ਅਕਾਲੀ ਦਲ ਵੱਲੋਂ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਰਿਲੀਜ਼ ਹੋਣ ਤੋਂ ਰੋਕ ਲਗਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਦਿੱਤੀ ਸਖ਼ਤ ਚਿਤਾਵਨੀ
ਨਬਜ਼-ਏ-ਪੰਜਾਬ, ਮੁਹਾਲੀ, 16 ਜਨਵਰੀ:
ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਣਾ ਰਨੌਤ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਮਾਹੌਲ ਕਾਫ਼ੀ ਭਖ ਗਿਆ ਹੈ ਅਤੇ ਫ਼ਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਮੁੜ ਵਿਰੋਧ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਅੱਜ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦੀ ਗੈਰ ਮੌਜੂਦਗੀ ਵਿੱਚ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ ਨੂੰ ਮੰਗ ਪੱਤਰ ਸੌਂਪਿਆ ਅਤੇ ਕੰਗਣਾ ਰਨੌਤ ਦੀ ਭਲਕੇ 17 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ‘ਐਮਰਜੈਂਸੀ’ ਫ਼ਿਲਮ ਨੂੰ ਪੰਜਾਬ ਦੇ ਸਿਨੇਮਾ ਘਰਾਂ ਵਿੱਚ ਲਗਾਉਣ ਤੋਂ ਰੋਕਣ ਦੀ ਮੰਗ ਕੀਤੀ ਹੈ।
ਡੀਸੀ ਦਫ਼ਤਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੰਗ ਪੱਤਰ ਵਿੱਚ ਅਕਾਲੀ ਦਲ ਦੇ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹ ਫ਼ਿਲਮ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾ ਸਕਦੀ ਹੈ ਅਤੇ ਇਸ ਨਾਲ ਪੰਜਾਬ ਵਿੱਚ ਹਿੰਸਕ ਘਟਨਾਵਾਂ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਵਿਵਾਦਿਤ ਫ਼ਿਲਮ ਮੁਹਾਲੀ ਜ਼ਿਲ੍ਹੇ ਵਿੱਚ ਰਿਲੀਜ਼ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਫ਼ਿਲਮ ਦੇ ਪ੍ਰਸ਼ਾਰਨ ਹੋਣ ਕਾਰਨ ਹਿੰਸਾ ਹੋਈ ਤਾਂ ਉਸ ਦੇ ਸਿੱਟਿਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਲਖਨੌਰ, ਨਿਰਮਲ ਸਿੰਘ ਮਾਣਕ ਮਾਜਰਾ ਅਤੇ ਮਲਕੀਤ ਸਿੰਘ ਮਟੌਰ ਹਾਜ਼ਰ ਸਨ।