ਮੁਹਾਲੀ ਵਿੱਚ ਚੋਣ ਮੈਦਾਨ ਭਖਿਆ, ਅਕਾਲੀ ਦਲ ਨੇ ਪਰਵਿੰਦਰ ਸੋਹਾਣਾ ਨੂੰ ਚੋਣ ਮੈਦਾਨ ’ਚ ਉਤਾਰਿਆ

ਖੇਤੀ ਕਾਨੂੰਨ: ਪਰਵਿੰਦਰ ਨੇ ਮੁਹਾਲੀ ਵਿੱਚ ਸੰਘਰਸ਼ ਨੂੰ ਭਖਾ ਕੇ ਰੱਖਣ ਵਿੱਚ ਪਾਇਆ ਵੱਡਾ ਯੋਗਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਲੰਮੇ ਸਮੇਂ ਬਾਅਦ ਐਤਕੀਂ ਸਥਾਨਕ ਆਗੂ ਪਰਵਿੰਦਰ ਸਿੰਘ ਬੈਦਵਾਨ ਸੋਹਾਣਾ ਨੂੰ ਮੁਹਾਲੀ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦੋਂਕਿ ਇਸ ਤੋਂ ਪਹਿਲਾਂ ਹਮੇਸ਼ਾ ਪੈਰਾਸ਼ੂਟ ਉਮੀਦਵਾਰਾਂ ਨੂੰ ਟਿਕਟ ਦੇ ਕੇ ਵਰਕਰਾਂ ਉੱਤੇ ਥੋਪਿਆ ਜਾਂਦਾ ਰਿਹਾ ਹੈ, ਜਿਸ ਦਾ ਪਾਰਟੀ ਨੂੰ ਹਰ ਵਾਰ ਚੋਣ ਹਾਰ ਕੇ ਨੁਕਸਾਨ ਵੀ ਝੱਲਣਾ ਪੈਂਦਾ ਰਿਹਾ ਹੈ। ਪਰਵਿੰਦਰ ਸਿੰਘ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਮੁਹਾਲੀ ਵਿੱਚ ਸੰਘਰਸ਼ ਨੂੰ ਭਖਾ ਕੇ ਰੱਖਣ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਪਿਤਾ ਭਗਤ ਸਿੰਘ ਬੈਦਵਾਨ ਦਰਵੇਸ ਸਿਆਸਤਦਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਬਹੁਤ ਨੇੜਲੇ ਸਾਥੀਆਂ ’ਚੋਂ ਇਕ ਸਨ ਅਤੇ ਕਾਫ਼ੀ ਸਮਾਂ ਪਿੰਡ ਦੇ ਸਰਪੰਚ ਰਹੇ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਵਿੰਦਰ ਨੇ ਆਪਣੇ ਪਿਤਾ ਦੀ ਵਿਰਾਸਤ ਨੂੰ ਬਾਖ਼ੂਬੀ ਨਾਲ ਸਾਂਭਿਆ ਹੈ। ਮੌਜੂਦਾ ਸਮੇਂ ਵਿੱਚ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਭਰੋਸੇਯੋਗ ਆਗੂਆਂ ਵਿੱਚ ਗਿਣੇ ਜਾਂਦੇ ਹਨ। ਲੋਕਲ ਪੱਧਰ ’ਤੇ ਵੀ ਉਸ ਦੀ ਪਾਰਟੀ ਲੀਡਰਸ਼ਿਪ ’ਤੇ ਪਕੜ ਮਜ਼ਬੂਤ ਹੈ।
ਅੱਜ ਦੇਰ ਸ਼ਾਮ ਪਰਵਿੰਦਰ ਸਿੰਘ ਨੂੰ ਟਿਕਟ ਮਿਲਣ ਦਾ ਐਲਾਨ ਹੁੰਦੇ ਹੀ ਸੀਨੀਅਰ ਆਗੂ ਅਤੇ ਪਾਰਟੀ ਅਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ। ਇਸ ਉਪਰੰਤ ਪਰਵਿੰਦਰ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਪ੍ਰਬੰਧਕਾਂ ਨੇ ਅਕਾਲੀ ਆਗੂਆਂ ਅਤੇ ਮਾਤਾ ਬਲਬੀਰ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਹਾਲਾਂਕਿ ਪਰਵਿੰਦਰ ਸਿੰਘ ਨੂੰ ਸਿਆਸਤ ਦੀ ਗੂੜਤੀ ਆਪਣੇ ਪਿਤਾ ਤੋਂ ਵਿਰਾਸਤ ਵਿੱਚ ਮਿਲੀ ਸੀ ਪਰ ਉਸ ਨੇ 2005-06 ਵਿੱਚ ਸਿਆਸਤ ਵਿੱਚ ਪੱਕੇ ਪੈਰੀ ਪ੍ਰਵੇਸ਼ ਕੀਤਾ ਸੀ। ਉਦੋਂ ਪਾਰਟੀ ਨੇ ਉਸ ਨੂੰ ਬਹੁਤ ਛੋਟੀ ਉਮਰ ਵਿੱਚ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਦਿੱਤੀ। ਇਸ ਤੋਂ ਬਾਅਦ ਉਹ ਪਿੰਡ ਸੋਹਾਣਾ ਦੇ ਸਰਪੰਚ ਬਣੇ ਅਤੇ ਕਾਫੀ ਸਮਾਂ ਸਰਪੰਚ ਰਹੇ। ਪਿਛਲੀ ਅਕਾਲੀ ਸਰਕਾਰ ਦੌਰਾਨ ਉਨ੍ਹਾਂ ਨੂੰ ਲੇਬਰਫੈੱਡ ਪੰਜਾਬ ਦਾ ਐਮਡੀ ਅਤੇ ਵਾਈਸ ਚੇਅਰਮੈਨ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ। ਪਿਛਲੀ ਵਾਰ ਉਹ ਸੋਹਾਣਾ ਤੋਂ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਦੀ ਚੋਣ ਲੜੀ ਸੀ ਅਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ ਪ੍ਰੰਤੂ ਇਸ ਵਾਰ ਸਥਾਨਕ ਆਗੂਆਂ ਦੀ ਧੜੇਬੰਦੀ ਕਾਰਨ ਵੱਡੀ ਗਿਣਤੀ ਵਿੱਚ ਸਾਬਕਾ ਕੌਸਲਰਾਂ ਨੇ ਆਜ਼ਾਦ ਗਰੁੱਪ ਨਾਲ ਮਿਲ ਕੇ ਚੋਣ ਲੜੀ ਸੀ ਅਤੇ ਐਤਕੀਂ ਉਨ੍ਹਾਂ ਦੀ ਪਤਨੀ ਹਰਜਿੰਦਰ ਕੌਰ ਆਜ਼ਾਦ ਕੌਂਸਲਰ ਚੁਣੇ ਗਏ ਹਨ। ਜਦੋਂਕਿ ਉਨ੍ਹਾਂ ਦੀ ਮਾਤਾ ਬਲਬੀਰ ਕੌਰ ਬਲਾਕ ਸੰਮਤੀ ਦੀ ਮੈਂਬਰ ਰਹਿ ਚੁੱਕੇ ਹਨ। ਇਸ ਮੌਕੇ ਪਰਵਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਅਕਾਲੀ ਵਿਧਾਇਕ ਐਨਕੇ ਸ਼ਰਮਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਤੋਂ ਚੋਣ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।

ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਲੈ ਕੇ ਪਰਵਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਪੁਆਧ ਇਲਾਕਾ ਮੁਹਾਲੀ ਦੀ ਕਿਸਾਨ ਸਭਾ ਬਣਾ ਕੇ ਸੋਹਾਣਾ ਗੁਰਦੁਆਰੇ ਦੇ ਬਾਹਰ ਕਿਸਾਨਾਂ ਦੇ ਹੱਕ ਵਿੱਚ ਲੜੀਵਾਰ ਭੁੱਖ-ਹੜਤਾਲ ਅਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਖ਼ਤਮ ਕਰਵਾਇਆ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਆਜ਼ਾਦ ਕੌਂਸਲਰ ਹਰਜਿੰਦਰ ਕੌਰ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ, ਯੂਥ ਵਿੰਗ ਮੁਹਾਲੀ ਦੇ ਪ੍ਰਧਾਨ ਕੈਪਟਨ ਰਮਨਦੀਪ ਸਿੰਘ ਬਾਵਾ, ਪਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਅਮਨ ਪੂਨੀਆ, ਨੰਬਰਦਾਰ ਕਰਮਜੀਤ ਸਿੰਘ, ਇਸ਼ਪ੍ਰੀਤ ਸਿੰਘ ਵਿੱਕੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…