Nabaz-e-punjab.com

ਸਵੇਰੇ ਅਕਾਲੀ ਦਲ ’ਚੋਂ ਕੱਢਿਆ, ਸ਼ਾਮ ਨੂੰ ਕਾਂਗਰਸ ਦਾ ਹੱਥ ਫੜਿਆ

ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਨਿਰਮਲ ਸਿੰਘ ਕੰਡਾ ਨੂੰ ਅਕਾਲੀ ਦਲ ’ਚੋਂ ਕੱਢਿਆ

ਸ਼ਾਮ ਨੂੰ ਕਾਂਗਰਸ ਵਿੱਚ ਸ਼ਾਮਲ ਹੋਏ ਨਿਰਮਲ ਸਿੰਘ ਕੰਡਾ, ਕਿਹਾ ਅਕਾਲੀ ਦਲ ਵਿੱਚ ਵਰਕਰਾਂ ਦੀ ਕੋਈ ਪੁੱਛ ਪ੍ਰਤੀਤ ਨਹੀਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਮੁਹਾਲੀ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਨਵ ਨਿਯੁਕਤ ਮੁੱਖ ਬੁਲਾਰਾ ਨਿਰਮਲ ਸਿੰਘ ਕੰਡਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਉਂਦੇ ਹੋਏ ਅੱਜ ਸਵੇਰੇ ਪਾਰਟੀ ’ਚੋਂ ਕੱਢਿਆ ਗਿਆ। ਪਿਛਲੀ ਵਾਰ ਹੋਈਆਂ ਮੁਹਾਲੀ ਨਗਰ ਨਿਗਮ ਚੋਣਾਂ ਵਿੱਚ ਸ੍ਰੀ ਕੰਡਾ ਨੇ ਸਕਾਨਕ ਫੇਜ਼-3ਬੀ2 ’ਚੋਂ ਕਾਂਗਰਸ ਦੇ ਉਮੀਦਵਾਰ ਕੁਲਜੀਤ ਸਿੰਘ ਬੇਦੀ ਦੇ ਖ਼ਿਲਾਫ਼ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ, ਪ੍ਰੰਤੂ ਸ੍ਰੀ ਬੇਦੀ ਨੇ ਚੋਣ ਜਿੱਤ ਗਏ ਸੀ।
ਅੱਜ ਯੂਥ ਅਕਾਲੀ ਦਲ (ਬਾਦਲ) ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਮੀਡੀਆ ਨੂੰ ਜਾਰੀ ਲਿਖਤੀ ਬਿਆਨ ਵਿੱਚ ਨਿਰਮਲ ਸਿੰਘ ਕੰਡਾ ਨੂੰ ਪਾਰਟੀ ’ਚੋਂ ਬਰਖ਼ਾਸਤ ਕਰਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਕਾਰਵਾਈਆਂ ਦੇ ਚੱਲਦਿਆਂ ਸ੍ਰੀ ਕੰਡਾ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ ਗਿਆ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਸ੍ਰੀ ਨਿਰਮਲ ਕੰਡਾ ਅਤੇ ਉਸਦੇ ਪਰਿਵਾਰ ਵੱਲੋਂ ਪਿਛਲੇ ਕੁਝ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਸਨ। ਜਿਸ ਬਾਰੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਨ.ਕੇ. ਸ਼ਰਮਾ ਅਤੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਸਮੇਂ ਸਮੇਂ ਦਿੱਤੀ ਜਾਂਦੀ ਰਹੀ ਹੈ ਅਤੇ ਅੱਜ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਿਰਮਲ ਸਿੰਘ ਕੰਡਾ ਨੂੰ ਪਾਰਟੀ ’ਚੋਂ ਕੱਢਿਆ ਗਿਆ ਹੈ।
ਉਧਰ, ਸ਼ਾਮ ਨੂੰ ਨਿਰਮਲ ਸਿੰਘ ਕੰਡਾ ਨੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ ਤਾਂ ਫਿਰ ਇੱਕ ਦਿਨ ਪਹਿਲਾਂ ਉਨ੍ਹਾਂ ਨੂੰ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦਾ ਮੁੱਖ ਬੁਲਾਰਾ ਕਿਉਂ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਚਾਈ ਤਾਂ ਇਹ ਹੈ ਕਿ ਮੌਜੂਦਾ ਸਮੇਂ ਵਿੱਚ ਅਕਾਲੀ ਦਲ ਵਿੱਚ ਵਰਕਰਾਂ ਦੀ ਕੋਈ ਪੁੱਛ ਪ੍ਰਤੀਤ ਨਹੀਂ ਹੋ ਰਹੀ ਹੈ ਅਤੇ ਪੈਸੇ ਵਾਲਿਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ। ਸ੍ਰੀ ਕੰਡਾ ਨੇ ਕਿਹਾ ਕਿ ਪਾਰਟੀ ਵਿੱਚ ਆਪਣੀ ਅਤੇ ਆਪਣੇ ਪਰਿਵਾਰ ਦੀ ਲਗਾਤਾਰ ਅਣਦੇਖੀ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਅੱਜ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੂੰ ਕਦੇ ਵੀ ਸ਼ਹਿਰ ’ਚੋਂ ਕੋਈ ਸਰਗਰਮ ਆਗੂ ਨਹੀਂ ਮਿਲਿਆ ਅਤੇ ਹਮੇਸ਼ਾ ਹੀ ਪਿੰਡਾਂ ਦੇ ਵਰਕਰਾਂ ਨੂੰ ਅਹੁਦੇਦਾਰੀਆਂ ਵੰਡ ਕੇ ਸ਼ਹਿਰੀ ਵਰਕਰਾਂ ’ਤੇ ਥੋਪਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਅਕਾਲੀ ਆਗੂ ਪਾਰਟੀ ਨੂੰ ਆਲਵਿਦਾ ਆਖ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਆਗੂ ਵੀ ਪਾਰਟੀ ਛੱਡਣ ਲਈ ਤਿਆਰ ਬੈਠੇ ਹਨ। ਉਧਰ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਿਰਮਲ ਸਿੰਘ ਕੰਡਾ ਤੇ ਹੋਰਨਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਨਿੱਧਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਕਾਂਗਰਸ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਮਲਕੀਤ ਸਿੰਘ ਖਾਲਸਾ, ਨਰਪਿੰਦਰ ਸਿੰਘ ਰੰਗੀ, ਸੰਨ੍ਹੀ ਕੰਡਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…