
ਅਕਾਲੀ ਦਲ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਨਬਜ਼-ਏ-ਪੰਜਾਬ, ਮੁਹਾਲੀ, 13 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਪਿੰਡ ਜੁਝਾਰ ਨਗਰ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋੜਵੰਦ ਪਰਿਵਾਰਾਂ ਨੂੰ ਖ਼ੁਰਾਕ ਸਮੱਗਰੀ ਦੀਆਂ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਜਲ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਮੁਹਾਲੀ ਇਲਾਕੇ ਵਿੱਚ ਕਾਫ਼ੀ ਤਬਾਹੀ ਮਚਾਈ ਹੈ। ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਬਹੁਤ ਸਾਰੇ ਲੋਕਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਦਾਖ਼ਲ ਹੋਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ।
ਅਕਾਲੀ ਆਗੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਅਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ ਅਤੇ ਇਸ ਸਬੰਧੀ ਉਨ੍ਹਾਂ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਇਨ੍ਹਾਂ ਫੋਨਾਂ ’ਤੇ ਸੰਪਰਕ ਕਰਨ ਵਾਲੇ ਵਿਅਕਤੀਆਂ ਨੂੰ ਆਨ ਡਿਮਾਂਡ ਰਾਸ਼ਨ, ਪਾਣੀ ਅਤੇ ਕੱਪੜੇ ਆਦਿ ਮੁਹੱਈਆ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜਾ ਹੈ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਮੌਕੇ ਅਵਤਾਰ ਸਿੰਘ ਸਾਬਕਾ ਸਰਪੰਚ ਦਾਊਂ, ਸਰਦਾਰਾ ਸਿੰਘ ਜੁਝਾਰ ਨਗਰ, ਮੰਗਾ ਬਹਿਲੋਲਪੁਰ, ਅਜੀਤ ਸਿੰਘ, ਪ੍ਰਤਾਪ ਸਿੰਘ, ਰਾਮ ਕ੍ਰਿਸ਼ਨ, ਇਕਬਾਲ ਸਿੰਘ ਸਾਬਕਾ ਸਰਪੰਚ, ਮਹਾ ਸਿੰਘ, ਜੀਤ ਸਿੰਘ, ਅਮਰਜੀਤ ਸਿੰਘ, ਰਮਨ ਸ਼ਰਮਾ, ਚਰਨਜੀਤ ਸਿੰਘ, ਦੀਪੀ ਸੋਹਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।