ਅਕਾਲੀ ਦਲ ਨੇ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਬਲਬੀਰ ਸਿੱਧੂ ਵਿਰੁੱਧ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਸ਼ਹਿਰ ਵਿੱਚ ਲੱਗੇ ਵਿਕਾਸ ਕਾਰਜਾਂ ਦੇ ਹੋਰਡਿੰਗ ਬੋਰਡ: ਬਰਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੇ ਪ੍ਰਚਾਰ ਸਬੰਧੀ ਸੜਕਾਂ ’ਤੇ ਵੱਡੇ-ਵੱਡੇ ਬੋਰਡ ਲਗਾਏ ਹੋਏ ਹਨ ਜੋ ਕਿ ਸ਼ਰ੍ਹੇਆਮ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਅਤੇ ਨਿਗਮ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਸਹਾਇਕ ਆਬਜ਼ਰਬਰ ਚਰਨਜੀਤ ਸਿੰਘ ਬਰਾੜ ਨੇ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸ੍ਰੀ ਬਰਾੜ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਕੈਬਨਿਟ ਮੰਤਰੀ ਸਿੱਧੂ ਸ਼ਰ੍ਹੇਆਮ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਜਦੋਂ ਚੋਣਾਂ ਦਾ ਐਲਾਨ ਹੋ ਜਾਂਦਾ ਹੈ ਤਾਂ ਉਸ ਸਮੇਂ ਦੌਰਾਨ ਕੋਈ ਵੀ ਪਾਰਟੀ ਆਪਣੇ ਵਿਕਾਸ ਕਾਰਜਾਂ ਦੇ ਪ੍ਰਚਾਰ ਸਬੰਧੀ ਕੋਈ ਹੋਰਡਿੰਗ ਬੋਰਡ ਨਹੀਂ ਲਗਾ ਸਕਦੀ ਹੈ ਪ੍ਰੰਤੂ ਇਸ ਦੇ ਬਾਵਜੂਦ ਸਿੱਧੂ ਨੇ ਆਪਣੇ ਛੋਟੇ ਭਰਾ ਅਤੇ ਕਾਂਗਰਸ ਉਮੀਦਵਾਰਾਂ ਦੀ ਮਦਦ ਨਾਲ ਸ਼ਹਿਰ ਵਿੱਚ ਥਾਂ-ਥਾਂ ਹੋਰਡਿੰਗ ਬੋਰਡ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਮੰਤਰੀ ਨੇ ਆਪਣੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੁਹਾਲੀ ਦੇ ਮੇਅਰ ਅਹੁਦੇ ਦੇ ਉਮੀਦਵਾਰ ਵਜੋਂ ਵਾਰਡ ਨੰਬਰ-10 ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸ੍ਰੀ ਬਰਾੜ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਕੈਬਨਿਟ ਮੰਤਰੀ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਸੜਕਾਂ ਕਿਨਾਰੇ ਵਿਕਾਸ ਕਾਰਜਾਂ ਦੇ ਪ੍ਰਚਾਰ ਸਬੰਧੀ ਲੱਗੇ ਬੋਰਡਾਂ ਨੂੰ ਤੁਰੰਤ ਪ੍ਰਭਾਵ ਨਾਲ ਉਤਾਰਿਆ ਜਾਵੇ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…