
ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕੁਸ਼ਲਪਾਲ ਸਿੰਘ ਮਾਨ ਹੋਣਗੇ ਪਾਰਟੀ ਦੇ ਉਮੀਦਵਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਮੁਹਾਲੀ ਅਤੇ ਜ਼ਿਲ੍ਹਾ ਰੂਪਨਗਰ ਦੇ ਸੀਨੀਅਰ ਅਹੁਦੇਦਾਰਾਂ ਦੀ ਮੀਟਿੰਗ ਅੱਜ ਇੱਥੇ ਦਲਜੀਤ ਸਿੰਘ ਕੁੰਭੜਾ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਦੀ ਸੱਦੀ ਇਸ ਪਹਿਲੀ ਮੀਟਿੰਗ ਵਿੱਚ ਪਾਰਟੀ ਵਰਕਰਾਂ, ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਦੀ ਰੂਪਰੇਖਾ ਤਿਆਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਸ੍ਰੀ ਕੁੰਭੜਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਹਲਕਾ ਸ੍ਰੀ ਆਨੰਦਪੁਰ ਸਾਹਿਬ ਲਈ ਕੁਸ਼ਲਪਾਲ ਸਿੰਘ ਮਾਨ ਨੂੰ ਉਮੀਦਵਾਰ ਐਲਾਨ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੋਟਰ ਅਤੇ ਸਮਰਥਕ ਆਪੋ ਆਪਣੀਆਂ ਜ਼ਿੰਮੇਵਾਰੀਆਂ ਹੁਣ ਤੋਂ ਹੀ ਸੰਭਾਲ ਲੈਣ। ਉਨ੍ਹਾਂ ਦੱਸਿਆ ਕਿ ਕੁਸ਼ਲਪਾਲ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਬਤੌਰ ਜਨਰਲ ਸਕੱਤਰ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਜੋ ਕਿ ਪਾਰਟੀ ਦੇ ਸਕੱਤਰ ਜਨਰਲ ਸਵਰਗੀ ਜਸਵੰਤ ਸਿੰਘ ਮਾਨ ਦੇ ਸਪੁੱਤਰ ਹਨ। ਮੀਟਿੰਗ ਵਿੱਚ ਦਲਜੀਤ ਸਿੰਘ ਕੁੰਭੜਾ ਦੇ ਨਾਲ ਕੁਸ਼ਲਪਾਲ ਸਿੰਘ ਮਾਨ ਜਨਰਲ ਸਕੱਤਰ, ਬਲਕਾਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਪਟਿਆਲਾ, ਸੁਖਵਿੰਦਰ ਸਿੰਘ ਭਾਟੀਆ ਪ੍ਰਧਾਨ ਮੁਹਾਲੀ ਸ਼ਹਿਰੀ, ਰਣਜੀਤ ਸਿੰਘ ਸੰਤੋਖਗੜ੍ਹ ਜ਼ਿਲ੍ਹਾ ਪ੍ਰਧਾਨ ਰੂਪਨਗਰ, ਬੀਬੀ ਬਲਵਿੰਦਰ ਕੌਰ, ਜਥੇਦਾਰ ਬਲਬੀਰ ਸਿੰਘ ਸੋਹਾਣਾ, ਗੁਰਮੁੱਖ ਸਿੰਘ ਮਟੌਰ, ਗੁਰਮੀਤ ਸਿੰਘ ਸੈਦਪੁਰ, ਸੇਵਾ ਸਿੰਘ ਗੀਗਮਾਜਰਾ, ਅਵਤਾਰ ਸਿੰਘ ਢੇਰੀ, ਰੁਪਿੰਦਰ ਸਿੰਘ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।