ਅਕਾਲੀ ਦਲ ਟਕਸਾਲੀ ਵੱਲੋਂ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਮੰਗ

ਦੇਸ਼ ਦੇ ਮਹਾਨ ਖਿਡਾਰੀ ਨੂੰ ਭਾਰਤ ਰਤਨ ਨਾ ਮਿਲਣਾ ਸਮੇਂ ਦੀਆਂ ਸਰਕਾਰਾਂ ਦੀ ਵੱਡੀ ਅਣਗਹਿਲੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੋਮਵਾਰ ਨੂੰ ਪਾਰਟੀ ਪ੍ਰਧਾਨ ਤੇ ਸਾਬਕਾ ਪੰਚਾਇਤ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪ੍ਰਧਾਨਗੀ ਹੇਠ ਹੋਈ। ਵੀਡੀਓ ਕਾਨਫ਼ਰੰਸ ਰਾਹੀਂ ਹੋਈ ਇਸ ਮੀਟਿੰਗ ਵਿੱਚ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ, ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਮੁੱਖ ਆਗੂਆਂ ਨੇ ਇਕ ਮਤਾ ਪਾਸ ਕਰ ਕੇ ਮਰਹੂਮ ਖਿਡਾਰੀ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ।
ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਹੁਣ ਤੱਕ ਬਲਬੀਰ ਸਿੰਘ ਸੀਨੀਅਰ ਤੋਂ ਵੱਡਾ ਕੋਈ ਹਾਕੀ ਖਿਡਾਰੀ ਪੈਦਾ ਨਹੀਂ ਹੋਇਆ ਹੈ। ਉਨ੍ਹਾਂ ਨੇ ਜਿੱਥੇ ਖਿਡਾਰੀ, ਉਪ ਕਪਤਾਨ ਅਤੇ ਕਪਤਾਨ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਭਾਰਤੀ ਹਾਕੀ ਟੀਮ ਨੂੰ ਉਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਗਮੇ ਜਿਤਾ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ, ਉੱਥੇ ਬਤੌਰ ਕੋਚ/ਮੈਨੇਜਰ ਭਾਰਤ ਨੂੰ 1975 ਵਿੱਚ ਇਕਲੌਤਾ ਵਿਸ਼ਵ ਕੱਪ ਜਿਤਾਇਆ।
ਟਕਸਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਖੇਡ ਜਗਤ ਵਿੱਚ ਸਭ ਤੋਂ ਵੱਧ ਖੇਡ ਪ੍ਰਾਪਤੀਆਂ ਵਾਲੇ ਇਸ ਮਹਾਨ ਖਿਡਾਰੀ ਨੂੰ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਨਾ ਮਿਲਣਾ ਹੁਣ ਤੱਕ ਦੀਆਂ ਸਮੇਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਚਿੰਨ੍ਹ ਲਗਾਉਂਦਾ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਨੇ ਹਾਕੀ ਨਾਲ ਆਪਣਾ ਸੱਚਾ ਸਨੇਹ ਜਤਾਉਂਦਿਆਂ ਹਾਕੀ ਦਾ ਸੰਦੇਸ਼ ਭਾਰਤ ਤੇ ਬਾਹਰ ਸਾਰੀ ਦੁਨੀਆ ਤੱਕ ਪਹੁੰਚਾਇਆ ਹੈ। ਹਾਕੀ ਪ੍ਰਤੀ ਉਨ੍ਹਾਂ ਦੀ ਲਗਨ ਅਤੇ ਖੇਡਾਂ ਦੀਆਂ ਕਦਰਾਂ ਨਾਲ ਪਿਆਰ ਅਗਲੀਆਂ ਪੀੜੀਆਂ ਨੂੰ ਮਾਰਗ ਦਿਖਾਏਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…