Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦੀ ਮਹਿਲਾ ਕੌਂਸਲਰ ਨੇ ਸੀਵਰੇਜ਼ ਜਾਮ ਕਰਨ ਤੇ ਪ੍ਰਦੂਸ਼ਣ ਫੈਲਾਉਣ ਵਾਲੇ ਰੈਸਟੋਰੈਂਟਾਂ ਖ਼ਿਲਾਫ਼ ਕਾਰਵਾਈ ਮੰਗੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ: ਇੱਥੋਂ ਦੇ ਫੇਜ਼-1 ਤੋਂ ਅਕਾਲੀ ਦਲ ਦੀ ਕੌਂਸਲਰ ਗੁਰਮੀਤ ਕੌਰ ਸੈਣੀ ਅਤੇ ਹੋਰਨਾਂ ਵਸਨੀਕਾਂ ਨੇ ਪੁਰਾਣੇ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਦੇ ਨੇੜਲੀ ਮਾਰਕੀਟ ਦੇ ਰੈਸਟੋਰੈਂਟਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਪ੍ਰਦੂਸ਼ਣ ਅਤੇ ਗੰਦਗੀ ਫੈਲਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਧੂੰਆਂ ਅਤੇ ਸੀਵਰੇਜ ਜਾਮ ਹੋਣ ਕਾਰਨ ਸਥਾਨਕ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਅਤੇ ਗੰਦਗੀ ਫੈਲਾ ਰਹੇ ਅਦਾਰਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸ੍ਰੀਮਤੀ ਗੁਰਮੀਤ ਕੌਰ ਨੇ ਕਿਹਾ ਕਿ ਫੇਜ਼-1 ਦੀ ਮਾਰਕੀਟ ਵਿੱਚ ਆਏ ਦਿਨ ਹੋਟਲ ਅਤੇ ਰੈਸਟੋਰੈਂਟ ਖੁੱਲ੍ਹ ਰਹੇ ਹਨ। ਹੋਟਲਾਂ ਵਾਲੇ ਆਪਣਾ ਧੂਆਂ ਸ਼ੋਅਰੂਮ ਦੇ ਪਿਛਲੇ ਪਾਸੇ (ਫੇਜ਼-1 ਦੇ ਰਿਹਾਇਸ਼ੀ ਏਰੀਆ ਵੱਲ) ਛੱਡਦੇ ਹਨ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਇਸ ਤੋਂ ਇਲਾਵਾ ਕਈ ਹੋਟਲਾਂ ਅਤੇ ਸ਼ੋਅਰੂਮਾਂ ਵਾਲਿਆਂ ਨੇ ਆਪਣੇ ਸੀਵਰੇਜ ਕੁਨੈਕਸ਼ਨ ਵੀ ਗਲਤ ਤਰੀਕੇ ਨਾਲ ਰਿਹਾਇਸ਼ੀ ਖੇਤਰ ਦੇ ਸੀਵਰੇਜ ਨਾਲ ਜੋੜ ਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਹੋਟਲਾਂ ਅਤੇ ਰੈਸਟੋਰੈਂਟਾਂ ਵਾਲੇ ਆਪਣੀ ਰਹਿੰਦ ਖੂੰਹਦ ਅਤੇ ਖਰਾਬ ਤੇ ਵਰਤਿਆ ਹੋਇਆ ਕਾਲਾ ਤੇਲ ਵੀ ਸੀਵਰੇਜ ਵਿੱਚ ਸੁੱਟਿਆ ਜਾ ਰਿਹਾ ਹੈ। ਜਿਸ ਕਾਰਨ ਰਿਹਾਇਸ਼ੀ ਖੇਤਰ ਦਾ ਸੀਵਰੇਜ ਜਾਮ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਾਰਕੀਟ ਦੇ ਇੱਕ ਸ਼ੋਅ-ਰੂਮ ਦਾ ਸੀਵਰੇਜ ਪਿਛਲੇ ਕਾਫੀ ਸਮੇਂ ਤੋਂ ਰਿਹਾਇਸ਼ੀ ਖੇਤਰ ਵੱਲ ਪਿਛਲੀ ਸੜਕ ’ਤੇ ਸੁੱਟਿਆ ਜਾ ਰਿਹਾ ਹੈ। ਜਿਸ ਕਾਰਨ ਇੱਥੇ ਗੰਦਗੀ ਫੈਲਣ ਕਾਰਨ ਲੋਕਾਂ ਨੂੰ ਆਪਣੇ ਨੱਕ ’ਤੇ ਰੁਮਾਲ ਰੱਖ ਕੇ ਇੱਧਰੋਂ ਲੰਘਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਵਿਭਾਗ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਮੌਕੇ ਐਡਵੋਕੇਟ ਅਮਰਦੀਪ ਕੌਰ, ਗੁਰਜੀਤ ਸਿੰਘ, ਸਾਧੂ ਸਿੰਘ, ਫੂਲਾ ਸਿੰਘ, ਜਸਬੀਰ ਸਿੰਘ, ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼-1 ਦੇ ਮੀਤ ਪ੍ਰਧਾਨ ਹਰਬਿੰਦਰ ਸਿੰਘ ਸੈਣੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ