nabaz-e-punjab.com

ਪੱਤਰਕਾਰ ਦੀ ਕੁੱਟਮਾਰ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਫੋਨ ’ਤੇ ਕੀਤੀ ਪੱਤਰਕਾਰ ਨਾਲ ਗੱਲ

ਪੁਲੀਸ ਕੋਈ ਵੀ ਕਾਰਵਾਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕਰੇ: ਜਥੇਦਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਸਿੱਖਾਂ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਥੋਂ ਦੇ ਗੁਰਦੁਆਰਾ ਕਲਗੀਧਰ ਸਭਾ ਫੇਜ਼-4 ਵਿੱਚ ਦੋ ਧਿਰਾਂ ਵਿੱਚ ਹੋਏ ਆਪਸੀ ਵਿਵਾਦ ਦੌਰਾਨ ਫੇਜ਼-1 ਥਾਣੇ ਵਿੱਚ ਅੰਮ੍ਰਿਤਧਾਰੀ ਪੱਤਰਕਾਰ ਮੇਜਰ ਸਿੰਘ ਦੀ ਪੁਲੀਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਪੜ੍ਹਨ ਤੋਂ ਬਾਅਦ ਜਥੇਦਾਰ ਨੇ ਪੀੜਤ ਪੱਤਰਕਾਰ ਨਾਲ ਫੋਨ ’ਤੇ ਗੱਲ ਕਰ ਕੇ ਉਨ੍ਹਾਂ ਦੀ ਖਬਰਸਾਰ ਲਈ ਅਤੇ ਹੌਸਲਾ ਦਿੱਤਾ। ਜਥੇਦਾਰ ਨੇ ਸਮੁੱਚੇ ਘਟਨਾਕ੍ਰਮ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ ਅਤੇ ਪੱਤਰਕਾਰ ਨੂੰ ਹਮੇਸ਼ਾ ਸਚਾਈ ’ਤੇ ਪਹਿਰਾ ਦੇਣ ਲਈ ਪ੍ਰੇਰਿਆ। ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਧਾਰੀ ਪੱਤਰਕਾਰ ਦੀ ਥਾਣੇ ਵਿੱਚ ਕੁੱਟਮਾਰ ਅਤੇ ਉਸ ਦੀ ਦਸਤਾਰ ਅਤੇ ਕਕਾਰਾਂ ਦੀ ਬੇਅਦਬੀ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਪੁਲੀਸ ਨੂੰ ਕੋਈ ਵੀ ਕਾਰਵਾਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕਰਨੀ ਚਾਹੀਦੀ ਹੈ। ਅਜਿਹੀਆਂ ਕਾਰਵਾਈਆਂ ਬਰਦਾਸ਼ਤ ਕਰਨਯੋਗ ਨਹੀਂ ਹਨ।
ਉਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਗਠਿਤ ਪੰਜ ਕਮੇਟੀ ਵਿਸ਼ੇਸ਼ ਜਾਂਚ ਕਮੇਟੀ ਨੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੂੰ ਸ਼ੁੱਕਰਵਾਰ ਨੂੰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 11 ਵਜੇ ਸੱਦਿਆ ਗਿਆ ਹੈ। ਇਹ ਵੀ ਪਤਾ ਲੱਗਾ ਭਾਵੇਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੂੰ ਪੁਰਾਣੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ ਪ੍ਰੰਤੂ ਇਸ ਮੀਟਿੰਗ ਵਿੱਚ ਅੰਮ੍ਰਿਤਧਾਰੀ ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਦੇ ਦਸਖ਼ਤਾਂ ਹੇਠ ਪ੍ਰਧਾਨ ਜੇਪੀ ਸਿੰਘ ਨੂੰ ਜਾਰੀ ਪੱਤਰ ਵਿੱਚ ਜਥੇਦਾਰ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਉਨ੍ਹਾਂ (ਜੇਪੀ ਸਿੰਘ) ਦੇ ਖ਼ਿਲਾਫ਼ ਪੁੱਜੀਆਂ ਸ਼ਿਕਾਇਤਾਂ ਸਬੰਧੀ ਸ਼ੁੱਕਰਵਾਰ ਨੂੰ ਪੰਜ ਕਮੇਟੀ ਘੋਖ ਕਮੇਟੀ ਦੀ ਹੋਣ ਵਾਲੀ ਜ਼ਰੂਰੀ ਇਕੱਤਰਤਾ ਵਿੱਚ ਸਵੇਰੇ 11 ਵਜੇ ਪਹੁੰਚਣ ਦੀ ਖੇਚਲ ਕੀਤੀ ਜਾਵੇ।
(ਬਾਕਸ ਆਈਟਮ)
ਪੀੜਤ ਪੱਤਰਕਾਰ ਮੇਜਰ ਸਿੰਘ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਡੀਜੀਪੀ ਦਾ ਬੂਹਾ ਖੜਕਾਇਆ ਹੈ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਕੁਝ ਅਣਪਛਾਤੇ ਵਿਅਕਤੀ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਬਲਾਕ ਵਿੱਚ ਜਿੱਥੇ ਉਹ ਦਾਖ਼ਲ ਹੈ, ਉੱਥੇ ਘੁੰਮਦੇ ਨਜ਼ਰ ਆਏ ਹਨ, ਜੋ ਕਿਸੇ ਨੂੰ ਉਸ ਬਾਰੇ ਪੁੱਛ ਰਹੇ ਸੀ। ਇਸ ਮਗਰੋਂ ਪੈਰਾ ਮੈਡੀਕਲ ਸਟਾਫ਼ ਨੇ ਪੱਤਰਕਾਰ ਨੂੰ ਆਪਣੇ ਰੂਮ ਦੀ ਲਾਈਟ ਬੰਦ ਕਰ ਕੇ ਦਰਵਾਜਾ ਅੰਦਰੋਂ ਬੰਦ ਕਰਨ ਲਈ ਕਿਹਾ ਗਿਆ। ਪੱਤਰਕਾਰ ਨੇ ਕਿਹਾ ਕਿ ਜੇਕਰ ਇਲਾਜ ਦੌਰਾਨ ਜਾਂ ਬਾਅਦ ਵਿੱਚ ਉਸ ਨਾਲ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਸਬੰਧੀ ਸੂਬਾ ਸਰਕਾਰ, ਪੁਲੀਸ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਪੱਤਰਕਾਰ ਮੇਜਰ ਸਿੰਘ ਨੇ ਡੀਜੀਪੀ ਨੂੰ ਭੇਜੀ ਸ਼ਿਕਾਇਤ ਵਿੱਚ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਉਸ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦੇ ਯਤਨ ਹੋ ਰਹੇ ਹਨ। ਕੁੱਝ ਸੱਜਣ ਉਸ ’ਤੇ ਸਮਝੌਤੇ ਲਈ ਦਬਾਅ ਪਾ ਰਹੇ ਹਨ ਅਤੇ ਕਰਾਸ ਕੇਸ ਦਰਜ ਕਰਨ ਦੀ ਗੱਲ ਕਹਿ ਕੇ ਉਸ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਗੁਰਦੁਆਰੇ ਦੇ ਦੋ ਸੇਵਾਦਾਰ ਵੀ ਹਸਪਤਾਲ ਵਿੱਚ ਦਾਖ਼ਲ ਦੱਸੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…