ਅਕਾਲੀ ਦਲ ਦੇ ਉਮੀਦਵਾਰ ਤੱਕੜੀ ਚੋਣ ਨਿਸ਼ਾਨ ’ਤੇ ਲੜਨਗੇ ਚੋਣ: ਚੰਦੂਮਾਜਰਾ

ਕੋਈ ਵੀ ਅਕਾਲੀ ਆਗੂ ਤੱਕੜੀ ਤੋਂ ਬਿਨਾਂ ਕਿਸੇ ਹੋਰ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ:

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸਰਕਾਰ ਚੋਣਾਂ ਮੁਲਤਵੀ ਕਰਕੇ ਅੰਨਦਾਤਾ ਦੀ ਹਮਾਇਤ ਨੂੰ ਪਹਿਲ ਦੇਵੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਸਾਰੇ ਅਹੁਦੇਦਾਰਾਂ ਨੂੰ ਤੱਕੜੀ ਚੋਣ ਨਿਸ਼ਾਨ ’ਤੇ ਚੋਣਾਂ ਲੜਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰੇਕ ਅਕਾਲੀ ਆਗੂ ਤੱਕੜੀ ਤੋਂ ਬਿਨਾਂ ਕਿਸੇ ਹੋਰ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਕਾਲੀ ਦਲ ਨਾਲ ਸਬੰਧਤ ਮੁਹਾਲੀ ਦੇ ਜ਼ਿਆਦਾਤਰ ਸਾਬਕਾ ਕੌਂਸਲਰ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਜ਼ਾਦ ਚੋਣਾਂ ਲੜਨ ਦਾ ਐਲਾਨ ਕਰਕੇ ਹਾਈ ਕਮਾਂਡ ਦੀ ਨੀਂਦ ਉੱਡਾ ਦਿੱਤੀ ਹੈ। ਹਾਲਾਂਕਿ ਸੁਖਬੀਰ ਬਾਦਲ ਵੱਲੋਂ ਨਿਗਮ ਚੋਣਾਂ ਸਬੰਧੀ ਚੰਦੂਮਾਜਰਾ ਦੀ ਅਗਵਾਈ ਹੇਠ ਵਿਸ਼ੇਸ਼ ਕਮੇਟੀ ਬਣਾਈ ਗਈ ਸੀ ਪ੍ਰੰਤੂ ਇਹ ਕਮੇਟੀ ਬਣਦੇ ਹੀ ਅੰਦਰਖਾਤੇ ਵਿਰੋਧ ਹੋਣਾ ਸ਼ੁਰੂ ਗਿਆ ਸੀ ਅਤੇ ਸਾਬਕਾ ਮੇਅਰ ਨੂੰ ਅਣਗੌਲਿਆ ਕਰਕੇ 28 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਅਕਾਲੀ ਦਲ ਦੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ।
ਅੱਜ ਸ਼ਾਮ ਜਾਰੀ ਬਿਆਨ ਵਿੱਚ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਅਕਾਲੀ ਦਲ ਦਾ ਹਰੇਕ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਅਤੇ ਪਾਰਟੀ ਦਾ ਸੱਚ ਸਿਪਾਹੀ ਹੋਣ ਦੇ ਨਾਤੇ ਤੱਕੜੀ ਦੇ ਨਿਸ਼ਾਨ ’ਤੇ ਹੀ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੂੰ ਦੇਖਦਿਆਂ ਪੰਜਾਬ ਵਿੱਚ ਇਸ ਸਮੇਂ ਮਿਉਂਸਪਲ ਕਰਵਾਉਣਾ ਉਚਿੱਤ ਨਹੀਂ ਜਾਪ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਵੱਡੀ ਗਿਣਤੀ ਵਿੱਚ ਸੂਬੇ ਦੇ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀ ਸਰਹੱਦ ’ਤੇ ਸੰਘਰਸ਼ ਕਰ ਰਹੇ ਹਨ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਮਿਉਂਸਪਲ ਚੋਣਾਂ ਕਿਸਾਨ ਅੰਦੋਲਨ ਨੂੰ ਢਾਹ ਲਗਾਉਣ ਵਾਲੀਆ ਪ੍ਰਤੀਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮੁੱਖ ਮੰਤਰੀ ਨੂੰ ਚੋਣਾਂ ਮੁਲਤਵੀ ਕਰਨ ਲਈ ਕਈ ਵਾਰ ਅਪੀਲਾਂ ਕਰ ਚੁੱਕੇ ਹਨ, ਪ੍ਰੰਤੂ ਸਰਕਾਰ ਚੋਣ ਕਰਵਾਉਣ ਲਈ ਬੇਜ਼ਿੱਦ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਚੋਣਾਂ ਜਿੱਤਣ ਲਈ ਹਰ-ਤਰ੍ਹਾਂ ਦੇ ਹੀਲੇ-ਵਸੀਲੇ ਵਰਤੇ ਜਾਂਦੇ ਹਨ, ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਵੀ ਪਾਰਟੀਬਾਜ਼ੀ ਦੀ ਭਾਵਨਾ ਉਭਾਰੂ ਹੋ ਕੇ ਧੜੇਬੰਦੀ ਆਮ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਬਣੀ ਧੜੇਬੰਦੀ ਦਾ ਅਸਰ ਕਿਸਾਨ ਅੰਦੋਲਨ ’ਤੇ ਪੈਣਾ ਸੁਭਾਵਿਕ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਫਿਲਹਾਲ ਚੋਣਾਂ ਮੁਲਤਵੀ ਕਰਕੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਕਿਸਾਨ ਸੰਘਰਸ ਸਮੁੱਚੇ ਦੇਸ਼ ਦਾ ਅੰਦੋਲਨ ਹੈ, ਪ੍ਰੰਤੂ ਇਸ ਦੀ ਅਗਵਾਈ ਪੰਜਾਬ ਵੱਲੋਂ ਕੀਤੀ ਜਾ ਰਹੀ ਹੈ। ਲਿਹਾਜ਼ਾ ਸਰਕਾਰ ਵੱਲੋਂ ਚੋਣਾਂ ਕਰਵਾਉਣ ਗੈਰਵਾਜ਼ਬ ਫੈਸਲਾ ਹੈ। ਚੰਦੂਮਾਜਰਾ ਨੇ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਦੇ ਸਫ਼ਲ ਬਣਨ ਤੱਕ ਪੰਜਾਬ ਸਰਕਾਰ ਚੋਣਾਂ ਮੁਲਤਵੀ ਕੀਤੀਆਂ ਜਾਣ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…