
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਅਡਾਨੀ-ਅੰਬਾਨੀ ਦੇ ਪੁਤਲੇ ਸਾੜੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਿੰਡ ਕੁੰਭੜਾ ਦੇ ਵਸਨੀਕਾਂ ਵੱਲੋਂ ਅੱਜ ਸ਼ਾਮ ਸਰਕਾਰੀ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਇੱਥੋਂ ਦੇ ਸੈਕਟਰ-69 ਸਥਿਤ ਗਰੇਸੀਅਨ ਹਸਪਤਾਲ ਦੇ ਸਾਹਮਣੇ ਟੀ-ਪੁਆਇੰਟ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਘੇ ਕਾਰਪੋਰੇਟ ਘਰਾਣੇ ਅਡਾਨੀ-ਅੰਬਾਨੀ ਦੇ ਪੁਤਲੇ ਸਾੜੇ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸ੍ਰੀਮਤੀ ਰਾਜ ਕੌਰ ਗਿੱਲ, ਰਾਜੇਸ਼ ਕੁਮਾਰ, ਕੁਲਦੀਪ ਸਿੰਘ, ਜਸਮੇਰ ਸਿੰਘ, ਲਾਭ ਸਿੰਘ, ਨੰਬਰਦਾਰ ਕਾਕਾ ਸਿੰਘ, ਜਸਵੀਰ ਸਿੰਘ, ਸੋਹਣ ਸਿੰਘ, ਸੁਲੱਖਣ ਸਿੰਘ, ਕਾਲਾ ਮਨਜੀਤ ਸਿੰਘ, ਅਮਰ ਸਿੰਘ, ਭੁਪਿੰਦਰ ਸਿੰਘ ਮੌਲੀ ਬੈਦਵਾਨ, ਜਗਦੀਸ਼ ਸਿੰਘ, ਬਚਿੱਤਰ ਸਿੰਘ, ਬਲਜਿੰਦਰ ਸਿੰਘ ਅਤੇ ਮਨਦੀਪ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਲੈਣ ਦੀ ਗਲਤੀ ਨਾ ਕਰੇ ਨਹੀਂ ਤਾਂ ਆਉਣ ਵਾਲੇ ਦਿਨ ਗੁਪਤ ਐਕਸ਼ਨ ਕੀਤੇ ਜਾਣਗੇ।
ਇਸੇ ਤਰ੍ਹਾਂ ਪਿੰਡ ਸੋਹਾਣਾ ਟੀ-ਪੁਆਇੰਟ ’ਤੇ ਪੁਆਧੀ ਕਿਸਾਨ ਮਜ਼ਦੂਰ ਸਭਾ ਦੇ ਕਾਰਕੁਨਾਂ ਨੇ ਵੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਡਾਨੀ-ਅੰਬਾਨੀ ਦੇ ਪੁਤਲੇ ਸਾੜੇ ਗਏ। ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ, ਅਮਨ ਸਿੰਘ ਪੂਨੀਆ, ਮਿੰਦਰ ਸਿੰਘ ਸੋਹਾਣਾ, ਦਵਿੰਦਰ ਸਿੰਘ ਬੌਬੀ, ਖ਼ੁਸ਼ਇੰਦਰ ਸਿੰਘ ਬੈਦਵਾਨ, ਅਮਰਜੀਤ ਸਿੰਘ ਅਤੇ ਹੋਰ ਕਿਸਾਨ ਆਗੂ ਅਤੇ ਬੀਬੀਆਂ ਮੌਜੂਦ ਸਨ।