜਿਸ ਕਾਰਨ ਅੱਜ ਦੇਸ਼ ਦੇ ਹਰੇਕ ਵਰਗ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਭਾਜਪਾ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਕਾਫੀ ਦਿਨਾਂ ਤੋਂ ਕਿਸਾਨ ਦਿੱਲੀ ਵਿੱਚ ਧਰਨਾ ਲਗਾ ਕੇ ਬੈਠੇ ਹੋਏ ਹਨ ਪ੍ਰੰਤੂ ਸਰਕਾਰ ਇਸ ਮਸਲੇ ਦਾ ਠੋਸ ਹੱਲ ਕੱਢਣ ਦੀ ਬਜਾਏ ਮੀਟਿੰਗਾਂ ਤੇ ਮੀਟਿੰਗਾਂ ਕਰਕੇ ਸਿਰਫ਼ ਡੰਗ ਟਪਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਮੀਟਿੰਗਾਂ ਵਿੱਚ ਉਲਝਾ ਕੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਬਜਾਏ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਕੇ ਅੰਨਦਾਤਾ ਨੂੰ ਸ਼ਾਂਤ ਕਰਨਾ ਚਾਹੀਦਾ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੱਸ ਦਿੱਤਾ ਹੈ ਕਿ ਭਾਰਤ ਧਰਮ ਨਿਰਪੱਖ ਦੇਸ਼ ਹੈ ਅਤੇ ਹੁਣ ਕਿਸਾਨ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ ਸਗੋਂ ਆਪਣੇ ਹੱਕ ਲੈ ਕੇ ਵਾਪਸ ਘਰਾਂ ਨੂੰ ਪਰਤਣਗੇ। ਉਨ੍ਹਾਂ ਕਿਹਾ ਕਿ ਦੇਸ਼ ਭਰ ’ਚੋਂ ਆਮ ਨਾਗਰਿਕ ਵੀ ਕਿਸਾਨਾਂ ਦੇ ਹੱਕ ਵਿੱਚ ਰੋਜ਼ਾਨਾ ਆਪ ਮੁਹਾਰੇ ਦਿੱਲੀ ਪਹੁੰਚ ਰਹੇ ਹਨ, ਪ੍ਰੰਤੂ ਮੋਦੀ ਸਰਕਾਰ ਦੇ ਹਾਲੇ ਵੀ ਗੱਲ ਸਮਝ ਨਹੀਂ ਆ ਰਹੀ ਹੈ। ਉਨ੍ਹਾਂ ਸਾਫ਼ ਲਫ਼ਜ਼ਾ ਵਿੱਚ ਕਿਹਾ ਕਿ ਹੁਕਮਰਾਨ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ ਨਹੀਂ ਤਾਂ ਆਉਣ ਵਾਲੇ ਦਿਨਾਂ ਹਾਲਾਤ ਹੋਰ ਵੀ ਬਦਤਰ ਹੋ ਸਕਦੇ ਹਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…