ਖੇਤੀ ਮਾਹਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਉਤਸ਼ਾਹਿਤ

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪੀਆਰ 126 ਕਿਸਮ ਦੇ ਬੀਜ ਤੇ ਨਦੀਨ ਨਾਸ਼ਕ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੱਦ ਤੱਕ ਪਹੁੰਚ ਚੁੱਕੀ ਹੈ। ਜਿਸ ਦੇ ਮੱਦੇਨਜ਼ਰ ਕ੍ਰਿਸ਼ੀ ਵਿਗਿਆਨ ਕੇਂਦਰ ਮੁਹਾਲੀ ਵੱਲੋਂ ਨੇੜਲੇ ਪਿੰਡ ਲਖਨੌਰ ਵਿਖੇ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਦਾ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਉਤਸ਼ਾਹਿਤ ਕਰਨਾ ਸੀ। ਇਸ ਸਿਖਲਾਈ ਕੋਰਸ ਦੌਰਾਨ ਵੱਖ-ਵੱਖ ਪਿੰਡਾਂ ਦੇ 15 ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਸਹਿਯੋਗੀ ਡਾਇਰੈਕਟਰ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਕੰਢੀ ਇਲਾਕਾ ਹੋਣ ਕਰਕੇ ਮੁਹਾਲੀ ਜ਼ਿਲ੍ਹੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਾਣੀ ਦਾ ਪੱਧਰ ਕਾਫ਼ੀ ਨੀਵਾਂ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦਾ ਪੱਧਰ ਹੋਰ ਨੀਵਾਂ ਹੋਣ ਤੋਂ ਬਚਾਇਆ ਜਾ ਸਕਦਾ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ 15-20 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ (ਪੀ ਆਰ 126 ਅਤੇ ਪੂਸਾ ਬਾਸਮਤੀ 1509) ਬੀਜਣ ਦੀ ਸਲਾਹ ਦਿੱਤੀ ਜੋ ਕਿ ਤੇਜ਼ੀ ਨਾਲ ਵਧਦੀਆਂ ਹਨ ਅਤੇ ਇਨ੍ਹਾਂ ਵਿੱਚ ਪਾਣੀ ਦੀ ਖਪਤ ਘੱਟ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਬਿਜਾਈ ਤੋਂ ਪਹਿਲਾਂ ਲੇਜ਼ਰ ਕਰਾਹੇ ਨਾਲ ਖੇਤ ਨੂੰ ਪੱਧਰਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਪਾਣੀ ਦੀ ਸੰਜਮਤਾ ਨਾਲ ਵਰਤੋਂ ਹੋ ਸਕੇ ਅਤੇ ਝੋਨੇ ਦੇ ਬੀਜਾਂ ਦਾ ਸਹੀ ਪੁੰਗਾਰਾ ਹੋ ਸਕੇ।
ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਹਰਮੀਤ ਕੌਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਜੂਨ ਦਾ ਪਹਿਲਾ ਪੰਦਰਵਾੜਾ ਢੁਕਵਾਂ ਹੈ। ਜੇਕਰ ਸੰਭਵ ਹੋ ਸਕੇ ਤਾਂ ਲੱਕੀ ਸੀਡ ਡਰਿੱਲ ਜੋ ਕਿ ਝੋਨੇ ਦੀ ਬਿਜਾਈ ਅਤੇ ਨਦੀਨ ਨਾਸ਼ਕ ਸਪਰੇਅ ਨਾਲੋਂ ਨਾਲ ਕਰਦੀ ਹੈ, ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਦੱਸਿਆ ਕਿ ਕੱਦੂ ਕੀਤੇ ਖੇਤ ਨਾਲੋਂ ਸਿੱਧੀ ਬਿਜਾਈ ਵਾਲੇ ਖੇਤ ਵਿੱਚ ਬੀਮਾਰੀਆਂ ਦਾ ਹਮਲਾ ਕਾਫ਼ੀ ਘੱਟ ਹੁੰਦਾ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਰਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਪ੍ਰਤੀ ਉਤਸ਼ਾਹਿਤ ਕਰਨ ਲਈ ਪੀਆਰ 126 ਕਿਸਮ ਦੇ ਬੀਜ ਅਤੇ ਨਦੀਨ ਨਾਸ਼ਕ ਵੰਡੇ। ਕਿਸਾਨਾਂ ਨੇ ਖੇਤੀ ਮਾਹਰਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਪਾਣੀ ਦੀ ਸੰਭਾਲ ਅਤੇ ਸੁਚੱਜੀ ਵਰਤੋਂ ਕਰਨ ਦਾ ਪ੍ਰਣ ਕੀਤਾ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…